ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਵਿਧਾਨ ਸਭਾ ਦੀ ਪੰਜ ਮੈਂਬਰੀ ਕਮੇਟੀ ਨੇ ਕਿਸਾਨ ਅੰਦੋਲਨ ਦੌਰਾਨ ਸਮਾਜਿਕ ਕਾਰਕੁਨਾਂ ਅਤੇ ਲੋਕਾਂ ’ਤੇ ਹੋਏ ਤਸ਼ੱਦਦ ਦੇ ਮਾਮਲੇ ਵਿਚ ਕੇਂਦਰ ਸਰਕਾਰ ਅਤੇ ਦਿੱਲੀ ਪੁਲੀਸ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਹੈ। ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਰੱਖੀ ਕਮੇਟੀ ਦੀ ਰਿਪੋਰਟ ਵਿੱਚ 26 ਜਨਵਰੀ ਨੂੰ ਕਿਸਾਨਾਂ ਦੇ ਟਰੈਕਟਰ ਮਾਰਚ ਦੌਰਾਨ ਲਾਲ ਕਿਲ੍ਹੇ ਵਿੱਚ ਹੋਈ ਹਿੰਸਾ ਨੂੰ ਸਾਜ਼ਿਸ਼ ਕਰਾਰ ਦਿੱਤਾ ਗਿਆ ਹੈ। ਕਮੇਟੀ ਨੇ ਪੰਜਾਬ ਸਰਕਾਰ ਨੂੰ ਵਿਸ਼ੇਸ਼ ਜਾਂਚ ਟੀਮ ਗਠਿਤ ਕਰਨ, ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਉਚਿਤ ਮੰਚ ’ਤੇ ਉਠਾਉਣ ਤੇ ਪੀੜਤਾਂ ਦੇ ਕੇਸ ਮੁਫ਼ਤ ਲੜਨ ਲਈ ਐਡਵੋਕੇਟ ਜਨਰਲ ਦੀ ਅਗਵਾਈ ’ਚ ਸੀਨੀਅਰ ਵਕੀਲਾਂ ਦਾ ਪੈਨਲ ਬਣਾਉਣ ਸਮੇਤ ਕੁਝ ਹੋਰ ਸਿਫਾਰਸ਼ਾਂ ਕੀਤੀਆਂ ਹਨ।
ਇਸ ਸਾਲ 30 ਮਾਰਚ ਨੂੰ ਗਠਿਤ ਇਸ ਕਮੇਟੀ ਨੇ 26 ਜਨਵਰੀ ਦੀ ਹਿੰਸਾ ਮਗਰੋਂ ਸਮਾਜਿਕ ਕਾਰਕੁਨਾਂ ਅਤੇ ਲੋਕਾਂ ’ਤੇ ਹੋਏ ਤਸ਼ੱਦਦ ਦੀ ਛਾਣਬੀਣ ਲਈ ਪੀੜਤਾਂ ਨਾਲ ਮੁਲਾਕਾਤਾਂ ਕੀਤੀਆਂ ਸਨ। ਵਿਧਾਇਕ ਕੁਲਦੀਪ ਸਿੰਘ ਵੈਦ ਦੀ ਅਗਵਾਈ ਹੇਠ ਬਣੀ ਕਮੇਟੀ ਦੇ ਮੈਂਬਰਾਂ ਵਿਚ ਸਰਵਜੀਤ ਕੌਰ ਮਾਣੂਕੇ, ਫਤਹਿਜੰਗ ਸਿੰਘ ਬਾਜਵਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਕੁਲਬੀਰ ਜੀਰਾ ਸ਼ਾਮਲ ਹਨ। ਕਮੇਟੀ ਨੇ ਆਪਣੀ ਰਿਪੋਰਟ ਵਿੱਚ ਸਿਫਾਰਸ਼ ਕੀਤੀ ਕਿ ਪੰਜਾਬ ਸਰਕਾਰ ਦਿੱਲੀ ਪੁਲੀਸ ਕੋਲ ਇਹ ਮਾਮਲਾ ਵੀ ਚੁੱਕੇ ਕਿ ਜੇਕਰ ਕਿਸਾਨ ਘੋਲ ਨਾਲ ਸਬੰਧਤ ਕਿਸੇ ਵਿਅਕਤੀ ਜਾਂ ਕਿਸਾਨ ਦੀ ਦਿੱਲੀ ਪੁਲੀਸ ਨੂੰ ਲੋੜ ਹੈ ਤਾਂ ਉਹ ਪਹਿਲਾਂ ਪੰਜਾਬ ਪੁਲੀਸ ਨੂੰ ਸੂਚਿਤ ਕਰੇ। ਕਮੇਟੀ ਨੇ ਕਿਹਾ ਕਿ ਐਡਵੋਕੇਟ ਜਨਰਲ ਦੀ ਨਿਗਰਾਨੀ ਹੇਠ ਸੀਨੀਅਰ ਵਕੀਲਾਂ ਦਾ ਪੈਨਲ ਬਣੇ, ਜੋ ਪੀੜਤਾਂ ਦੇ ਕੇਸ ਮੁਫ਼ਤ ਲੜੇ। ਅਦਾਲਤਾਂ ਵਿਚ ਨੌਜਵਾਨਾਂ ਦੇ ਜਮ੍ਹਾਂ ਪਾਸਪੋਰਟ ਵਾਪਸ ਦਿਵਾਏ ਜਾਣ।
ਕਮੇਟੀ ਵੱਲੋਂ 83 ਪੀੜਤਾਂ ਦੇ ਬਿਆਨ ਵੀ ਕਲਮਬੰਦ ਕੀਤੇ ਗਏ। ਕਮੇਟੀ ਨੇ ਇਸ ਗੱਲ ’ਤੇ ਮੋਹਰ ਲਾਈ ਕਿ 26 ਜਨਵਰੀ ਨੂੰ ਦਿੱਲੀ ਪੁਲੀਸ ਨੇ ਬੈਰੀਕੇਡ ਹਟਾ ਕੇ ਟਰੈਕਟਰ ਮਾਰਚ ਦੌਰਾਨ ਇੱਕ ਸਾਜ਼ਿਸ਼ ਤਹਿਤ ਕਿਸਾਨਾਂ ਨੂੰ ਲਾਲ ਕਿਲ੍ਹੇ ਦੇ ਰਸਤੇ ਭੇਜਿਆ ਸੀ। ਕਮੇਟੀ ਨੇ ਇਹ ਨੁਕਤਾ ਵੀ ਰੱਖਿਆ ਕਿ ਸਾਜ਼ਿਸ਼ ਤਹਿਤ ਹੀ ਨੌਜਵਾਨਾਂ ਨੂੰ ਬਿਨਾਂ ਕਿਸੇ ਰੋਕ-ਟੋਕ ਦੇ ਲਾਲ ਕਿਲ੍ਹੇ ਅੰਦਰ ਜਾਣ ਦਿੱਤਾ ਗਿਆ ਅਤੇ ਮਗਰੋਂ ਇਸ ਘਟਨਾ ਨੂੰ ਆਪਣੇ ਤਰੀਕੇ ਨਾਲ ਮੋੜਾ ਦੇ ਕੇ ਕਿਸਾਨਾਂ ਨੂੰ, ਸਿੱਖਾਂ ਨੂੰ ਅਤੇ ਕਿਸਾਨੀ ਘੋਲ ਨੂੰ ਬਦਨਾਮ ਕਰਨ ਲਈ ਵਰਤਿਆ ਗਿਆ। ਇਸੇ ਤਰ੍ਹਾਂ 29 ਜਨਵਰੀ ਨੂੰ ਗੁੰਡਿਆਂ ਵੱਲੋਂ ਸ਼ਾਂਤਮਈ ਧਰਨੇ ’ਤੇ ਬੈਠੇ ਕਿਸਾਨਾਂ ’ਤੇ ਇੱਟਾਂ ਵੱਟੇ ਮਾਰੇ ਗਏ ਅਤੇ ਉਲਟਾ ਪੁਲੀਸ ਨੇ ਕਿਸਾਨਾਂ ਨੂੰ ਇੱਥੋਂ ਚਲੇ ਜਾਣ ਲਈ ਕਿਹਾ। ਪੀੜਤ ਜਥੇਦਾਰ ਗੁਰਮੁੱਖ ਸਿੰਘ ਨੂੰ ਰਸਤੇ ’ਚੋਂ ਫੜ ਕੇ ਪੁਲੀਸ ਵਾਲਿਆਂ ਨੇ ਬੂਟਾਂ ਦੇ ਠੁੱਡੇ ਮਾਰੇ। ਮਹਿਲਾ ਭਿੰਦਰਜੀਤ ਕੌਰ ਅਤੇ ਹੋਰਨਾਂ ਔਰਤਾਂ ਨੂੰ ਰਾਤ ਨੂੰ ਅਣਜਾਣ ਜਗ੍ਹਾ ’ਤੇ ਛੱਡਿਆ ਗਿਆ|
ਪੰਜਾਬ ’ਚੋਂ ਦੋ ਨੌਜਵਾਨਾਂ ਨੂੰ ਦਿੱਲੀ ਪੁਲੀਸ ਬਿਨਾਂ ਇਤਲਾਹ ਦੇ ਲੈ ਕੇ ਗਈ। ਲੱਖਾ ਸਧਾਣਾ ਦੇ ਭਰਾ ਗੁਰਦੀਪ ਸਿੰਘ ਨੂੰ ਦਿੱਲੀ ਪੁਲੀਸ ਨੇ ਚੁੱਕਿਆ। ਗੁਰਦੀਪ ਸਿੰਘ ਵੱਲੋਂ ਦਰਜ ਰਿਪੋਰਟ ’ਤੇ ਬਣਦੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਮੁਕਤਸਰ ਦੀ ਨੌਦੀਪ ਕੌਰ ਦੇ ਮਾਮਲੇ ਵਿਚ ਹਰਿਆਣਾ ਪੁਲੀਸ ਵੱਲੋਂ ਕੀਤੀ ਕੁੱਟਮਾਰ ਦੀ ਪੁਸ਼ਟੀ ਹੋਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly