ਨਵੀਂ ਦਿੱਲੀ (ਸਮਾਜ ਵੀਕਲੀ): ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਲਾਹਕਾਰ ਲਾਏ ਜਾਣ ਦੇ ਫ਼ੈਸਲੇ ਖ਼ਿਲਾਫ਼ ਦਾਖ਼ਲ ਅਰਜ਼ੀ ਨੂੰ ਸੁਪਰੀਮ ਕੋਰਟ ਨੇ ਅੱਜ ਖਾਰਜ ਕਰ ਦਿੱਤਾ। ਜਸਟਿਸ ਐੱਸ ਕੇ ਕੌਲ ਅਤੇ ਐੱਮ ਐੱਮ ਸੁੰਦਰੇਸ਼ ਦੇ ਬੈਂਚ ਨੇ ਕਿਹਾ ਕਿ ਚੋਣ ਮਾਹਿਰ ਵੱਲੋਂ ਅਹੁਦੇ ਤੋਂ ਅਸਤੀਫ਼ਾ ਦਿੱਤੇ ਜਾਣ ਕਾਰਨ ਅਰਜ਼ੀ ’ਤੇ ਹੁਣ ਸੁਣਵਾਈ ਦੀ ਲੋੜ ਨਹੀਂ ਹੈ। ਪ੍ਰਸ਼ਾਂਤ ਕਿਸ਼ੋਰ ਨੇ ਕੈਪਟਨ ਦੇ ਪ੍ਰਿੰਸੀਪਲ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ ਦਿੰਦਿਆਂ ਕਿਹਾ ਸੀ ਕਿ ਉਹ ਕੁਝ ਸਮੇਂ ਲਈ ਜਨਤਕ ਜੀਵਨ ਤੋਂ ਛੁੱਟੀ ਲੈ ਰਹੇ ਹਨ। ਉਨ੍ਹਾਂ 2017 ਦੀਆਂ ਪੰਜਾਬ ਚੋਣਾਂ ’ਚ ਕਾਂਗਰਸ ਨੂੰ ਮੁੜ ਸੱਤਾ ’ਚ ਲਿਆਉਣ ’ਚ ਅਹਿਮ ਭੂਮਿਕਾ ਨਿਭਾਈ ਸੀ। ਸੇਵਾਮੁਕਤ ਬੌਕਸਿੰਗ ਕੋਚ ਲਾਭ ਸਿੰਘ ਅਤੇ ਵਕੀਲ ਸਤਿੰਦਰ ਸਿੰਘ ਨੇ ਪ੍ਰਸ਼ਾਂਤ ਕਿਸ਼ੋਰ ਖ਼ਿਲਾਫ਼ ਅਰਜ਼ੀ ਦਾਖ਼ਲ ਕਰਦਿਆਂ ਕਿਹਾ ਸੀ ਕਿ ਉਸ ਨੂੰ ਲੋਕਾਂ ਦੇ ਪੈਸੇ ਦੀ ਕੀਮਤ ’ਤੇ ਕੈਬਨਿਟ ਮੰਤਰੀ ਦਾ ਦਰਜਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਸੀ ਕਿ ਪ੍ਰਸ਼ਾਂਤ ਕਿਸ਼ੋਰ ਚੋਣਾਂ ਲੜਾਉਣ ਦਾ ਮਾਹਿਰ ਹੈ ਅਤੇ ਉਸ ਨੂੰ ਪ੍ਰਿੰਸੀਪਲ ਸਲਾਹਕਾਰ ਲਾਇਆ ਜਾਣਾ ਜਾਇਜ਼ ਨਹੀਂ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly