ਖੇਤੀ ਬਿੱਲਾਂ ’ਤੇ ਚਰਚਾ ਤੋਂ ਕਿਉਂ ਭੱਜ ਰਹੀ ਹੈ ਸਰਕਾਰ: ਚੌਧਰੀ

ਨਵੀਂ ਦਿੱਲੀ (ਸਮਾਜ ਵੀਕਲੀ):ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਬਿਨਾ ਚਰਚਾ ਕੀਤੇ ਲੋਕ ਸਭਾ ’ਚੋਂ ਪਾਸ ਕੀਤੇ ਜਾਣ ’ਤੇ ਕਾਂਗਰਸ ਨੇ ਕੇਂਦਰ ਸਰਕਾਰ ’ਤੇ ਦੋਸ਼ ਲਾਇਆ ਕਿ ਸਾਰੇ ਸੰਸਦੀ ਨਿਯਮਾਂ ਦੀਆਂ ਧੱਜੀਆਂ ਉਡਾ ਦਿੱਤੀਆਂ ਗਈਆਂ ਹਨ। ਲੋਕ ਸਭਾ ’ਚ ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਵਿਰੋਧੀ ਧਿਰ ਵੱਲੋਂ ਹਮਾਇਤ ਕੀਤੇ ਜਾਣ ਦੇ ਬਾਵਜੂਦ ਸਰਕਾਰ ਖੇਤੀ ਕਾਨੂੰਨ ਵਾਪਸੀ ਬਿੱਲ ’ਤੇ ਚਰਚਾ ਤੋਂ ਕਿਉਂ ਭੱਜ ਰਹੀ ਹੈ। ਸੰਸਦ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਚੌਧਰੀ ਨੇ ਕਿਹਾ ਕਿ ਕਾਂਗਰਸ ਮੰਗ ਕਰਦੀ ਹੈ ਕਿ ਕਿਸਾਨਾਂ ਨੂੰ ਐੱਮਐੱਸਪੀ ’ਤੇ ਕਾਨੂੰਨੀ ਗਾਰੰਟੀ ਦਿੱਤੀ ਜਾਵੇ ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਇਹ ਮੰਗ ਵੀ ਕੀਤੀ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਲਗਾਤਾਰ ਇੱਕ ਸਾਲ ਚੱਲੇ ਸੰਘਰਸ਼ ਦੌਰਾਨ ਕਿਸਾਨਾਂ ਖ਼ਿਲਾਫ਼ ਜੋ ਵੀ ‘ਝੂਠੇ’ ਕੇਸ ਦਰਜ ਕੀਤੇ ਗਏ ਹਨ, ਉਹ ਰੱਦ ਕੀਤੇ ਜਾਣ।

ਉਨ੍ਹਾਂ ਕਿਹਾ, ‘ਖੇਤੀ ਕਾਨੂੰਨ ਵਾਪਸੀ ਬਿੱਲ ’ਤੇ ਚਰਚਾ ਕਰਨ ’ਚ ਪ੍ਰੇਸ਼ਾਨੀ ਕੀ ਹੈ। ਹੁਣ ਤੱਕ ਅਤੀਤ ’ਚ ਜੋ ਵੀ ਕਾਨੂੰਨ ਵਾਪਸ ਲਏ ਗਏ ਹਨ, ਉਨ੍ਹਾਂ ’ਤੇ ਚਰਚਾ ਹੁੰਦੀ ਰਹੀ ਹੈ। ਸਮੱਸਿਆ ਕੀ ਹੈ।’ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਇਹ ਮੰਗ ਵੀ ਕੀਤੀ ਹੈ ਕਿ ਲਖੀਮਪੁਰ ਖੀਰੀ ਹਿੰਸਾ ਕੇਸ ’ਚ ਗ੍ਰਿਫ਼ਤਾਰ ਕੀਤੇ ਗਏ ਆਸ਼ੀਸ਼ ਮਿਸ਼ਰਾ ਦੇ ਪਿਤਾ ਤੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਅਹੁਦੇ ਤੋਂ ਹਟਾਇਆ ਜਾਵੇ। ਉਨ੍ਹਾਂ ਕਿਹਾ, ‘ਅਸੀਂ ਚਾਹੁੰਦੇ ਸੀ ਕਿ ਸਰਕਾਰ ਸਾਨੂੰ ਇਸ ਬਿੱਲ ’ਤੇ ਆਪਣੀ ਗੱਲ ਰੱਖਣ ਦਾ ਸਮਾਂ ਦੇਵੇ ਪਰ ਸਰਕਾਰ ਨੇ ਸਾਨੂੰ ਇਜਾਜ਼ਤ ਨਹੀਂ ਦਿੱਤੀ ਤੇ ਬਿਨਾਂ ਚਰਚਾ ਦੇ ਬਿੱਲ ਪਾਸ ਕਰ ਦਿੱਤਾ। ਸਰਕਾਰ ਨੂੰ ਕਿਸ ਗੱਲ ਦਾ ਡਰ ਹੈ।’ ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਸਾਰੇ ਸੰਸਦੀ ਨਿਯਮਾਂ ਦੀਆਂ ਧੱਜੀਆਂ ਉਡਾ ਦਿੱਤੀਆਂ ਹਨ। ਸੁਰਜੇਵਾਲਾ ਨੇ ਕਿਹਾ ਕਿ ਸਰਕਾਰ ਨੇ ਬਿੱਲ ਪਾਸ ਕਰ ਦਿੱਤੇ ਕਿਉਂਕਿ ਉਹ ਇਸ ਸਬੰਧੀ ਕੋਈ ਜਵਾਬ ਨਹੀਂ ਦੇਣਾ ਚਾਹੁੰਦੀ। ਜੈਰਾਮ ਰਮੇਸ਼ ਨੇ ਕਿਹਾ ਕਿ ਮੋਦੀ ਸਰਕਾਰ ਨੇ 16 ਮਹੀਨੇ ਪਹਿਲਾਂ ਗ਼ੈਰ ਜਮਹੂਰੀ ਢੰਗ ਨਾਲ ਤਿੰਨ ਨਵੇਂ ਖੇਤੀ ਕਾਨੂੰਨ ਸੰਸਦ ’ਚੋਂ ਪਾਸ ਕੀਤੇ ਸਨ ਤੇ ਅੱਜ ਉਸੇ ਤਰ੍ਹਾਂ ਰੱਦ ਕਰ ਦਿੱਤੇ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵਿਰੋਧੀਆਂ ਵੱਲੋਂ ‘ਜੈ ਕਿਸਾਨ’ ਦੇ ਨਾਅਰਿਆਂ ਨਾਲ ਮੋਦੀ ਦਾ ਸਵਾਗਤ
Next articleਖੇਤੀ ਕਾਨੂੰਨਾਂ ਦੀ ਵਾਪਸੀ ਬਾਰੇ ਸਰਕਾਰ ਅਤੇ ਵਿਰੋਧੀ ਧਿਰਾਂ ਸਨ ਸਹਿਮਤ: ਤੋਮਰ