ਨਵੀਂ ਦਿੱਲੀ, (ਸਮਾਜ ਵੀਕਲੀ): ਸਯੁੰਕਤ ਕਿਸਾਨ ਮੋਰਚੇ ਨੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਵੱਲੋਂ ਕੱਲ੍ਹ ਖੇਤੀ ਕਾਨੂੰਨਾਂ ਦੇ ਬਚਾਅ ਵਿੱਚ ਦਿੱਤੇ ਗਏ ਬਿਆਨ ਨੂੰ ਗ਼ਲਤ ਤੇ ਝੂਠਾ ਕਰਾਰ ਦਿੱਤਾ ਹੈ। ਮੋਰਚੇ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿੱਚ ਕਈ ਅਜਿਹੀਆਂ ਵਿਵਸਥਾਵਾਂ ਹਨ, ਜਿਨ੍ਹਾਂ ਦਾ ਵਿਰੋਧ ਕਿਸਾਨਾਂ ਵੱਲੋਂ ਸਰਕਾਰ ਨਾਲ ਹੋਈਆਂ ਮੀਟਿੰਗਾਂ ਵਿੱਚ ਵਾਰ-ਵਾਰ ਕੀਤਾ ਗਿਆ। ਇਸ ਸਬੰਧੀ ਕਿਸਾਨ ਆਗੂਆਂ ਡਾ. ਦਰਸ਼ਨਪਾਲ ਤੇ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਹਾਲ ਹੀ ’ਚ ਜੰਤਰ-ਮੰਤਰ ’ਤੇ ਹੋਈ ਕਿਸਾਨ ਸੰਸਦ ਦੌਰਾਨ ਵੀ ਹਜ਼ਾਰਾਂ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੀ ਵਿਆਖਿਆ ਵਿੱਚ ਕਾਫ਼ੀ ਸਮਾਂ ਬਿਤਾਇਆ ਸੀ। ਉਨ੍ਹਾਂ ਕਿਸਾਨਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਕੇਂਦਰ ਤੇ ਇਸ ਦੇ ਮੰਤਰੀਆਂ ਦੇ ਬਿਆਨਾਂ ਨੂੰ ਸਮਝਣ ਦੀ ਲੋੜ ਹੈ।
ਇਸ ਦੌਰਾਨ ਆਗੂਆਂ ਨੇ ਕਿਹਾ ਕਿ ਰਾਜਨਾਥ ਸਿੰਘ ਵਰਗੇ ਮੰਤਰੀਆਂ ਨੂੰ ਅਜਿਹੇ ਬਿਆਨ ਦੇ ਕੇ ਕਿਸਾਨਾਂ ਦਾ ਨਿਰਾਦਰ ਨਹੀਂ ਕਰਨਾ ਚਾਹੀਦਾ। ਉਨ੍ਹਾਂ ਨੇ ਕੇਂਦਰੀ ਮੰਤਰੀ ਦੇ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ਵਿੱਚ 1.5 ਗੁਣਾ ਕੀਤੇ ਦਾਅਵੇ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ ਆਰਐੱਸਐਸ ਨਾਲ ਸਬੰਧਤ ਭਾਰਤੀ ਕਿਸਾਨ ਸੰਘ (ਬੀਕੇਐੱਸ) ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਮੰਗੀ ਹੈ। ਭਾਰਤੀ ਕਿਸਾਨ ਸੰਘ ਨੇ ਅਲਟੀਮੇਟਮ ਜਾਰੀ ਕਰਦਿਆਂ ਕਿਹਾ ਕਿ ਜੇਕਰ ਮੋਦੀ ਸਰਕਾਰ ਇਸ ਮਹੀਨੇ ਦੇ ਅੰਤ ਤੱਕ ਐੱਮਐੱਸਪੀ ਦੀ ਗਾਰੰਟੀ ਸਬੰਧੀ ਕਾਨੂੰਨ ਬਣਾਉਣ ਦਾ ਭਰੋਸਾ ਨਹੀਂ ਦਿੰਦੀ ਤਾਂ ਜਥੇਬੰਦੀ ਵੱਲੋਂ 8 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਅੰਦੋਲਨ ਵਿੱਢਿਆ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly