- ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੇ ਮੁੱਖ ਮੰਤਰੀ ਤੋਂ ਲਈ ਜਾਣਕਾਰੀ
- ਸ਼ਿਵਰਾਜ ਚੌਹਾਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
ਭੋਪਾਲ (ਸਮਾਜ ਵੀਕਲੀ): ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਦੱਸਿਆ ਕਿ ਸੂਬੇ ਦੇ ਉੱਤਰੀ ਹਿੱਸੇ ਵਿੱਚ ਭਾਰੀ ਮੀਂਹ ਕਾਰਨ ਹੜ੍ਹਾਂ ਦੀ ਸਥਿਤੀ ਗੰਭੀਰ ਹੋ ਗਈ ਹੈ ਤੇ ਆਫ਼ਤ ਪ੍ਰਬੰਧਨ ਤੇ ਸੁਰੱਖਿਆ ਬਲਾਂ ਦੀ ਸਹਾਇਤਾ ਨਾਲ 5950 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ 1950 ਵਿਅਕਤੀ ਅਜੇ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਫਸੇ ਹੋਏ ਹਨ, ਜਿਨ੍ਹਾਂ ਨੂੰ ਬਚਾਉਣ ਲਈ ਰਾਹਤ ਕਾਰਜ ਜਾਰੀ ਹਨ।
ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸ਼ਿਵਪੁਰੀ ਤੇ ਗਵਾਲੀਅਰ ਵਿਚਕਾਰ ਰੇਲ ਸੇਵਾ ਤੇ ਮੁਰੈਨਾ ਵਿੱਚ ਸੰਚਾਰ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ। ਅੱਜ ਹੈਲੀਕੈਪਟਰਾਂ ਰਾਹੀਂ ਬਚਾਅ ਕਾਰਜ ਸ਼ੁਰੂ ਕੀਤਾ ਗਿਆ, ਜਦਕਿ ਬੀਤੇ ਦਿਨ ਖ਼ਰਾਬ ਮੌਸਮ ਕਾਰਨ ਬਚਾਅ ਕਾਰਜ ਪ੍ਰਭਾਵਿਤ ਹੋਏ ਸਨ। ਉਨ੍ਹਾਂ ਨੇ ਅੱਜ ਦੁਪਹਿਰ ਵੇਲੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਵੀ ਕੀਤਾ। ਉਨ੍ਹਾਂ ਦੱਸਿਆ ਕਿ ਕੁਝ ਖੇਤਰਾਂ ਵਿੱਚ ਪਾਣੀ ਦਾ ਪੱਧਰ ਘਟ ਰਿਹਾ ਹੈ। ਸ਼ਿਓਪੁਰ ਜ਼ਿਲ੍ਹੇ ਦੇ ਕੁਝ ਪਿੰਡ ਪੂਰੀ ਤਰ੍ਹਾਂ ਪਾਣੀ ’ਚ ਘਿਰ ਗਏ ਹਨ ਪਰ ਉੱਥੇ ਫਸੇ ਕੁਝ ਲੋਕ ਸੁਰੱਖਿਅਤ ਹਨ। ਇਸ ਤੋਂ ਇਲਾਵਾ ਦਤੀਆ ਜ਼ਿਲ੍ਹੇ ਵਿੱਚ ਕੁਝ ਥਾਵਾਂ ’ਤੇ ਲੋਕਾਂ ਨੂੰ ਹੈਲੀਕਾਪਟਰ ਦੀ ਮਦਦ ਨਾਲ ਬਚਾਇਆ ਗਿਆ ਹੈ ਕਿਉਂਕਿ ਇੱਥੇ ਹੜ੍ਹ ਕਾਰਨ ਸਾਰੀਆਂ ਮੁੱਖ ਸੜਕਾਂ ਬੰਦ ਹਨ।
ਮੁੱਖ ਮੰਤਰੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ ਤੇ ਹੜ੍ਹਾਂ ਦੀ ਸਥਿਤੀ ਤੋਂ ਜਾਣੂ ਕਰਵਾਇਆ। ਸ੍ਰੀ ਮੋਦੀ ਨੇ ਟਵੀਟ ਕੀਤਾ, ‘ਕੇਂਦਰ ਸਰਕਾਰ, ਮੱਧ ਪ੍ਰਦੇਸ਼ ’ਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਸੂਬਾ ਸਰਕਾਰ ਨਾਲ ਮਿਲ ਕੇ ਕੰਮ ਕਰ ਰਹੀ ਹੈ। ਮੈਂ, ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਗੱਲਬਾਤ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ ਹੈ।’ ਟੈਲੀਫੋਨ ’ਤੇ ਹੋਈ ਗੱਲਬਾਤ ਦੌਰਾਨ ਸ੍ਰੀ ਸ਼ਾਹ ਨੇ ਹਾਲਾਤ ਨਾਲ ਨਿਪਟਣ ਲਈ ਮੱਧ ਪ੍ਰਦੇਸ਼ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly