ਸ਼੍ਰਿੰਗਲਾ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਕੋਲੰਬੋ (ਸਮਾਜ ਵੀਕਲੀ): ਵਿਦੇਸ਼ ਸਕੱਤਰ ਹਰਸ਼ ਵਰਧਨ ਸ਼੍ਰਿੰਗਲਾ ਨੇ ਅੱਜ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸੇ ਨਾਲ ਮੁਲਾਕਾਤ ਕਰਕੇ ਉਸਾਰੂ ਵਿਚਾਰ ਵਟਾਂਦਰਾ ਕੀਤਾ। ਇਸ ਮੁਲਾਕਾਤ ਨਾਲ ਦੋਵੇਂ ਮੁਲਕਾਂ ਵਿਚਕਾਰ ਭਾਈਵਾਲੀ ਹੋਰ ਗੂੜ੍ਹੀ ਹੋਵੇਗੀ। ਸ਼੍ਰਿੰਗਲਾ ਚਾਰ ਦਿਨ ਦੇ ਦੌਰੇ ’ਤੇ ਸ਼ਨਿਚਰਵਾਰ ਨੂੰ ਸ੍ਰੀਲੰਕਾ ਪਹੁੰਚੇ ਹਨ। ਉਨ੍ਹਾਂ ਵੱਲੋਂ ਰਾਸ਼ਟਰਪਤੀ ਗੋਟਾਬਾਯਾ ਰਾਜਪਕਸਾ ਨਾਲ ਵੀ ਮੁਲਾਕਾਤ ਕੀਤੇ ਜਾਣ ਦੀ ਸੰਭਾਵਨਾ ਹੈ। ਇਥੇ ਭਾਰਤੀ ਹਾਈ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਾਲ ਸ਼੍ਰਿੰਗਲਾ ਦੀ ਤਸਵੀਰ ਟਵਿੱਟਰ ’ਤੇ ਸਾਂਝੀ ਕੀਤੀ ਹੈ। ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਮੁਤਾਬਕ ਸ਼੍ਰਿੰਗਲਾ ਨੇ ਕਿਹਾ ਕਿ ਉਨ੍ਹਾਂ ਭਾਰਤ ਦੇ ਪੱਕੇ ਦੋਸਤ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸਾ ਨਾਲ ਮੁਲਾਕਾਤ ਕੀਤੀ। ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਵੀ ਭਾਰਤ ਸਰਕਾਰ ਨਾਲ ਸਬੰਧ ਮਜ਼ਬੂਤ ਬਣਾਉਣ ’ਤੇ ਜ਼ੋਰ ਦੇਣਗੇ।

ਸ਼੍ਰਿੰਗਲਾ ਨੇ ਟੈਂਪਲ ਟ੍ਰੀਜ਼ ’ਚ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ। ਉਨ੍ਹਾਂ ਤਾਮਿਲ ਨੈਸ਼ਨਲ ਅਲਾਇੰਸ ਦੇ ਵਫ਼ਦ ਨਾਲ ਵੀ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਵਿਦੇਸ਼ ਸਕੱਤਰ ਨੇ ਕਿਹਾ ਕਿ ਭਾਰਤ ਅਤੇ ਸ੍ਰੀਲੰਕਾ ਆਰਥਿਕ ਭਾਈਵਾਲੀ ਨੂੰ ਮਜ਼ਬੂਤ ਬਣਾਉਣ ਅਤੇ ਗੁਆਂਢੀਆਂ ਵਿਚਕਾਰ ਚੰਗੇ ਰਿਸ਼ਤਿਆਂ ਨੂੰ ਹੋਰ ਗੂੜ੍ਹਾ ਕਰਨ ਲਈ ਰਲ ਕੇ ਕੰਮ ਕਰਨਾ ਜ਼ਰੂਰੀ ਹੈ। ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਟੈਂਪਲ ਟ੍ਰੀਜ਼’ ’ਚ ਭਾਰਤੀ ਵਿਕਾਸ ਸਹਿਯੋਗ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨ ਮੌਕੇ ਸ਼੍ਰਿੰਗਲਾ ਨੇ ਕਿਹਾ ਕਿ ਭਾਰਤ ਅਤੇ ਸ੍ਰੀਲੰਕਾ ਦੇ ਅਰਥਚਾਰਿਆਂ ਨੂੰ ਕਰੋਨਾ ਮਹਾਮਾਰੀ ਕਾਰਨ ਬਹੁਤ ਨੁਕਸਾਨ ਪਹੁੰਚਿਆ ਹੈ। ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ’ਚ ਸ਼੍ਰਿੰਗਲਾ ਦੇ ਹਵਾਲੇ ਨਾਲ ਕਿਹਾ ਗਿਆ ਕਿ ਹਰ ਮੁਲਕ ਤੇਜ਼ ਰਫ਼ਤਾਰ ਨਾਲ ਸਮਾਜਿਕ ਅਤੇ ਆਰਥਿਕ ਸੁਧਾਰ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਉਨ੍ਹਾਂ ਕਿਹਾ,‘‘ਭਾਰਤ ਅਤੇ ਸ੍ਰੀਲੰਕਾ ਦੇ ਸਮਾਜਿਕ-ਆਰਥਿਕ ਸਬੰਧਾਂ ’ਤੇ ਕੋਵਿਡ-19 ਪਾਬੰਦੀਆਂ ਦੇ ਮਾੜੇ ਅਸਰ ਨੂੰ ਘੱਟ ਕਰਨ ’ਚ ਕੋਈ ਕਸਰ ਨਹੀਂ ਛੱਡਾਂਗੇ ਅਤੇ ਕੋਵਿਡ ਤੋਂ ਬਾਅਦ ਸੁਧਾਰ ਦੀਆਂ ਕੋਸ਼ਿਸ਼ਾਂ ’ਚ ਸ੍ਰੀਲੰਕਾ ਸਰਕਾਰ ਨਾਲ ਖੜ੍ਹੇ ਹਾਂ।’’

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleTN Health Dept to increase mosquito control measures to curb dengue
Next articleWhy did 145 Chinese air force planes violate Taiwan airspace in 4 days?