ਖੇਤਰੀ ਪਾਰਟੀਆਂ ਨੂੰ ਇਕੱਠੇ ਕਰਨਾ ਸਮੇਂ ਦੀ ਮੁੱਖ ਲੋੜ: ਬਾਦਲ

Shiromani Akali Dal (SAD) leader Parkash Singh Badal.

 

  • ਕਾਂਗਰਸ ਸਰਕਾਰ ਨੇ ਸਾਜ਼ਿਸ਼ ਤਹਿਤ ਸਾਨੂੰ ਜੇਲ੍ਹ ਭੇਜਿਆ: ਓਮ ਪ੍ਰਕਾਸ਼ ਚੌਟਾਲਾ

ਚੰਡੀਗੜ੍ਹ/ਜੀਂਦ (ਸਮਾਜ ਵੀਕਲੀ): ਕੇਂਦਰ ਸਰਕਾਰ ਖ਼ਿਲਾਫ਼ ਤੀਜੇ ਫਰੰਟ ਦਾ ਗਠਨ ਕਰਨ ਵਿੱਚ ਲੱਗੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇਨੈਲੋ ਨੇਤਾ ਓਮ ਪ੍ਰਕਾਸ਼ ਚੌਟਾਲਾ ਵੱਲੋਂ ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀਲਾਲ ਦੇ 108ਵੇਂ ਜਨਮ ਦਿਵਸ ’ਤੇ ਜੀਂਦ ਅਨਾਜ ਮੰਡੀ ਵਿੱਚ ‘ਸਨਮਾਨ ਦਿਵਸ ਰੈਲੀ’ ਕੀਤੀ ਗਈ। ਰੈਲੀ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੂਲਾ, ਜੇਡੀਯੂ ਦੇ ਜਨਰਲ ਸਕੱਤਰ ਕੇ.ਸੀ. ਤਿਆਗੀ, ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਵਰਿੰਦਰ ਸਿੰਘ, ਜਗਮੀਤ ਸਿੰਘ ਬਰਾੜ ਤੋਂ ਇਲਾਵਾ ਹੋਰ ਵੱਡੀ ਗਿਣਤੀ ਵਿੱਚ ਸਿਆਸੀ ਆਗੂ ਹਾਜ਼ਰ ਰਹੇ। ਆਗੂਆਂ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਾਰੀਆਂ ਖੇਤਰੀ ਪਾਰਟੀਆਂ ਨੂੰ ਇਕੱਠੇ ਹੋਣ ਦੀ ਲੋੜ ਹੈ, ਜਿਸ ਨਾਲ ਦੇਸ਼ ਅਤੇ ਕਿਸਾਨੀ ਨੂੰ ਬਚਾਇਆ ਜਾ ਸਕੇ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਚੌਧਰੀ ਦੇਵੀਲਾਲ ਇੱਕ ਇਨਸਾਨ ਹੀ ਨਹੀਂ ਸਗੋਂ ਗਰੀਬਾਂ ਦੇ ਮਸੀਹਾ ਸੀ, ਜਿਨ੍ਹਾਂ ਵਿੱਚ ਕੁਰਬਾਨੀ ਦਾ ਜਜ਼ਬਾ ਸੀ। ਉਨ੍ਹਾਂ ਨੇ ਕਿਹਾ ਕਿ ਐਮਰਜੈਂਸੀ ਦੌਰਾਨ ਦੇਵੀ ਲਾਲ ਦੇ ਨਾਲ ਕਈ ਵਾਰ ਜੇਲ੍ਹਾਂ ਕੱਟੀਆਂ। ਉਨ੍ਹਾਂ ਦੇ ਇੱਕੋ ਇਕ ਉਦੇਸ਼ ਪਿੰਡਾਂ, ਕਿਸਾਨਾਂ, ਮਜ਼ਦੂਰਾਂ ਅਤੇ ਗਰੀਬਾਂ ਦਾ ਭਲਾ ਕਰਨਾ ਸੀ। ਉਨ੍ਹਾਂ ਕਿਹਾ ਕਿ ਗਰੀਬ ਲੋਕਾਂ ਭਲਾਈ ਲਈ ਖੇਤਰੀ ਪਾਰਟੀਆਂ ਨੂੰ ਇਕੱਠੇ ਹੋ ਕੇ ਮਜ਼ਬੂਤ ਕਰਨ ਦੀ ਲੋੜ ਹੈ। ਇਸ ਲਈ ਹਰ ਵਰਗ ਦੇ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਸ੍ਰੀ ਬਾਦਲ ਨੇ ਕਿਹਾ, ‘ਮੇਰੇ ਵਿੱਚ ਹਿੰਮਤ ਨਹੀਂ ਪਰ ਚੌਧਰੀ ਓਮ ਪ੍ਰਕਾਸ਼ ਚੌਟਾਲਾ ਨੂੰ ਖੇਤਰੀ ਪਾਰਟੀਆਂ ਨੂੰ ਇਕੱਠੀਆਂ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।’

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਉਨ੍ਹਾਂ ਨੂੰ ਸਾਜਿਸ਼ ਤਹਿਤ ਜੇਲ੍ਹ ਭਿਜਵਾਇਆ ਸੀ ਪਰ ਉਹ ਮਰਦੇ ਦਮ ਤੱਕ ਸੂਬੇ ਦੇ ਨੌਜਵਾਨਾਂ ਅਤੇ ਗਰੀਬ ਲੋਕਾਂ ਲਈ ਕਾਰਜ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਨੈਲੋ ਦੀ ਸਰਕਾਰ ਬਣਨ ’ਤੇ ਕਾਂਗਰਸ ਵੱਲੋਂ ਗਏ ਕਥਿਤ ਘੁਟਾਲਿਆਂ ਦੀ ਜਾਂਚ ਕਰਵਾਈ ਜਾਵੇਗੀ। ਸ੍ਰੀ ਚੌਟਾਲਾ ਨੇ ਕਿਹਾ ਕਿ ਦੇਸ਼ ਵਿੱਚ 10 ਮਹੀਨਿਆਂ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ ਪਰ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ।

ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਕਿਸਾਨਾਂ ਦੀ ਜਿੱਤ ਹੋਵੇਗੀ। ਸ੍ਰੀ ਚੌਟਾਲਾ ਨੇ ਕਿਹਾ ਕਿ ਸੂਬੇ ’ਚ ਇਨੈਲੋ ਦੀ ਸਰਕਾਰ ਬਣਨ ’ਤੇ ਜਾਤੀ ਜਾਂ ਧਰਮ ਤੋਂ ਉੱਪਰ ਉਠ ਕੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਾਰ ਤੋਂ ਡਰਦਿਆਂ ਏਲਨਾਬਾਦ ਜ਼ਿਮਨੀ ਚੋਣ ਕਰਵਾਉਣ ਤੋਂ ਡਰ ਰਹੀ ਹੈ। ਸਾਬਕਾ ਕੇਂਦਰੀ ਮੰਤਰੀ ਵਰਿੰਦਰ ਸਿੰਘ ਨੇ ਕਿਹਾ ਕਿ ਦੇਵੀ ਲਾਲ ਨੇ ਕਿਸਾਨਾਂ, ਮਜ਼ਦੂਰਾਂ ਅਤੇ ਗਰੀਬਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਰਸਤਾ ਦਿਖਾਇਆ ਸੀ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article‘Afghan political process impossible without Taliban’s cooperation’
Next articleਭਾਰਤ ਦੇ ਗੁਆਂਢ ਵਿੱਚ ਔਕੜਾਂ ਖੜ੍ਹੀਆਂ ਕਰਨ ਵਾਲਾ ਮੁਲਕ ਰਿਹਾ ਹੈ ਪਾਕਿ: ਸ਼੍ਰਿੰਗਲਾ