ਨਵੀਂ ਦਿੱਲੀ (ਸਮਾਜ ਵੀਕਲੀ): ਵਿਰੋਧੀ ਧਿਰਾਂ ਹਾਲਾਂਕਿ ਲੋਕ ਸਭਾ ਵਿਚ ਗ੍ਰਹਿ ਮੰਤਰੀ ਦੇ ਬਿਆਨ ਤੋਂ ਸੰਤੁਸ਼ਟ ਨਹੀਂ ਹੋਈਆਂ ਤੇ ਵਾਕਆਊਟ ਕੀਤਾ। ਕਾਂਗਰਸ, ਡੀਐਮਕੇ, ਸਪਾ, ਬਸਪਾ ਤੇ ਐਨਸੀਪੀ ਦੇ ਮੈਂਬਰ ਸਦਨ ਵਿਚੋਂ ਬਾਹਰ ਚਲੇ ਗਏ। ਉਨ੍ਹਾਂ ਕਿਹਾ ਕਿ ਨਾ ਤਾਂ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ ਤੇ ਨਾ ਹੀ ਜ਼ਿੰਮੇਵਾਰਾਂ ਨੂੰ ਸਜ਼ਾ ਦੇਣ ਬਾਰੇ ਕੁਝ ਕਿਹਾ ਗਿਆ ਹੈ। ਤ੍ਰਿਣਮੂਲ ਕਾਂਗਰਸ ਦੇ ਮੈਂਬਰਾਂ ਨੇ ਹਾਲਾਂਕਿ ਵਾਕਆਊਟ ਨਹੀਂ ਕੀਤਾ। ਇਸ ਤੋਂ ਪਹਿਲਾਂ ਲੋਕ ਸਭਾ ਦੇ ਮੈਂਬਰਾਂ ਨੇ ਨਾਗਾਲੈਂਡ ਘਟਨਾ ਦੀ ਨਿਖੇਧੀ ਕੀਤੀ ਤੇ ਨਿਰਪੱਖ ਜਾਂਚ ਮੰਗੀ। ਮੈਂਬਰਾਂ ਨੇ ਅਫਸਪਾ ਨੂੰ ਹਟਾਉਣ ਦੀ ਮੰਗ ਵੀ ਕੀਤੀ। ਕਾਂਗਰਸ ਦੇ ਸੀਨੀਅਰ ਆਗੂ ਮਨੀਸ਼ ਤਿਵਾੜੀ ਨੇ ਮੰਗ ਕੀਤੀ ਕਿ ਮੰਦਭਾਗੀ ਘਟਨਾ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਨਿਆਂਇਕ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਕਸੂਰਵਾਰਾਂ ਨੂੰ ਅਫ਼ਸਪਾ ਤਹਿਤ ਕੋਈ ਰਾਹਤ ਨਹੀਂ ਮਿਲਣੀ ਚਾਹੀਦੀ ਹੈ। ਏਆਈਐੱਮਆਈਐੱਮ ਦੇ ਅਸਦ-ਉਦ-ਦੀਨ ਓਵਾਇਸੀ ਨੇ ਕਿਹਾ ਕਿ ਸਰਕਾਰ ਨਾਗਾਲੈਂਡ ’ਚੋਂ ਅਫ਼ਸਪਾ ਹਟਾਉਣ ਦੀ ਜਾਣਕਾਰੀ ਲੋਕ ਸਭਾ ਨੂੰ ਦੇਵੇ। ਉਨ੍ਹਾਂ ਸਰਕਾਰ ਨੂੰ ਇਹ ਜਾਣਕਾਰੀ ਦੇਣ ਲਈ ਵੀ ਕਿਹਾ ਕਿ ਕੀ ਖ਼ਿੱਤੇ ’ਚ ਦਹਿਸ਼ਤਗਰਦਾਂ ਦੀ ਮੌਜੂਦਗੀ ਬਾਰੇ ਸੂਹ ਚੀਨ ਨਾਲ ਜੁੜੇ ਇਕ ਸੂਹੀਏ ਤੋਂ ਮਿਲੀ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly