ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਦਾ ਐਲਾਨ ਕਰਦਿਆਂ ਦੱਸਿਆ ਹੈ ਕਿ ਇਸ ਸਕੀਮ ਤਹਿਤ ਸ਼ਹਿਰਾਂ ਅਤੇ ਪਿੰਡਾਂ ਦੇ ‘ਲਾਲ ਲਕੀਰ’ ਅੰਦਰ ਪੈਂਦੇ ਘਰਾਂ ਵਿਚ ਰਹਿ ਰਹੇ ਲੋਕਾਂ ਨੂੰ ਮਾਲਕੀ ਹੱਕ ਦਿੱਤੇ ਜਾਣਗੇ। ਸੂਬਾਈ ਵਜ਼ਾਰਤ ਦੀ ਮੀਟਿੰਗ ਦੌਰਾਨ ਲਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਮੁੱਚੀ ਪ੍ਰਕਿਰਿਆ ਨੂੰ ਦੋ ਮਹੀਨੀਆਂ ਵਿਚ ਮੁਕੰਮਲ ਕਰ ਲਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਪਹਿਲਾਂ ਇਹ ਸਕੀਮ ਸਿਰਫ ਪਿੰਡਾਂ ਦੇ ਲੋਕਾਂ ਲਈ ਸ਼ੁਰੂ ਕੀਤੀ ਗਈ ਸੀ ਪਰ ਹੁਣ ਘੇਰਾ ਵਧਾ ਕੇ ਇਸ ਨੂੰ ਲਾਲ ਲਕੀਰ ਅੰਦਰ ਸ਼ਹਿਰਾਂ ਦੇ ਯੋਗ ਵਾਸੀਆਂ ਲਈ ਵੀ ਲਾਗੂ ਕੀਤਾ ਜਾ ਰਿਹਾ ਹੈ। ਲਾਭਪਾਤਰੀਆਂ ਨੂੰ ਇਸ ਸਬੰਧੀ ਆਪਣੇ ਇਤਰਾਜ਼ ਦਾਇਰ ਕਰਨ ਲਈ 15 ਦਿਨ ਦਾ ਸਮਾਂ ਦਿੱਤਾ ਜਾਵੇਗਾ ਅਤੇ ਇਸ ਲਈ ਸਬੰਧਤ ਲੋਕਾਂ ਪਾਸੋਂ ਕੋਈ ਜਵਾਬ ਨਾ ਆਉਣ ਦੀ ਸੂਰਤ ਵਿਚ ਜਾਇਦਾਦ ਕਾਰਡ ਜਾਰੀ ਕਰ ਦਿੱਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ਾਂ ’ਚ ਵੱਸਦੇ ਪਰਵਾਸੀ ਭਾਰਤੀਆਂ ਦੀਆਂ ਸੰਪਤੀਆਂ ਦੀ ਰਾਖੀ ਲਈ ਜਲਦੀ ਹੀ ਸਰਕਾਰ ਪੰਜਾਬ ਵਿਧਾਨ ਸਭਾ ਵਿੱਚ ਕਾਨੂੰਨ ਲਿਆਏਗੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਐਨ.ਆਰ.ਆਈਜ਼ ਦੀ ਮਲਕੀਅਤ ਵਾਲੀ ਖੇਤੀ ਜ਼ਮੀਨ ਦੀ ਗਿਰਦਾਵਰੀ ਉਨ੍ਹਾਂ ਦੇ ਨਾਂ ’ਤੇ ਕੀਤੀ ਜਾਵੇਗੀ। ਉਨ੍ਹਾਂ ਦੋ ਕਿਲੋਵਾਟ ਲੋਡ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ ਕਰਨ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਸਪੱਸਟ ਤੌਰ ’ਤੇ ਕਿਹਾ ਕਿ ਜਾਤ, ਨਸਲ ਅਤੇ ਧਰਮ ਦੇ ਵਖਰੇਵੇਂ ਤੋਂ ਬਿਨਾਂ ਹਰੇਕ ਨੂੰ ਇਸ ਮੁਆਫੀ ਦਾ ਲਾਭ ਮਿਲੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly