ਜੰਮੂ (ਸਮਾਜ ਵੀਕਲੀ) : ਕੇਂਦਰੀ ਗ੍ਰਹਿ ਮੰਤਰੀ ਨੇ ਅੱਜ ਇੱਥੇ ਕਿਹਾ ਕਿ ਸਰਕਾਰ ਦਾ ਟੀਚਾ ਜੰਮੂ ਕਸ਼ਮੀਰ ’ਚੋਂ ਅਤਿਵਾਦ ਦਾ ਸਫ਼ਾਇਆ ਕਰਨਾ ਤੇ ਆਮ ਲੋਕਾਂ ਦੀਆਂ ਹੱਤਿਆਵਾਂ ਰੋਕਣ ਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕੇਂਦਰੀ ਸ਼ਾਸਿਤ ਪ੍ਰਦੇਸ਼ ’ਚ ਅਮਨ ਤੇ ਵਿਕਾਸ ਦੇ ਰਾਹ ’ਚ ਅੜਿੱਕੇ ਨਹੀਂ ਪਾਉਣ ਦਿੱਤੇ ਜਾਣਗੇ। ਜੰਮੂ ਕਸ਼ਮੀਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਿਲ ’ਚ ਵਿਸ਼ੇਸ਼ ਥਾਂ ਰੱਖਦਾ ਹੈ।
ਤਿੰਨ ਰੋਜ਼ਾ ਫੇਰੀ ਲਈ ਜੰਮੂ ਕਸ਼ਮੀਰ ਆੲੇ ਸ਼ਾਹ ਅੱਜ ਦੂਜੇ ਦਿਨ ਜੰਮੂ ਦੇ ਭਗਵਤੀ ਨਗਰ ਵਿੱਚ ਇਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਸ਼ਾਹ ਨੇ ਕਿਹਾ ਕਿ 12000 ਕਰੋੜ ਰੁਪਏ ਦਾ ਨਿਵੇਸ਼ ਪਹਿਲਾਂ ਹੀ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਹੋ ਚੁੱਕਾ ਹੈ ਤੇ ਸਾਲ 2022 ਦੇ ਅਖੀਰ ਤੱਕ ਸਰਕਾਰ ਦਾ ਇਸ ਨਿਵੇਸ਼ ਨੂੰ 51000 ਕਰੋੜ ਰੁਪਏ ਕਰਨ ਦਾ ਟੀਚਾ ਹੈ ਜਿਸ ਨਾਲ ਸਥਾਨਕ ਨੌਜਵਾਨਾਂ ਨੂੰ ਪੰਜ ਲੱਖ ਨੌਕਰੀਆਂ ਮਿਲਣਗੀਆਂ। ਪੰਜ ਅਗਸਤ 2019 ਨੂੰ ਰਾਜ ਦਾ ਵਿਸ਼ੇਸ਼ ਦਰਜਾ ਖਤਮ ਕਰਨ ਅਤੇ ਉਸ ਨੂੰ ਦੋ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ’ਚ ਵੰਡਣ ਦੇ ਕੇਂਦਰ ਦੇ ਫ਼ੈਸਲੇ ਮਗਰੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੈ। ਉਨ੍ਹਾਂ ਕਾਂਗਰਸ, ਨੈਸ਼ਨਲ ਕਾਨਫਰੰਸ ਤੇ ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਦਾ ਨਾਂ ਲਏ ਬਿਨਾਂ ਕਿਹਾ ਕਿ ਪਿਛਲੇ ਸੱਤ ਦਹਾਕਿਆਂ ’ਚ ਜੰਮੂ ਕਸ਼ਮੀਰ ਦਾ ਵਿਕਾਸ ਨਾ ਹੋਣ ਲਈ ਤਿੰਨ ਪਰਿਵਾਰ ਲੋਕਾਂ ਪ੍ਰਤੀ ਜਵਾਬਦੇਹ ਹਨ।
ਉਨ੍ਹਾਂ ਕਿਹਾ, ‘ਮੋਦੀ ਦੀ ਅਗਵਾਈ ਹੇਠ ਜੰਮੂ ਕਸ਼ਮੀਰ ’ਚ ਵਿਕਾਸ ਦਾ ਨਵਾਂ ਦੌਰ ਸ਼ੁਰੂ ਹੋ ਗਿਆ ਹੈ ਪਰ ਨੁਕਸਾਨ ਪਹੁੰਚਾਉਣ ਵਾਲੇ ਤੱਤ ਅੜਿੱਕੇ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਮੈਂ ਇੱਥੇ ਤੁਹਾਨੂੰ ਇਹ ਯਕੀਨ ਦਿਵਾਉਣ ਆਇਆ ਹਾਂ ਕਿ ਕੋਈ ਵੀ ਅੜਿੱਕਾ ਨਹੀਂ ਪਾ ਸਕੇਗਾ ਤੇ ਵਿਕਾਸ ਨੂੰ ਰੋਕ ਨਹੀਂ ਸਕੇਗਾ।’ ਕਸ਼ਮੀਰ ’ਚ ਇਸ ਮਹੀਨੇ ਅਤਿਵਾਦੀਆਂ ਵੱਲੋਂ ਕੀਤੀਆਂ ਗਈਆਂ ਆਮ ਲੋਕਾਂ ਦੀਆਂ ਹੱਤਿਆਵਾਂ ਵੱਲ ਇਸ਼ਾਰਾ ਕਰਦਿਆਂ ਸ਼ਾਹ ਨੇ ਕਿਹਾ ਕਿ ਕੁਝ ਲੋਕ ਯੂਟੀ ’ਚ ਸੁਰੱਖਿਆ ਹਾਲਾਤ ਨੂੰ ਲੈ ਕੇ ਸਵਾਲ ਖੜ੍ਹੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਅਜਿਹਾ ਮਾਹੌਲ ਬਣਾਉਣਾ ਚਾਹੁੰਦੇ ਹਨ ਕਿ ਇੱਕ ਵੀ ਵਿਅਕਤੀ ਦੀ ਜਾਨ ਨਾ ਜਾਵੇ ਅਤੇ ਅਤਿਵਾਦ ਦਾ ਸਫ਼ਾਇਆ ਹੋ ਜਾਵੇ। ਅਮਿਤ ਸ਼ਾਹ ਨੇ ਕਿਹਾ ਕਿ ਜੰਮੂ ਦੇ ਲੋਕਾਂ ਨੂੰ ਕਿਨਾਰੇ ਕਰਨ ਦਾ ਸਮਾਂ ਹੁਣ ਖ਼ਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਕਸ਼ਮੀਰ ਤੇ ਜੰਮੂ ਦਾ ਇਕੱਠਿਆਂ ਵਿਕਾਸ ਹੋਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly