ਪੰਜਾਬ ’ਚ ਖੇਤੀ ਕਾਨੂੰਨ ਲਾਗੂ ਨਹੀਂ ਹੋਣ ਦੇਵਾਂਗੇ: ਸੁਖਬੀਰ

ਨਵੀਂ ਦਿੱਲੀ (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਨੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦਾ ਇਕ ਸਾਲ ਮੁਕੰਮਲ ਹੋਣ ’ਤੇ ਅੱਜ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸੰਸਦ ਮਾਰਚ ਵੱਲ ਮਾਰਚ ਕੱਢ ਕੇ ‘ਕਾਲਾ ਦਿਵਸ’ ਮਨਾਇਆ। ਇਸ ਦੌਰਾਨ ਮਾਰਚ ਦੀ ਅਗਵਾਈ ਕਰ ਰਹੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਮੇਤ ਹੋਰ ਆਗੂਆਂ ਨੇ ਗ੍ਰਿਫ਼ਤਾਰੀਆਂ ਦਿੱਤੀਆਂ। ਹਾਲਾਂਕਿ ਬਾਅਦ ਵਿਚ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਭੇਜੇ ਗਏ ਮੰਗ ਪੱਤਰ ਵਿੱਚ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਅਤੇ ਇਹ ਵਾਅਦਾ ਕਰਨ ਲਈ ਕਿਹਾ ਕਿ ਉਹ ਕਿਸਾਨਾਂ ਦੀ ਜ਼ਿੰਦਗੀ ’ਤੇ ਅਸਰ ਪਾਉਣ ਵਾਲਾ ਕੋਈ ਵੀ ਕਾਨੂੰਨ ਬਣਾਉਣ ਤੋਂ ਪਹਿਲਾਂ ਕਿਸਾਨਾਂ ਦੀ ਰਾਏ ਜ਼ਰੂਰ ਲੈਣਗੇ।

ਮਾਰਚ ਤੋਂ ਪਹਿਲਾਂ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ, ‘‘ਸਾਡੀ ਸਰਕਾਰ ਬਣਾ ਦਿਓ, ਪੰਜਾਬ ਵਿੱਚ ਖੇਤੀ ਕਾਨੂੰਨ ਲਾਗੂ ਨਹੀਂ ਹੋਣ ਦਿਆਂਗੇ। ਅਸੀਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਡਟੇ ਰਹਾਂਗੇ।’’ ਲੋਕ ਸਭਾ ’ਚ ਖੇਤੀ ਕਾਨੂੰਨਾਂ ਖ਼ਿਲਾਫ਼ ਵੋਟ ਪਾਉਣ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨਾਲ ਮਿਲ ਕੇ ਕਿਸਾਨਾਂ ਨਾਲ ਧੋਖਾ ਕੀਤਾ ਹੈ ਕਿਉਂਕਿ ਕੈਪਟਨ ਉਸ 7 ਮੈਂਬਰੀ ਕਮੇਟੀ ਵਿੱਚ ਸ਼ਾਮਲ ਸਨ, ਜਿਸ ਨੇ ਕਾਨੂੰਨਾਂ ਦਾ ਖਰੜਾ ਤਿਆਰ ਕੀਤਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਡਾ. ਮਨਮੋਹਨ ਸਿੰਘ ਦੀ ਸਰਕਾਰ ਨੇ ਖੇਤੀ ਕਾਨੂੰਨ ਪੇਸ਼ ਕੀਤੇ ਸਨ ਪਰ ਭਾਰੀ ਵਿਰੋਧ ਹੋਣ ਮਗਰੋਂ ਇਹ ਵਾਪਸ ਲੈ ਲਏ ਸਨ ਪਰ ਪੰਜਾਬ ਦੀ ਕਾਂਗਰਸ ਸਰਕਾਰ ਨੇ ਏਪੀਐੱਮਸੀ ਐਕਟ ’ਚ ਸੋਧ ਕਰਕੇ ਪ੍ਰਾਈਵੇਟ ਮੰਡੀਆਂ ਬਣਾਉਣ ਦਾ ਰਾਹ ਖੋਲ੍ਹ ਦਿੱਤਾ ਹੈ। ਉਨ੍ਹਾਂ ਇਹੋ ਵਾਅਦਾ 2019 ਦੀਆਂ ਲੋਕ ਸਭਾ ਚੋਣਾਂ ’ਚ ਵੀ ਕੀਤਾ ਸੀ। ਸੁਖਬੀਰ ਨੇ ਕਿਹਾ ਕਿ ਕਾਂਗਰਸ ਅਤੇ ‘ਆਪ’ ਨੇ ਤਿੰਨੋਂ ਬਿੱਲਾਂ ਦਾ ਵਿਰੋਧ ਕਰਨ ਦੀ ਬਜਾਏ ਸਦਨ ’ਚੋਂ ਵਾਕ ਆਊਟ ਕੀਤਾ ਸੀ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ,‘‘ਸਤਲੁਜ ਯਮੁਨਾ ਲਿੰਕ ਨਹਿਰ, ਪਰਾਲੀ ਅਤੇ ਥਰਮਲ ਪਲਾਂਟਾਂ ਬਾਰੇ ਉਨ੍ਹਾਂ ਦੇ ਦੋਹਰੇ ਮਿਆਰ ਹਨ।’’ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਮੋਦੀ ਸਰਕਾਰ ਨੂੰ ਲੰਮੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਪੰਜਾਬ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਭਾਜਪਾ ਹਾਰੇਗੀ ਅਤੇ ਜੇਕਰ ਉਸ ਨੇ ਕਾਨੂੰਨ ਵਾਪਸ ਨਾ ਲਏ ਤਾਂ 2024 ਦੀਆਂ ਲੋਕ ਸਭਾ ਚੋਣਾਂ ’ਚ ਵੀ ਭਾਜਪਾ ਨੂੰ ਹਾਰ ਦਾ ਸਾਹਮਣਾ ਕਰਨਾ ਪਵੇਗਾ। ਬਸਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੰਵਿਧਾਨ ਦੀਆਂ ਧੱਜੀਆਂ ਉਡਾਈਆਂ ਹਨ। ਉਨ੍ਹਾਂ ਕਿਹਾ ਕਿ 2024 ਵਿੱਚ ਸਰਕਾਰ ਬਦਲਣ ’ਤੇ ਤਿੰਨੋਂ ਖੇਤੀ ਕਾਨੂੰਨ ਰੱਦ ਕੀਤੇ ਜਾਣਗੇ। ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਨੂੰ ਅੱਗ ਵੱਲ ਨਾ ਧੱਕਿਆ ਜਾਵੇ ਅਤੇ ਕਿਸਾਨਾਂ ਦੇ ਮਸਲੇ ਫੌਰੀ ਹੱਲ ਕੀਤੇ ਜਾਣ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article‘Punjipati Pujan Diwas’, Congress takes jibe at PM’s birthday
Next articleAdopt natural farming, keep Himachal free from chemical fertilizers: Kovind