- ਮੁੱਖ ਮੰਤਰੀ ਵੱਲੋਂ ਕਿਸਾਨਾਂ ਦੀ ਹਮਾਇਤ ਵਿੱਚ ਮੌਨ ਵਰਤ
- ਕੇਂਦਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ
ਚੰਡੀਗੜ੍ਹ (ਸਮਾਜ ਵੀਕਲੀ): ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਗਾਂਧੀ ਸਮਾਰਕ ਭਵਨ ਵਿੱਚ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੀ ਘਟਨਾ ਨੂੰ ਲੈ ਕੇ ਸੰਕੇਤਕ ਮੌਨ ਵਰਤ ਰੱਖਿਆ। ਮੁੱਖ ਮੰਤਰੀ ਚੰਨੀ ਨੇ ਭਾਜਪਾ ਨੂੰ ਵੰਗਾਰਿਆਂ ਕਿ ਲੋਕ ਆਵਾਜ਼ ਨੂੰ ਦਬਾਉਣ ਲਈ ‘ਡੰਡਾ ਰਾਜ’ ਲਾਗੂ ਨਾ ਕਰੋ ਤੇ ਜਮਹੂਰੀ ਕਦਰਾਂ ਕੀਮਤਾਂ ਦਾ ਸਤਿਕਾਰ ਕੀਤਾ ਜਾਵੇ। ਮੁੱਖ ਮੰਤਰੀ ਨੇ ਲਖੀਮਪੁਰ ਖੀਰੀ ਘਟਨਾ ਦੇ ਹਵਾਲੇ ਨਾਲ ਕੇਂਦਰ ਨੂੰ ਸੁਚੇਤ ਕੀਤਾ ਕਿ ਅਜਿਹਾ ਕਰਕੇ ਨੌਜਵਾਨਾਂ ਨੂੰ ਕ੍ਰਾਂਤੀਕਾਰੀ ਰਾਹ ਅਪਣਾਉਣ ਲਈ ਮਜਬੂਰ ਨਾ ਕੀਤਾ ਜਾਵੇ, ਜੋ ਇਨਸਾਫ਼ ਲੈਣ ਲਈ ਸਾਡੇ ਮਹਾਨ ਸ਼ਹੀਦਾਂ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਊਧਮ ਸਿੰਘ ਤੋਂ ਪ੍ਰੇਰਨਾ ਲੈਣਗੇ। ਉਨ੍ਹਾਂ ਕੇਂਦਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ ਤਾਂ ਕਿ ਸ਼ਾਂਤਮਈ ਮਾਹੌਲ ਖ਼ਰਾਬ ਨਾ ਹੋਵੇ। ਉਨ੍ਹਾਂ ਕਿਹਾ ਕਿ ਅਮਨ-ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹਰ ਹਾਲ ਵਿਚ ਕਾਇਮ ਰੱਖਣਾ ਸਾਰਿਆਂ ਦੀ ਮੁੱਖ ਜ਼ਿੰਮੇਵਾਰੀ ਬਣਦੀ ਹੈ।
ਮੁੱਖ ਮੰਤਰੀ ਚੰਨੀ ਨੇ ਕੈਬਨਿਟ ਵਜ਼ੀਰਾਂ, ਵਿਧਾਇਕਾਂ ਤੇ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਇੱਥੇ ਸਮਾਰਕ ਭਵਨ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਸ਼ਾਂਤਮਈ ਪ੍ਰਦਰਸ਼ਨ ਕਰਦਿਆਂ ਸੰਕਲਪ ਲਿਆ ਕਿ ਉਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਵਧੀਕੀਆਂ ਅੱਗੇ ਝੁਕਣ ਵਾਲੇ ਨਹੀਂ। ਉਨ੍ਹਾਂ ਲਖੀਮਪੁਰ ਖੀਰੀ ਘਟਨਾ ਦੀ ਤੁਲਨਾ ਜੱਲ੍ਹਿਆਂਵਾਲਾ ਬਾਗ਼ ਕਤਲੇਆਮ ਨਾਲ ਕੀਤੀ। ਚੰਨੀ ਨੇ ਕਿਹਾ ਕਿ ਗਿਣ-ਮਿੱਥ ਕੇ ਨਿਹੱਥੇ ਕਿਸਾਨਾਂ ਨੂੰ ਦਰੜਿਆ ਗਿਆ, ਜੋ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ਾਂਤਮਈ ਰੋਸ ਪ੍ਰਗਟਾ ਰਹੇ ਸਨ। ਚੰਨੀ ਨੇ ਕਿਹਾ ਕਿ ਅਜਿਹਾ ਕਰ ਕੇ ਭਾਜਪਾ ਕਿਸਾਨਾਂ ਦੇ ਮਨੋਬਲ ਨੂੰ ਢਾਹ ਨਹੀਂ ਲਾ ਸਕੇਗੀ। ਇਸ ਮੌਕੇ ਮੁੱਖ ਮੰਤਰੀ ਨੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਕਾਂਗਰਸ ਦੀ ਕੌਮੀ ਆਗੂ ਪ੍ਰਿਯੰਕਾ ਗਾਂਧੀ ਨੂੰ ਗ੍ਰਿਫ਼ਤਾਰ ਕਰਨ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਵਧੀਕੀਆਂ ਨਾਲ ਕੇਂਦਰ ਵਿਚ ਹੀ ਨਹੀਂ ਸਗੋਂ ਬਾਕੀ ਸੂਬਿਆਂ ਵਿਚ ਵੀ ਭਾਜਪਾ ਦੇ ਸ਼ਾਸਨ ਦਾ ਅੰਤ ਹੋਵੇਗਾ।
ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਮਹਾਤਮਾ ਗਾਂਧੀ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਜਮਹੂਰੀ ਹੱਕਾਂ ਦੀ ਰਾਖੀ ਲਈ ਰਾਸ਼ਟਰ ਪਿਤਾ ਪਾਸੋਂ ਪ੍ਰੇਰਨਾ ਲੈਣ ਲਈ ਦ੍ਰਿੜ ਸੰਕਲਪ ਲਿਆ। ਇਸ ਮੌਕੇ ਮੁੱਖ ਮੰਤਰੀ ਨੇ ਚੰਡੀਗੜ੍ਹ ਦੇ ਯੂਥ ਕਾਂਗਰਸ ਵਰਕਰਾਂ ਦੇ ਧਰਨੇ ਵਿਚ ਵੀ ਸ਼ਮੂਲੀਅਤ ਕੀਤੀ। ਅੱਜ ਦੇ ਪ੍ਰਦਰਸ਼ਨ ਵਿਚ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ, ਪਰਗਟ ਸਿੰਘ, ਸੰਗਤ ਸਿੰਘ ਗਿਲਜ਼ੀਆਂ, ਗੁਰਕੀਰਤ ਸਿੰਘ ਕੋਟਲੀ ਤੋਂ ਇਲਾਵਾ ਕਈ ਵਿਧਾਇਕਾਂ, ਪਾਰਟੀ ਲੀਡਰਾਂ ਤੇ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly