ਨਵੀਂ ਦਿੱਲੀ (ਸਮਾਜ ਵੀਕਲੀ): ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਅੱਜ ਸੰਸਦ ਮੈਂਬਰਾਂ ਦਾ ਵਫਦ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲਿਆ। ਵਫ਼ਦ ਨੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਉਹ ਐੱਨਡੀਏ ਸਰਕਾਰ ਨੂੰ ਚਾਲੂ ਸੰਸਦੀ ਸੈਸ਼ਨ ਦੌਰਾਨ ਤਿੰਨ ਖੇਤੀ ਕਾਨੂੰਨ ਰੱਦ ਕਰਨ ਸਮੇਤ ਪ੍ਰਮੁੱਖ ਮਸਲੇ ਨਜਿੱਠਣ ਦੀ ਸਲਾਹ ਦੇਣ। ਵਫ਼ਦ ’ਚ ਬਲਵਿੰਦਰ ਸਿੰਘ ਭੂੰਦੜ, ਬਸਪਾ ਦੇ ਰਿਤੇਸ਼ ਪਾਂਡੇ, ਜੰਮੂ ਕਸ਼ਮੀਰ ਨੈਸ਼ਨਲ ਕਾਨਫਰੰਸ ਤੋਂ ਹਸਨੈਨ ਮਸੂਦੀ ਤੇ ਐੱਨਸੀਪੀ ਤੋਂ ਫੈਜ਼ਲ ਮੁਹੰਮਦ ਸ਼ਾਮਲ ਸਨ।
ਹਰਸਿਮਰਤ ਬਾਦਲ ਨੇ ਰਾਸ਼ਟਰਪਤੀ ਨੂੰ ਦੱਸਿਆ ਕਿ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਦਿੱਤੇ ਬਿਆਨ ਕਿ ਸਰਕਾਰ ਕੋਲ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਦਾ ਕੋਈ ਵੇਰਵਾ ਨਹੀਂ ਹੈ, ਨਾਲ ਇਨ੍ਹਾਂ ਪਰਿਵਾਰਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਇਹ ਬਿਆਨ ਕਿਸਾਨ ਅੰਦੋਲਨ ਤੇ ਇਸ ਦੇ ਸ਼ਹੀਦਾਂ ਨੂੰ ਛੋਟਾ ਕਰ ਕੇ ਵਿਖਾਉਣ ਦੇ ਯਤਨ ਵਜੋਂ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਮੇਤ ਵਿਰੋਧੀ ਪਾਰਟੀਆਂ ਨੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੇ ਮਾਮਲੇ ’ਤੇ ਕੰਮ ਰੋਕੂ ਮਤੇ ਪੇਸ਼ ਕੀਤੇ ਪਰ ਇਨ੍ਹਾਂ ਦੀ ਆਗਿਆ ਨਹੀਂ ਦਿੱਤੀ ਗਈ।
ਸੰਸਦ ਮੈਂਬਰਾਂ ਨੇ ਪੈਗਾਸਸ ਸਪਾਈਵੇਅਰ ਰਾਹੀਂ ਜਾਸੂਸੀ ਦਾ ਮਾਮਲਾ ਵੀ ਰਾਸ਼ਟਰਪਤੀ ਦੇ ਧਿਆਨ ’ਚ ਲਿਆਂਦਾ। ਸੰਸਦ ਮੈਂਬਰਾਂ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਦਾ ਜਵਾਬ ਦੇਵੇ ਤੇ ਦੱਸੇ ਕਿ ਉਸ ਨੇ ਆਪਣੇ ਨਾਗਰਿਕਾਂ ’ਤੇ ਇਸ ਤਰੀਕੇ ਨਿਗਰਾਨੀ ਕਿਉਂ ਰੱਖੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly