ਚੰਡੀਗੜ੍ਹ (ਸਮਾਜ ਵੀਕਲੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਦੀ ਥਾਂ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦਾ ਨਿਰੋਲ ਪ੍ਰਸ਼ਾਸਕ ਨਿਯੁਕਤ ਕਰਨ ਦੀ ਤਜਵੀਜ਼ ਨੂੰ ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦਾ ਇੱਕ ਹੋਰ ਯਤਨ ਕਰਾਰ ਦਿੱਤਾ ਤੇ ਕਿਹਾ ਕਿ ਅਕਾਲੀ ਦਲ ਇਸ ਤਜਵੀਜ਼ ਦਾ ਪੁਰਜ਼ੋਰ ਵਿਰੋਧ ਕਰੇਗਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ, ਪੰਜਾਬ ਦਾ ਅਨਿੱਖੜਵਾਂ ਅੰਗ ਹੈ ਤੇ ਜਿੰਨੀ ਛੇਤੀ ਸੰਭਵ ਹੋ ਸਕੇ, ਇਸ ਨੂੰ ਪੰਜਾਬ ਨੂੰ ਦਿੱਤਾ ਜਾਣਾ ਚਾਹੀਦਾ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਦੋਂ ਤੱਕ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਪੰਜਾਬ ਨੂੰ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਇਸ ਦਾ ਨਿਰੋਲ ਪ੍ਰਸ਼ਾਸਕ ਪਿੱਤਰੀ ਰਾਜ ਪੰਜਾਬ ਵਿੱਚੋਂ ਹੋਣਾ ਚਾਹੀਦਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਪੁਨਰਗਠਨ ਸਮੇਂ ਲਏ ਗਏ ਸਾਰੇ ਫ਼ੈਸਲਿਆਂ ਦੀ ਇੱਕ ਤੋਂ ਬਾਅਦ ਇੱਕ ਉਲੰਘਣਾ ਕੀਤੀ ਜਾ ਰਹੀ ਹੈ। ਕੇਂਦਰ ਨੇ ਪੰਜਾਬ ਵਿਰੋਧੀ ਤਜਵੀਜ਼ ਤਿਆਰ ਕੀਤੀ ਹੈ, ਜੋ ਸੰਵਿਧਾਨ ਦੀ ਭਾਵਨਾ ਦੇ ਉਲਟ ਹੈ। ਅਕਾਲੀ ਦਲ ਸੰਘਰਸ਼ ਵਿੱਢ ਕੇ ਯਕੀਨੀ ਬਣਾਵੇਗਾ ਕਿ ਇਹ ਕਦਮ ਸਿਰੇ ਨਾ ਚੜ੍ਹੇ।
ਮੁੱਖ ਮੰਤਰੀ ਨੂੰ ਮਾਮਲਾ ਪ੍ਰਧਾਨ ਮੰਤਰੀ ਕੋਲ ਚੁੱਕਣ ਦੀ ਅਪੀਲ
ਸੁਖਬੀਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਇਹ ਮਾਮਲਾ ਕੇਂਦਰ ਸਰਕਾਰ ਕੋਲ ਚੁੱਕਣ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਰਬ ਪਾਰਟੀ ਵਫ਼ਦ ਦੇ ਹਿੱਸੇ ਵਜੋਂ ਪ੍ਰਧਾਨ ਮੰਤਰੀ ਕੋਲ ਜਾਣ ਵਾਸਤੇ ਤਿਆਰ ਹੈ। ਉਨ੍ਹਾਂ ਕਿਹਾ ਕਿ ਜੇ ਮੁੱਖ ਮੰਤਰੀ ਨੇ ਪਹਿਲਕਦਮੀ ਨਾ ਕੀਤੀ ਤਾਂ ਅਕਾਲੀ ਦਲ ਖ਼ੁਦ ਪ੍ਰਧਾਨ ਮੰਤਰੀ ਕੋਲ ਪਹੁੰਚ ਕਰੇਗਾ ਤੇ ਇਹ ਤਜਵੀਜ਼ ਲਾਗੂ ਨਾ ਕਰਨ ਦੀ ਮੰਗ ਕਰੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly