ਚੰਡੀਗੜ੍ਹ, (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਨੇ ਪੈਟਰੋਲ-ਡੀਜ਼ਲ ’ਤੇ 10 ਰੁਪਏ ਵੈਟ ਘਟਾਉਣ ਅਤੇ ਨਰਮੇ ਦੀ ਨੁਕਸਾਨੀ ਫ਼ਸਲ ਲਈ ਮੁਆਵਜ਼ੇ ਦੀ ਮੰਗ ਕਰਦਿਆਂ ਚੰਡੀਗੜ੍ਹ ’ਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਅਕਾਲੀ ਆਗੂਆਂ ਤੇ ਵਰਕਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਪੁਲੀਸ ਨੇ ਜਲ ਤੋਪਾਂ ਦੀ ਵਰਤੋਂ ਕਰਦਿਆਂ ਲਾਠੀਚਾਰਜ ਕੀਤਾ। ਦਰਜਨ ਦੇ ਕਰੀਬ ਅਕਾਲੀ ਆਗੂਆਂ ਦੇ ਇਸ ਦੌਰਾਨ ਸੱਟਾਂ ਲੱਗੀਆਂ। ਪੁਲੀਸ ਨੇ ਸਾਬਕਾ ਉਪ ਮੁੱਖ ਮੰਤਰੀ ਮੰਤਰੀ ਸੁਖਬੀਰ ਸਿੰਘ ਬਾਦਲ ਸਣੇ ਵੱਡੀ ਗਿਣਤੀ ’ਚ ਅਕਾਲੀ ਵਰਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਸਾਬਕਾ ਉਪ ਮੁੱਖ ਮੰਤਰੀ ਮੰਤਰੀ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ’ਚ ਬੇਮੌਸਮੇ ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀ ਨਰਮੇ ਦੀ ਫ਼ਸਲ ਖਰਾਬ ਹੋ ਗਈ ਹੈ। ਸੂਬਾ ਸਰਕਾਰ ਨਰਮੇ ਦੀ ਫ਼ਸਲ ਦਾ ਮੁਆਵਜ਼ਾ ਸਿਰਫ਼ 12 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਰਹੀ ਹੈ ਜੋ ਕਿ ਬਹੁਤ ਘੱਟ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਨਰਮੇ ਦੀ ਨੁਕਸਾਨੀ ਗਈ ਫ਼ਸਲ ਦਾ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਇਸੇ ਤਰ੍ਹਾਂ ਗੁਆਂਢੀ ਸੂਬਿਆਂ ਵਾਂਗ ਪੰਜਾਬ ’ਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੋਂ ਵੈਟ ਘਟਾਇਆ ਜਾਵੇ ਤਾਂ ਕਿ ਪੰਜਾਬੀਆਂ ਨੂੰ ਮਹਿੰਗਾਈ ਤੋਂ ਰਾਹਤ ਦਿਵਾਈ ਜਾ ਸਕੇ। ਅਕਾਲੀ ਵਰਕਰਾਂ ਨੇ ਜਗਦੀਸ਼ ਟਾਈਟਲਰ ਸਮੇਤ 1984 ਦੇ ਸਿੱਖ ਕਤਲੇਆਮ ਦੇ ਕਾਤਲਾਂ ਨੂੰ ਦਿੱਤੀ ਜਾ ਰਹੀ ਸੁਰੱਖਿਆ ਬੰਦ ਕਰਨ ਦੀ ਮੰਗ ਕੀਤੀ।
ਇਸ ਦੇ ਨਾਲ ਹੀ ਗਾਂਧੀ ਪਰਿਵਾਰ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ। ਬਾਦਲ ਨੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਅਕਾਲੀ ਵਰਕਰਾਂ ’ਤੇ ਲਾਠੀਚਾਰਚ ਕਰਨ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਰਾਜ ਦੇ ਵਸੀਲਿਆਂ ਦੀ ਸ਼ਰ੍ਹੇਆਮ ਲੁੱਟ-ਖਸੁੱਟ ਕਰਨ ਵਾਲੀ ਭ੍ਰਿਸ਼ਟ ਕਾਂਗਰਸ ਸਰਕਾਰ ਵਿਰੁੱਧ ਆਵਾਜ਼ ਚੁੱਕਣ ਵਾਲੇ ਲੋਕਾਂ ਨੂੰ ਰੋਕਣ ਦੀ ਸਾਜਿਸ਼ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸੂਬੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉੱਦੋਂ ਤੱਕ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਆਵਾਜ਼ ਚੁੱਕਦਾ ਰਹੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ ਅਤੇ ਪੰਜਾਬ ਵਾਸੀ ਅੱਤਿਆਚਾਰ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।
ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬਿਕਰਮ ਸਿੰਘ ਮਜੀਠੀਆ, ਮਹੇਸ਼ਇੰਦਰ ਸਿੰਘ ਗਰੇਵਾਲ, ਗੁਲਜ਼ਾਰ ਸਿੰਘ ਰਣੀਕੇ, ਡਾ. ਦਲਜੀਤ ਸਿੰਘ ਚੀਮਾ, ਐਨਕੇ ਸ਼ਰਮਾ, ਮਨਤਾਰ ਸਿੰਘ ਬਰਾੜ, ਚਰਨਜੀਤ ਸਿੰਘ ਬਰਾੜ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਅਨਿਲ ਜੋਸ਼ੀ, ਹਰਪ੍ਰੀਤ ਸਿੰਘ ਕੋਟਭਾਈ, ਵਰਦੇਵ ਸਿੰਘ ਨੋਨੀਮਾਨ, ਬਰਜਿੰਦਰ ਸਿੰਘ ਮੱਖਣ ਬਰਾੜ, ਡਿੰਪੀ ਢਿੱਲੋਂ, ਪਰਮਬੰਸ ਸਿੰਘ ਰੋਮਾਣਾ, ਰੋਜ਼ੀ ਬਰਕੰਦੀ, ਤਲਬੀਰ ਸਿੰਘ ਗਿੱਲ, ਗੁਰਪ੍ਰਤਾਪ ਸਿੰਘ ਟਿੱਕਾ, ਹੰਸਰਾਜ ਜੋਸਨ, ਮਹਿੰਦਰ ਰਿਣਵਾ, ਮੌਂਟੂ ਵੋਹਰਾ ਅਤੇ ਅਰਸ਼ਦੀਪ ਸਿੰਘ ਰੋਬਿਨ ਬਰਾੜ ਵੀ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly