ਨਵੀਂ ਦਿੱਲੀ (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸੰਸਦ ਮੈਂਬਰ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਜ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ਅਕਾਲੀ ਦਲ ਦੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਸੰਸਦ ਦੇ ਬਾਹਰ ਕਿਸਾਨ ਹਮਾਇਤੀ ਹੋਣ ਦਾ ਡਰਾਮਾ ਕਰ ਰਹੀ ਹੈ, ਜਦੋਂਕਿ ਸਦਨ ਦੇ ਅੰਦਰ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ’ਤੇ ਚਰਚਾ ਕਰਨ ਦਾ ਮੁੱਦਾ ਚੁੱਕਣ ਤੋਂ ਇਨਕਾਰੀ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਢਾਈ ਹਫ਼ਤਿਆਂ ਤੋਂ ਸੰਸਦ ਦਾ ਸੈਸ਼ਨ ਚੱਲ ਰਿਹਾ ਹੈ ਤੇ ਕਾਂਗਰਸ ਲਗਾਤਾਰ ਪੈਗਾਸਸ ਨਿਗਰਾਨੀ ਮਾਮਲੇ ’ਤੇ ਚਰਚਾ ਕਰਨ ਦੀ ਮੰਗ ਕਰ ਰਹੀ ਹੈ।
ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਵੀ ਕਿਸਾਨਾਂ ਦੀ ਆਵਾਜ਼ ਕੁਚਲਣ ਲਈ ਕੇਂਦਰ ਸਰਕਾਰ ਨਾਲ ਰਲ ਗਈ ਹੈ। ਉਨ੍ਹਾਂ ਕਿਹਾ ਕਿ ਸੱਤ ਪਾਰਟੀਆਂ ਨੇ ਰਲ ਕੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਚੁੱਕੀ ਪਰ ਕਾਂਗਰਸ ਨੇ ਇਸ ਪਹਿਲਕਦਮੀ ਦੀ ਹਮਾਇਤ ਕਰਨ ਤੋਂ ਇਨਕਾਰ ਕਰ ਦਿੱਤਾ, ਹਾਲਾਂਕਿ ਉਹ ਸੰਸਦ ਵਿਚ ਵਿਰੋਧੀ ਧਿਰ ਹੈ। ਕਾਂਗਰਸੀ ਸੰਸਦ ਰਵਨੀਤ ਸਿੰਘ ਬਿੱਟੂ ਵੱਲੋਂ ਸੰਸਦ ’ਚ ਹਾਜ਼ਰ ਨਾ ਹੋਣ ਦੇ ਮਾਰੇ ਮਿਹਣੇ ਮਗਰੋਂ ਸ੍ਰੀ ਸੁਖਬੀਰ ਸਿੰਘ ਬਾਦਲ ਅੱਜ ਹਾਜ਼ਰ ਦਿੱਸੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਬਸਪਾ ਦੇ ਸਾਰੇ ਸੰਸਦ ਮੈਂਬਰ ਕਿਸਾਨਾਂ ਦੀ ਆਵਾਜ਼ ਸੰਸਦ ਵਿੱਚ ਚੁੱਕਦੇ ਰਹਿਣਗੇ ਅਤੇ ਪ੍ਰਦਰਸ਼ਨ ਜਾਰੀ ਰੱਖਣਗੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly