ਐਸਏਐਸ ਨਗਰ (ਮੁਹਾਲੀ) (ਸਮਾਜ ਵੀਕਲੀ) : ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਸਾਰੇ ਕੱਚੇ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਉਹ ਅੱਜ ਇੱਥੇ ਸਿੱਖਿਆ ਭਵਨ ਦੇ ਬਾਹਰ ਲੜੀਵਾਰ ਧਰਨੇ ’ਤੇ ਬੈਠੇ ਕੱਚੇ ਅਧਿਆਪਕਾਂ ਨੂੰ ਸਮਰਥਨ ਦੇਣ ਲਈ ਪਹੁੰਚੇ ਸਨ। ਇਸ ਦੌਰਾਨ ਕੇਜਰੀਵਾਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀ, ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਤੇ ਸੋਹਾਣਾ ਟੈਂਕੀ ’ਤੇ ਚੜ੍ਹੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।
ਸ੍ਰੀ ਕੇਜਰੀਵਾਲ ਤੇ ਭਗਵੰਤ ਮਾਨ ਨੇ ਆਖਿਆ ਕਿ ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ। ਚੋਣਾਂ ਨੇੜੇ ਆਉਣ ਕਾਰਨ ਮੁੱਖ ਮੰਤਰੀ ਐਲਾਨ ’ਤੇ ਐਲਾਨ ਕਰ ਰਹੇ ਹਨ, ਜਦਕਿ ਹਕੀਕਤ ਵਿੱਚ ਕਿਸੇ ਨੂੰ ਕੁਝ ਨਹੀਂ ਮਿਲ ਰਿਹਾ। ਉਨ੍ਹਾਂ ਕੱਚੇ ਅਧਿਆਪਕਾਂ ਤੇ ਸਮੂਹ ਮੁਲਾਜ਼ਮ ਵਰਗ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੂੰ ਪਰਖ ਕੇ ਦੇਖ ਲਿਆ ਹੈ ਹੁਣ ਉਨ੍ਹਾਂ ਨੂੰ ਪੰਜਾਬ ਦੀ ਸੇਵਾ ਦਾ ਮੌਕਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਥਾਂ-ਥਾਂ ’ਤੇ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਇਸ਼ਤਿਹਾਰੀ ਬੋਰਡ ਲੱਗੇ ਹੋਏ ਹਨ ਪਰ ਧਰਨੇ ’ਚ ਪੁੱਜ ਕੇ ਅਸਲੀਅਤ ਪਤਾ ਚੱਲੀ ਕਿ ਸਰਕਾਰ ਨੇ ਹੁਣ ਤੱਕ 36 ਕਰਮਚਾਰੀ ਵੀ ਪੱਕੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਸਾਡੇ ਬੱਚਿਆਂ ਦਾ ਭਵਿੱਖ ਸੰਵਾਰਨ ਵਾਲੇ ਅਧਿਆਪਕ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਹਨ।
ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਅਧਿਆਪਕਾਂ ਨੇ ਇਸ ਵੇਲੇ ਜਮਾਤਾਂ ਵਿੱਚ ਪੜ੍ਹਾ ਰਹੇ ਹੋਣਾ ਸੀ, ਉਹ ਇਨਸਾਫ਼ ਲਈ ਸੜਕਾਂ ’ਤੇ ਰੁਲ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਇਨ੍ਹਾਂ ਨੌਜਵਾਨਾਂ ਕੋਲ ਉੱਚ ਸਿੱਖਿਆ ਤੱਕ ਦੀਆਂ ਡਿਗਰੀਆਂ ਅਸਲੀ ਹਨ ਤਾਂ ਫਿਰ ਉਨ੍ਹਾਂ ਨੂੰ ਨੌਕਰੀਆਂ ਕੱਚੀਆਂ ਕਿਉਂ ਦਿੱਤੀਆਂ ਗਈਆਂ। ਮਾਨ ਨੇ ਕਿਹਾ ਕਿ ਸਕੂਲਾਂ ਦੀਆਂ ਕੰਧਾਂ ਨੂੰ ਰੋਗਨ ਕਰਨ ਨਾਲ ਸਕੂਲ ਸਮਾਰਟ ਨਹੀਂ ਬਣਨ ਲੱਗੇ। ਇਸ ਲਈ ਸਕੂਲਾਂ ਵਿੱਚ ਪੜ੍ਹਾਈ ਦਾ ਪੱਧਰ ਉੱਚਾ ਚੁੱਕਣ ਦੀ ਲੋੜ ਹੈ। ਇਸ ਮੌਕੇ ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਕਨਵੀਨਰ ਅਜਮੇਰ ਸਿੰਘ ਔਲਖ ਨੇ ਕਿਹਾ ਕਿ ਪਹਿਲਾਂ 10 ਸਾਲ ਅਕਾਲੀ ਸਰਕਾਰ, ਫੇਰ ਕੈਪਟਨ ਸਰਕਾਰ ਅਤੇ ਹੁਣ ਚੰਨੀ ਸਰਕਾਰ ਨੇ ਵੀ ਉਨ੍ਹਾਂ ਨੂੰ ਆਪਣੇ ਹੱਕ ਮੰਗਣ ’ਤੇ ਸਿਰਫ਼ ਡਾਂਗਾ ਹੀ ਦਿੱਤੀਆਂ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly