ਅੰਮ੍ਰਿਤਸਰ (ਸਮਾਜ ਵੀਕਲੀ): ਸਾਬਕਾ ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿਚ ਸ਼ਾਮਲ ਹੋਣ ਅਤੇ ਉਸ ਦੀ ਦਿੱਲੀ ਕਮੇਟੀ ਲਈ ਭੇਜੀ ਨਾਮਜ਼ਦਗੀ ਰੱਦ ਹੋਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵਲੋਂ ਦਿੱਲੀ ਕਮੇਟੀ ਵਿਚ ਆਪਣੇ ਨੁਮਾਇੰਦੇ ਲਈ ਨਵੀਂ ਨਾਮਜ਼ਦਗੀ ਭੇਜੀ ਜਾਵੇਗੀ। ਇਸ ਸਬੰਧੀ ਅੰਤ੍ਰਿੰਗ ਕਮੇਟੀ ਦੀ ਅੱਜ ਹੰਗਾਮੀ ਮੀਟਿੰਗ ਹੋਈ ਜਿਸ ਵਿਚ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਨਵਾਂ ਮੈਂਬਰ ਨਾਮਜ਼ਦ ਕਰਨ ਬਾਰੇ ਵਿਚਾਰ ਕੀਤਾ ਗਿਆ। ਇਸ ਸਬੰਧੀ ਮੈਂਬਰ ਚੁਣਨ ਦੇ ਸਮੁੱਚੇ ਅਧਿਕਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪ ਦਿੱਤੇ ਗਏ ਹਨ। ਧਾਮੀ ਦੀ ਅਗਵਾਈ ਹੇਠ ਨਵੀਂ ਅੰਤ੍ਰਿੰਗ ਕਮੇਟੀ ਦੀ ਇਹ ਪਲੇਠੀ ਮੀਟਿੰਗ ਸੀ।
ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਦਿੱਲੀ ਕਮੇਟੀ ਵਾਸਤੇ ਬੀਤੀ 23 ਅਗਸਤ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮਨਜਿੰਦਰ ਸਿੰਘ ਸਿਰਸਾ ਦਾ ਨਾਂ ਮੈਂਬਰ ਵਜੋਂ ਨਾਮਜ਼ਦ ਕਰਨ ਲਈ ਭੇਜਿਆ ਗਿਆ ਸੀ ਪਰ ਡਾਇਰੈਕਟਰ ਗੁਰਦੁਆਰਾ ਚੋਣਾਂ ਨੇ ਉਨ੍ਹਾਂ ਦੀ ਮੈਂਬਰੀ ਰੱਦ ਕਰ ਦਿੱਤੀ ਹੈ। ਉਨ੍ਹਾਂ ਦੀ ਥਾਂ ਸ਼੍ਰੋਮਣੀ ਕਮੇਟੀ ਵੱਲੋਂ ਹੁਣ ਨਵਾਂ ਨਾਂ ਭੇਜਿਆ ਜਾਵੇਗਾ।
ਦਿੱਲੀ ਸਿੱਖ ਕਤਲੇਆਮ ਦੇ ਮੁਲਜ਼ਮ ਸੱਜਣ ਕੁਮਾਰ ਖ਼ਿਲਾਫ਼ ਦਿੱਲੀ ਦੇ ਰਾਜ ਨਗਰ ਵਿੱਚ ਦੋ ਸਿੱਖਾਂ ਦੇ ਕਤਲ ਸਬੰਧੀ ਦੋਸ਼ ਆਇਦ ਹੋਣ ਬਾਰੇ ਉਨ੍ਹਾਂ ਕਿਹਾ ਕਿ ਇਸ ਨਾਲ ਪੀੜਤ ਸਿੱਖ ਪਰਿਵਾਰਾਂ ਨੂੰ ਨਿਆਂ ਪ੍ਰਾਪਤ ਹੋਣ ਦੀ ਧਰਵਾਸ ਬੱਝੀ ਹੈ। ਉਨ੍ਹਾਂ ਹਰਿਮੰਦਰ ਸਾਹਿਬ ਆਉਂਦੇ ਵਿਰਾਸਤੀ ਮਾਰਗ ’ਤੇ ਲੱਗੀਆਂ ਵੱਡੀਆਂ ਸਕਰੀਨਾਂ ’ਤੇ ਚੱਲਦੀਆਂ ਸਰਕਾਰ ਦੀਆਂ ਮਸ਼ਹੂਰੀਆਂ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਸਕਰੀਨਾਂ ਗੁਰਬਾਣੀ ਦੇ ਪ੍ਰਸਾਰਨ ਲਈ ਲਾਈਆਂ ਗਈਆਂ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly