ਡੱਬਵਾਲੀ (ਸਮਾਜ ਵੀਕਲੀ): ਇੱਥੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਤੋਂ ਰਾਹਤ ਦਿਵਾਉਣ ਲਈ ਤੁਰੰਤ ਕੀਮਤ ਕਟੌਤੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਚੋਣਾਂ ਨੇੜੇ ਹੋਣ ਕਰ ਕੇ ਲੋਕਾਂ ਨੂੰ ਭਰਮਾਉਣ ਲਈ ਨਿੱਤ ਨਵੀਂ ਸਿਆਸੀ ਸ਼ੋਸ਼ੇਬਾਜ਼ੀਆਂ ਤਾਂ ਕਰ ਰਹੀ ਹੈ, ਜਦਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਕਟੌਤੀ ਬਾਰੇ ਫੈਸਲਾ ਕੈਬਨਿਟ ’ਚ ਵਿਚਾਰਨ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ। ਸ੍ਰੀ ਬਾਦਲ ਨੇ ਕਿਹਾ ਕਿ ਗੁਆਂਢੀ ਸੂਬੇ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨੇ ਤੇਲ ਕੀਮਤਾਂ ’ਚ ਕਟੌਤੀ ਲਈ ਪਹਿਲਕਦਮੀ ਕੀਤੀ ਹੈ। ਸ੍ਰੀ ਬਾਦਲ ਅੱਜ ਡੱਬਵਾਲੀ ਵਿੱਚ ਇੱਕ ਵਿਆਹ ਸਮਾਗਮ ’ਚ ਸ਼ਿਰਕਤ ਕਰਨ ਪੁੱਜੇ ਹੋਏ ਸਨ।
ਉਨ੍ਹਾਂ ਆਖਿਆ ਕਿ ਦਸੰਬਰ ਮਹੀਨੇ ’ਚ ਪੰਜਾਬ ਵਿੱਚ ਚੋਣ ਜ਼ਾਬਤਾ ਲੱਗ ਜਾਣਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਲੋਕਾਂ ਨੂੰ ਭਰਮਾ ਕੇ ਵੋਟਾਂ ਬਟੋਰਨ ਦੀ ਸਾਜ਼ਿਸ਼ ਹੁਣ ਦੁਬਾਰਾ ਸਫ਼ਲ ਨਹੀਂ ਹੋਵੇਗੀ। ਦੇਸ਼ ਵਿੱਚ ਵੱਖ ਵੱਖ ਜ਼ਿਮਨੀ ਚੋਣਾਂ ’ਚ ਭਾਜਪਾ ਦੀ ਕਰਾਰੀ ਹਾਰ ’ਤੇ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਹ ਹਾਰ ਕਿਸਾਨੀ ਸੰਘਰਸ਼ ਦਾ ਸਿੱਟਾ ਹੈ। ਲੰਬੀ ਹਲਕੇ ਤੋਂ ਵਿਧਾਨ ਸਭਾ ਚੋਣ ਲੜਨ ਬਾਰੇ ਸੁਆਲ ’ਤੇ ਉਨ੍ਹਾਂ ਕਿਹਾ ਕਿ ਉਹ ਕੁਝ ਨਹੀਂ ਕਹਿ ਸਕਦੇ। ਉਨ੍ਹਾਂ ਕਿਹਾ, ‘‘ਸੋਚਾਂਗੇ, ਜਿਵੇਂ ਪਾਰਟੀ ਨੇ ਕਿਹਾ, ਪਾਰਟੀ ਇਜ਼ ‘ਸੁਪਰੀਮ’।’’ ਸ੍ਰੀ ਬਾਦਲ ਆਪਣੀ ਮੁੱਠੀ ਬੰਦ ਸੁਭਾਅ ਲਈ ਜਾਣੇ ਜਾਂਦੇ ਹਨ। ਪਿਛਲੇ ਕਾਫ਼ੀ ਦਿਨਾਂ ਤੋਂ ਉਨ੍ਹਾਂ ਨੇ ਪਿੰਡ ਬਾਦਲ ਰਿਹਾਇਸ਼ ’ਤੇ ਜਨਤਾ ਅਤੇ ਵਰਕਰਾਂ ਨਾਲ ਮੁਲਾਕਾਤਾਂ ਦਾ ਦੌਰ ਵਿੱਢਿਆ ਹੋਇਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly