ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਿਆ

ਅੰਮ੍ਰਿਤਸਰ / ਲਾਹੌਰ (ਸਮਾਜ ਵੀਕਲੀ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਗਪਗ 20 ਮਹੀਨਿਆਂ ਮਗਰੋਂ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ’ਤੇ ਅੱਜ 28 ਭਾਰਤੀ ਸਿੱਖ ਸ਼ਰਧਾਲੂਆਂ ਦਾ ਪਹਿਲਾ ਜਥਾ ਪਾਕਿਸਤਾਨ ਵਿੱਚ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਪੁੱਜ ਗਿਆ ਹੈ। ਕਰੋਨਾ ਮਹਾਮਾਰੀ ਕਾਰਨ ਮਾਰਚ 2020 ਨੂੰ ਕਰਤਾਰਪੁਰ ਸਾਹਿਬ ਲਾਂਘਾ ਬੰਦ ਕਰ ਦਿੱਤਾ ਗਿਆ ਸੀ| ਇਸੇ ਤਰ੍ਹਾਂ 2500 ਤੋਂ ਵੱਧ ਸਿੱਖ ਸ਼ਰਧਾਲੂ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਪਹੁੰਚੇ। ਇਵੈਕਿਊ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਦੇ ਬੁਲਾਰੇ ਆਮਿਰ ਹਾਸ਼ਮੀ ਨੇ ਇਹ ਜਾਣਕਾਰੀ ਦਿੱਤੀ। ਹਾਸ਼ਮੀ ਨੇ ਕਿਹਾ ਕਿ ਪਾਕਿਸਤਾਨ ਨੇ 2890 ਭਾਰਤੀ ਸਿੱਖਾਂ ਨੂੰ ਵੀਜ਼ੇ ਜਾਰੀ ਕੀਤੇ ਸਨ, ਜਿਨ੍ਹਾਂ ਵਿੱਚੋਂ 2500 ਤੋਂ ਵੱਧ ਇੱਥੇ ਪੁੱਜੇ ਹਨ।

ਕਰੋਨਾ ਮਹਾਮਾਰੀ ਕਾਰਨ ਮਾਰਚ 2020 ਨੂੰ ਕਰਤਾਰਪੁਰ ਸਾਹਿਬ ਲਾਂਘਾ ਬੰਦ ਕਰ ਦਿੱਤਾ ਗਿਆ ਸੀ| 552ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਅਟਾਰੀ-ਵਾਹਗਾ ਸਰਹੱਦ ਰਾਹੀਂ ਭਾਰਤ ਤੋਂ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਦੇਰ ਸ਼ਾਮ ਗੁਰਦੁਆਰਾ ਨਨਕਾਣਾ ਸਾਹਿਬ ਪੁੱਜ ਗਿਆ ਹੈ, ਜਿਥੇ ਅੱਜ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਅਖੰਡ ਪਾਠ ਆਰੰਭ ਕੀਤੇ ਗਏ ਹਨ। ਇਨ੍ਹਾਂ ਦੇ ਭੋਗ ਗੁਰਪੁਰਬ ਵਾਲੇ ਦਿਨ 19 ਨਵੰਬਰ ਨੂੰ ਪੈਣਗੇ। ਗੁ: ਨਨਕਾਣਾ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ ਅਤੇ ਸੁੰਦਰ ਦੀਪਮਾਲਾ ਕੀਤੀ ਗਈ ਹੈ।

ਇਸ ਤੋਂ ਪਹਿਲਾਂ ਸਿੱਖ ਸ਼ਰਧਾਲੂਆਂ ਦੇ ਜਥੇ ਦਾ ਔਕਾਫ ਬੋਰਡ ਦੇ ਅਧਿਕਾਰੀਆਂ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਜੀਪੀਸੀ) ਦੇ ਆਗੂਆਂ ਵੱਲੋਂ ਹਾਰ ਪਾ ਕੇ ਸਵਾਗਤ ਕੀਤਾ ਗਿਆ। ਜਥੇ ਦੇ ਸਵਾਗਤ ਮੌਕੇ ਪੀਐਸਜੀਪੀਸੀ ਦੇ ਪ੍ਰਧਾਨ ਅਮੀਰ ਸਿੰਘ ਸਮੇਤ ਹੋਰ ਅਹੁਦੇਦਾਰ ਤੇ ਮੈਂਬਰਾਂ ਤੋਂ ਇਲਾਵਾ ਔਕਾਫ ਬੋਰਡ ਦੇ ਅਧਿਕਾਰੀ ਹਾਜ਼ਰ ਸਨ। ਅਮੀਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਦੀ ਸਿੱਖ ਆਵਾਮ ਵੱਲੋਂ ਭਾਰਤ ਸਰਕਾਰ ਤੋਂ ਇਹ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਸੀ, ਜੋ ਅੱਜ ਪੂਰੀ ਹੋ ਗਈ ਹੈ। ਔਕਾਫ ਬੋਰਡ ਦੇ ਅਧਿਕਾਰੀਆਂ ਨੇ ਵੀ ਸ਼ਰਧਾਲੂਆਂ ਨੂੰ ਖੁਸ਼ਆਮਦੀਦ ਕਹੀ। ਉਧਰ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਆਪਣੀ ਵਜ਼ਾਰਤ ਨਾਲ ਭਲਕੇ ਵੀਰਵਾਰ ਨੂੰ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾ ਰਹੇ ਹਨ।

ਮੀਟ ਦੀਆਂ ਦੁਕਾਨਾਂ ਬੰਦ ਕਰਵਾਉਣ ਦੀ ਅਪੀਲ: ਵਿਸ਼ਵ ਭਾਈ ਮਰਦਾਨਾ ਕੀਰਤਨ ਦਰਬਾਰ ਸੁਸਾਇਟੀ ਫਿਰੋਜ਼ਪੁਰ ਦੇ ਪ੍ਰਧਾਨ ਹਰਭਾਲ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਔਕਾਫ਼ ਬੋਰਡ ਪਾਕਿਸਤਾਨ ਦੇ ਚੇਅਰਮੈਨ ਨੂੰ ਇੱਕ ਪੱਤਰ ਭੇਜ ਕੇ ਪ੍ਰਕਾਸ਼ ਪੁਰਬ ਮੌਕੇ ਇੱਕ ਮੀਲ ਇਲਾਕੇ ਵਿੱਚ ਮੀਟ ਦੀਆਂ ਦੁਕਾਨਾਂ ਬੰਦ ਕਰਵਾਉਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਮੰਗ ਕੀਤੀ ਭਾਈ ਮਰਦਾਨਾ ਜੀ ਦੇ ਘਰ ਦੀ ਮੁੜ ਉਸਾਰੀ ਲਈ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਫਿਰੋਜ਼ਪੁਰ ਨੂੰ ਸੇਵਾ ਦਾ ਮੌਕਾ ਦਿੱਤਾ ਜਾਵੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅੰਮ੍ਰਿਤਸਰ ਤੋਂ ਬਿਹਤਰ ਹਵਾਈ ਸੰਪਰਕ ਲਈ ‘ਅੰਮ੍ਰਿਤਸਰ ਵਿਕਾਸ ਮੰਚ’ ਵਲੌਂ ‘ਗੋਫਸਟ’ ਨਾਲ ਮੁਲਾਕਾਤ
Next articleਸ਼੍ਰੋਮਣੀ ਕਮੇਟੀ ਦਾ 855 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ