ਨਵੀਂ ਦਿੱਲੀ (ਸਮਾਜ ਵੀਕਲੀ): ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਖੁਸ਼ਹਾਲੀ ਤੇ ਕਿਸਾਨ ਅੰਦੋਲਨ ਦੀ ਚੜ੍ਹਦੀ ਕਲਾ ਸਬੰਧੀ ਪੰਜਾਬ ਦੇ ਵਿਧਾਇਕਾਂ ਨਾਲ ਵਿਚਾਰ-ਚਰਚਾ ਕੀਤੀ। ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਹੇਠ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਸਮੇਤ ‘ਆਪ’ ਵਿਧਾਇਕਾਂ ਨਾਲ ਮੁੱਖ ਮੰਤਰੀ ਦੀ ਰਿਹਾਇਸ਼ ’ਚ ਰੱਖੀ ਗਈ ਇਹ ਮੀਟਿੰਗ ਕਰੀਬ ਤਿੰਨ ਘੰਟੇ ਚੱਲੀ। ਮੀਟਿੰਗ ਦੌਰਾਨ ਕੇਜਰੀਵਾਲ ਨੇ ਜਿੱਥੇ 2022 ਦੀਆਂ ਚੋਣਾਂ ਸਬੰਧੀ ਵਿਚਾਰ-ਵਟਾਂਦਰੇ ਕੀਤੇ, ਉਥੇ ਹੀ ਕਿਸਾਨ ਅੰਦੋਲਨ ਦੀ ਮਜ਼ਬੂਤੀ ਲਈ ਵੀ ਸੁਝਾਅ ਮੰਗੇ।
ਪੰਜਾਬ ਵਿਧਾਨ ਸਭਾ ਚੋਣਾਂ ’ਚ ਪੰਜਾਬ ਨੂੰ ਮਾਫੀਆ ਮੁਕਤ ਕਰਵਾਉਣ ਲਈ ਉਨ੍ਹਾਂ ਵਿਧਾਇਕਾਂ ਨੂੰ ਸਕਾਰਾਤਮਕ ਲਕੀਰ ਖਿੱਚਣ ’ਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰ ਘਰ-ਘਰ ਪਹੁੰਚ ਕਰ ਕੇ ਲੋਕਾਂ ਨੂੰ ਦੱਸਣ ਕਿ ਆਮ ਆਦਮੀ ਪਾਰਟੀ ਕਿਹੜੀਆਂ ਵਿਕਾਸ ਮੁਖੀ ਨੀਤੀਆਂ ਨਾਲ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਪੰਜਾਬ ਅਤੇ ਪੰਜਾਬੀਆਂ ਨੂੰ ਸੰਕਟ ’ਚੋਂ ਬਾਹਰ ਕੱਢ ਸਕਦੀ ਹੈ। ਇਸ ਦੌਰਾਨ ਕੇਜਰੀਵਾਲ ਨੇ ਸਾਰੇ ਵਿਧਾਇਕਾਂ ਕੋਲੋਂ ਉਨ੍ਹਾਂ ਦੇ ਹਲਕਿਆਂ ਦੀ ਬੂਥ ਪੱਧਰ ਤੱਕ ਦੀ ਜਾਣਕਾਰੀ ਲਈ। ਇਸ ਦੌਰਾਨ ਭਗਵੰਤ ਮਾਨ ਨੇ ਪੰਜਾਬ ਦੇ ਸਿਆਸੀ ਆਰਥਿਕ ਅਤੇ ਸਮਾਜਿਕ ਹਲਾਤ ਬਾਰੇ ਚਾਨਣਾ ਪਾਇਆ।
ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸਹਿ ਇੰਚਾਰਜ ਰਾਘਵ ਚੱਢਾ, ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਗੁਰਮੀਤ ਸਿੰਘ ਮੀਤ ਹੇਅਰ, ਪ੍ਰਿੰਸੀਪਲ ਬੁੱਧ ਰਾਮ, ਅਮਨ ਅਰੋੜਾ, ਪ੍ਰੋ. ਬਲਜਿੰਦਰ ਕੌਰ, ਜੈ ਕਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ, ਰੁਪਿੰਦਰ ਕੌਰ ਰੂਬੀ, ਕੁਲਵੰਤ ਸਿੰਘ ਪੰਡੋਰੀ, ਮਾਸਟਰ ਬਲਦੇਵ ਸਿੰਘ ਜੈਤੋ ਤੇ ਅਮਰਜੀਤ ਸਿੰਘ ਸੰਦੋਆ ਮੌਜੂਦ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly