ਪੰਚਕੂਲਾ (ਸਮਾਜ ਵੀਕਲੀ): ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਕੋਰਟ ਨੇ ਡੇਰੇ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੀ ਹੱਤਿਆ ਮਾਮਲੇ ਵਿੱਚ ਫੈਸਲਾ 24 ਅਗਸਤ ਲਈ ਰਾਖਵਾਂ ਰੱਖ ਲਿਆ ਹੈ। ਪਿਛਲੀ ਸੁਣਵਾਈ ਮੌਕੇ ਦੋਵਾਂ ਧਿਰਾਂ ਦੀ ਬਹਿਸ ਮੁਕੰਮਲ ਹੋਣ ਮਗਰੋਂ ਸਬੰਧਤ ਦਸਤਾਵੇਜ਼ ਦਾਖ਼ਲ ਕਰ ਦਿੱਤੇ ਗਏ ਸਨ। ਸੀਬੀਆਈ ਕੋਰਟ ਵਿੱਚ ਅੱਜ ਸੁਣਵਾਈ ਦੌਰਾਨ ਬਚਾਓ ਪੱਖ ਅਤੇ ਜਾਂਚ ਏਜੰਸੀ ਨੇ ਕੋਈ ਹੋਰ ਦਲੀਲ ਜਾਂ ਪੱਖ ਰੱਖਣ ਤੋਂ ਇਨਕਾਰ ਕਰ ਦਿੱਤਾ, ਜਿਸ ਮਗਰੋਂ ਜੱਜ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ। ਚੇਤੇ ਰਹੇ ਕਿ ਡੇਰੇ ਦੀਆਂ ਦੋ ਸਾਧਵੀਆਂ ਨਾਲ ਜਬਰ-ਜਨਾਹ ਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਹੱਤਿਆਕਾਂਡ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਸਜ਼ਾ ਕੱਟ ਰਹੇ ਡੇਰਾ ਮੁਖੀ ਰਾਮ ਰਹੀਮ ਨੂੰ ਸੀਬੀਆਈ ਨੇ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੀ ਹੱਤਿਆ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਡੇਰਾ ਮੁਖੀ ਅੱਜ ਕੋਰਟ ਵਿੱਚ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ ਹੋਇਆ। ਕ੍ਰਿਸ਼ਨ ਲਾਲ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਵਿੱਚ ਸ਼ਾਮਲ ਹੋਇਆ ਜਦਕਿ ਮੁਲਜ਼ਮ ਅਵਤਾਰ ਸਿੰਘ, ਜਸਬੀਰ ਅਤੇ ਸ਼ਬਦਿਲ ਸੀਬੀਆਈ ਕੋਰਟ ’ਚ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly