ਨਵੀਂ ਦਿੱਲੀ (ਸਮਾਜ ਵੀਕਲੀ) : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਰਾਜ ’ਚ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦਾ ਅਧਿਕਾਰ ਖੇਤਰ ਵਧਾਉਣ ਦਾ ਮੁੱਦਾ ਚੁਕਦਿਆਂ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ। ਤ੍ਰਿਣਮੂਲ ਕਾਂਗਰਸ ਦੀ ਮੁਖੀ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਕਿਹਾ ਕਿ ਕਿਸੇ ਵੀ ਹਾਲ ’ਚ ਦੇਸ਼ ਦੇ ਸੰਘੀ ਢਾਂਚੇ ਨੂੰ ਨੁਕਸਾਨ ਨਹੀਂ ਪਹੁੰਚਾਇਆ ਜਾਣਾ ਚਾਹੀਦਾ।
ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਮਤਾ ਬੈਨਰਜੀ ਨੇ ਕਿਹਾ ਕਿ ਉਨ੍ਹਾਂ ਅਗਲੇ ਸਾਲ ਪੱਛਮੀ ਬੰਗਾਲ ’ਚ ਹੋਣ ਵਾਲੇ ਆਲਮੀ ਕਾਰੋਬਾਰ ਸੰਮੇਲਨ ਦਾ ਉਦਘਾਟਨ ਕਰਨ ਲਈ ਪ੍ਰਧਾਨ ਮੰਤਰੀ ਨੂੰ ਸੱਦਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਤ੍ਰਿਪੁਰਾ ਹਿੰਸਾ ਦਾ ਮੁੱਦਾ ਵੀ ਚੁੱਕਿਆ ਜਿਸ ’ਚ ਤ੍ਰਿਣਮੂਲ ਕਾਂਗਰਸ ਦੇ ਵਰਕਰਾਂ ’ਤੇ ਭਾਜਪਾ ਵਰਕਰਾਂ ਵੱਲੋਂ ਕਥਿਤ ਹਮਲੇ ਕੀਤੇ ਗਏ ਹਨ। ਉੱਤਰ ਪ੍ਰਦੇਸ਼ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ, ‘ਜੇਕਰ ਅਖਿਲੇਸ਼ ਯਾਦਵ (ਸਮਾਜਵਾਦੀ ਪਾਰਟੀ ਦੇ ਪ੍ਰਧਾਨ) ਨੂੰ ਸਾਡੀ ਮਦਦ ਦੀ ਲੋੜ ਹੋਵੇਗੀ ਤਾਂ ਅਸੀਂ ਉਨ੍ਹਾਂ ਦੀ ਮਦਦ ਕਰਨ ਲਈ ਤਿਆਰ ਹਾਂ।’ ਮਮਤਾ ਬੈਨਰਜੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਪ੍ਰਧਾਨ ਮੰਤਰੀ ਤੋਂ ਇਲਾਵਾ ਉਨ੍ਹਾਂ ਕਿਸੇ ਵੀ ਹੋਰ ਨੇਤਾ ਤੋਂ ਮਿਲਣ ਲਈ ਸਮਾਂ ਨਹੀਂ ਮੰਗਿਆ।
ਮਮਤਾ ਬੈਨਰਜੀ ਨੇ ਸੰਕੇਤ ਦਿੱਤਾ ਕਿ ਉਹ ਪਾਰਟੀ ਦੇ ਵਿਸਤਾਰ ਦਾ ਪ੍ਰੋਗਰਾਮ ਜਾਰੀ ਰੱਖਣਗੇ ਤੇ ਇਸ ਸਿਲਸਿਲੇ ’ਚ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦੀ ਹਲਕੇ ਵਾਰਾਣਸੀ ਦਾ ਦੌਰਾ ਵੀ ਕਰਨਗੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly