ਨਵੀਂ ਦਿੱਲੀ (ਸਮਾਜ ਵੀਕਲੀ):ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਲੋਕ ਸਭਾ ਵਿਚ ਰੋਸ ਜ਼ਾਹਿਰ ਕਰ ਰਹੇ ਵਿਰੋਧੀ ਧਿਰ ਦੇ ਆਗੂਆਂ ’ਤੇ ਵਿਅੰਗ ਕਸਦਿਆਂ ਕਿਹਾ ਕਿ ਜੇ ਉਹ ਵਾਕਈ ਕਿਸਾਨਾਂ ਬਾਰੇ ਫ਼ਿਕਰਮੰਦ ਹਨ ਤਾਂ ਉਨ੍ਹਾਂ ਨੂੰ ਸਦਨ ਦੀ ਕਾਰਵਾਈ ਚੱਲਣ ਦੇਣੀ ਚਾਹੀਦੀ ਹੈ। ਉਨ੍ਹਾਂ ਇਹ ਟਿੱਪਣੀ ਇਕ ਸਵਾਲ ਦਾ ਜਵਾਬ ਦਿੰਦਿਆਂ ਕੀਤੀ ਜੋ ਕਿ ਕਿਸਾਨਾਂ ਲਈ ਚੱਲ ਰਹੀ ਇਕ ਬੀਮਾ ਸਕੀਮ ਬਾਰੇ ਸੀ। ਪ੍ਰਸ਼ਨ ਕਾਲ ਦੌਰਾਨ ਅੱਜ ਵੀ ਵਿਰੋਧੀ ਧਿਰ ਦੇ ਮੈਂਬਰ ਕਈ ਮੁੱਦਿਆਂ ’ਤੇ ਨਾਅਰੇਬਾਜ਼ੀ ਕਰਦੇ ਹਨ ਜਿਨ੍ਹਾਂ ਵਿਚ ਪੈਗਾਸਸ ਜਾਸੂਸੀ ਤੇ ਖੇਤੀ ਕਾਨੂੰਨਾਂ ਦੇ ਮੁੱਦੇ ਵੀ ਸ਼ਾਮਲ ਸਨ।
ਤੋਮਰ ਨੇ ਕਿਹਾ ਕਿ ਕਿਸਾਨਾਂ ਨਾਲ ਜੁੜੇ 15 ਸਵਾਲ ਹਨ। ਜੇ ਵਿਰੋਧੀ ਧਿਰ ਦੇ ਮੈਂਬਰ ਸਚਮੁੱਚ ਕਿਸਾਨਾਂ ਬਾਰੇ ਚਿੰਤਾ ਕਰਦੇ ਹਨ ਤਾਂ ਉਨ੍ਹਾਂ ਨੂੰ ਸਰਕਾਰ ਦਾ ਪੱਖ ਸੁਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ‘ਇਸ ਤਰ੍ਹਾਂ ਅੜਿੱਕਾ ਪਾਉਣਾ ਸੰਸਦ ਦਾ ਮਿਆਰ ਡੇਗ ਰਿਹਾ ਹੈ।’ ਜ਼ਿਕਰਯੋਗ ਹੈ ਕਿ ਵਿਰੋਧੀ ਸਿਆਸੀ ਧਿਰਾਂ ਤੇ ਕਿਸਾਨ ਸੰਸਦ ਦੇ ਮੌਨਸੂਨ ਇਜਲਾਸ ਦੌਰਾਨ ਲਗਾਤਾਰ ਖੇਤੀ ਕਾਨੂੰਨਾਂ ਦਾ ਮੁੱਦਾ ਉਠਾ ਕੇ ਇਨ੍ਹਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਵਿਰੋਧੀ ਧਿਰਾਂ ਪੈਗਾਸਸ ਮਾਮਲੇ ਵਿਚ ਲੱਗੇ ਜਾਸੂਸੀ ਦੇ ਦੋਸ਼ਾਂ ’ਤੇ ਵਿਚਾਰ-ਚਰਚਾ ਦੀ ਮੰਗ ਵੀ ਕਰ ਰਹੀਆਂ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly