ਸ੍ਰੀ ਆਨੰਦਪੁਰ ਸਾਹਿਬ (ਸਮਾਜ ਵੀਕਲੀ) : ਤਖ਼ਤ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਤੋਂ ਬਾਅਦ ਜਿਥੇ ਸੰਗਤਾਂ ਵੱਲੋਂ ਤਖ਼ਤਾਂ ਦੇ ਜਥੇਦਾਰਾਂ ਦੇ ਅਸਤੀਫੇ ਮੰਗਣੇ ਸ਼ੁਰੂ ਕਰ ਦਿੱਤੇ ਗਏ ਹਨ ਉੱਥੇ ਹੁਣ ਜਥੇਦਾਰ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ ਨੇ ਜ਼ਿੰਮੇਵਾਰੀ ਸ਼੍ਰੋਮਣੀ ਕਮੇਟੀ ਦੇ ਸਿਰ ਮੜ੍ਹਦੇ ਹੋਏ ਕਮੇਟੀ ਮੈਂਬਰਾਂ ਨੂੰ ਘੁਰਕੀ ਦੇ ਨਾਲ ਉਨ੍ਹਾਂ ਦੀ ਕਾਰਗੁਜ਼ਾਰੀ ’ਤੇ ਵੀ ਸੁਆਲੀਆਂ ਚਿੰਨ੍ਹ ਲਗਾ ਦਿੱਤਾ ਹੈ।
ਬੀਤੇ ਦਿਨ ਇੰਗਲੈਂਡ ਦੌਰੇ ਉਪਰੰਤ ਤਖ਼ਤ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਿਥੇ ਬੇਅਦਬੀ ਦੀ ਘਟਨਾ ਦੀ ਨਿੰਦਾ ਕੀਤੀ ਤੇ ਪੁਲੀਸ ਨੂੰ ਸੱਚ ਸਾਹਮਣੇ ਲਿਆਉਣ ਲਈ ਕਿਹਾ ਪਰ ਨਾਲ ਹੀ ਉਨ੍ਹਾਂ ਸੰਗਤਾਂ ਵੱਲੋਂ ਜਥੇਦਾਰ ਕੇਸਗੜ੍ਹ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਅਸਤੀਫੇ ਦੀ ਮੰਗ ’ਤੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਗੁਰਦੁਆਰਾ ਸਹਿਬਾਨ ਦੇ ਪ੍ਰਬੰਧ ਦੀ ਜ਼ਿੰਮੇਵਾਰੀ ਸ਼੍ਰੋਮਣੀ ਕਮੇਟੀ ਦੀ ਹੈ।
ਇਸ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਚਾਹੀਦਾ ਹੈ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਸਹੀ ਢੰਗ ਨਾਲ ਨਿਭਾਉਣ। ਜਥੇਦਾਰ ਅਕਾਲ ਤਖਤ ਨੇ ਇੱਥੋਂ ਤੱਕ ਆਖ ਦਿੱਤਾ ਕਿ ਇਹ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਚਾਹੀਦਾ ਹੈ ਕਿ ਉਹ ਸੰਗਤਾਂ ’ਚ ਜਾ ਕੇ ਉਨ੍ਹਾਂ ਦੀ ਤਸੱਲੀ ਕਰਵਾਉਣ ਕਿਉਂਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਖਾਸ ਤੌਰ ’ਤੇ ਸਥਾਨਕ ਮੈਂਬਰ ਇੱਥੇ ਸਮਾਂ ਨਹੀਂ ਦਿੰਦੇ। ਇਸ ਲਈ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਜ਼ਿੰਮੇਵਾਰੀ ਨੂੰ ਸਮਝਣ।
ਇਸ ਬਾਰੇ ਸਥਾਨਕ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਦੇ ਨੇ ਉਨ੍ਹਾਂ ਕਿਹਾ ਕਿ ਉਹ ਤਾਂ ਬੀਤੇ ਕਈ ਦਿਨਾਂ ਤੋਂ ਸ੍ਰੀ ਆਨੰਦਪੁਰ ਸਾਹਿਬ ਦੀ ਸੰਗਤ ’ਚ ਹੀ ਹਾਜ਼ਰ ਹਨ ਪਰ ਜਥੇਦਾਰ ਸਾਹਿਬ ਹੀ ਇੰਗਲੈਂਡ ਦੌਰੇ ’ਤੇ ਗਏ ਹੋਏ ਸਨ। ਦੂਸਰੇ ਸਥਾਨਕ ਮੈਂਬਰ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਕਿਹਾ ਕਿ ਜਥੇਦਾਰ ਸਾਹਿਬ ਨੂੰ ਜ਼ਮੀਨੀ ਹਕੀਕਤ ਦਾ ਗਿਆਨ ਨਾ ਹੋਣ ਕਰਕੇ ਉਨ੍ਹਾਂ ਅਜਿਹਾ ਬਿਆਨ ਦਿੱਤਾ ਹੈ, ਜਦਕਿ ਸਥਾਨਕ ਦੋ ਮੈਂਬਰ ਹੀ ਨਹੀਂ ਬਲਕਿ 13 ਸਤੰਬਰ ’ਤੇ ਗਿਆਨੀ ਰਘਬੀਰ ਸਿੰਘ ਕੋਲ ਅਤੇ ਖੁਦ ਗਿਆਨੀ ਹਰਪ੍ਰੀਤ ਸਿੰਘ ਦੇ ਕੋਲ ਇਤਰਾਜ਼ ਪ੍ਰਗਟ ਕੀਤਾ ਹੈ ਪਰ ਇਸ ਬਾਬਤ ਉਹ ਸਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਸਣੇ ਹਾਈਕਮਾਂਡ ਨਾਲ ਹੀ ਗੱਲ ਕਰਨਗੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly