ਨਵੀਂ ਦਿੱਲੀ, (ਸਮਾਜ ਵੀਕਲੀ): ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ ਹੈ ਕਿ ਭਾਰਤ ਕੋਵਿਡ-19 ਵੈਕਸੀਨ ਆਲਮੀ ਪੱਧਰ ’ਤੇ ਵੀ ਮੁਹੱਈਆ ਕਰਵਾ ਕੇ ਲੱਖਾਂ ਲੋਕਾਂ ਦੀ ਜਾਨ ਬਚਾਉਣ ’ਚ ਕਾਮਯਾਬ ਰਿਹਾ ਹੈ। ਕੌਮੀ ਮਨੁੱਖੀ ਹੱਕਾਂ ਬਾਰੇ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਦਿਵਸ ’ਤੇ ਕਰਵਾਏ ਗੲੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਕੋਵਿੰਦ ਨੇ ਕਿਹਾ ਕਿ ਮਨੁੱਖਤਾ ਨੂੰ ਇਤਿਹਾਸ ਦੀ ਸਭ ਤੋਂ ਨਾਮੁਰਾਦ ਮਹਾਮਾਰੀ ਨਾਲ ਜੂਝਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਾਮਾਰੀ ਦਾ ਅਸਰ ਅਜੇ ਖ਼ਤਮ ਨਹੀਂ ਹੋਇਆ ਹੈ ਅਤੇ ਵਾਇਰਸ ਮਨੁੱਖਤਾ ਨਾਲੋਂ ਇਕ ਕਦਮ ਅੱਗੇ ਜਾਪ ਰਿਹਾ ਹੈ ਪਰ ਦੁਨੀਆ ਨੇ ਵਿਗਿਆਨ ਅਤੇ ਆਪਸੀ ਭਾਈਵਾਲੀ ਦੇ ਭਰੋਸੇ ਇਸ ਦਾ ਡਟ ਕੇ ਟਾਕਰਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਮਹਾਮਾਰੀ ਦਾ ਅਸਰ ਸਭ ਤੋਂ ਜ਼ਿਆਦਾ ਸਮਾਜ ਦੇ ਹਾਸ਼ੀਏ ’ਤੇ ਧੱਕੇ ਵਰਗ ’ਤੇ ਪਿਆ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਤਹਿਤ ਸਰਕਾਰ ਨੇ ਇਕ ਅਰਬ ਤੋਂ ਜ਼ਿਆਦਾ ਲੋਕਾਂ ਨੂੰ ਵਾਇਰਸ ਤੋਂ ਸੁਰੱਖਿਆ ਮੁਹੱਈਆ ਕਰਵਾਈ ਹੈ। ਰਾਸ਼ਟਰਪਤੀ ਨੇ ਕਿਹਾ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਸਿਵਲ ਸੁਸਾਇਟੀ ਅਤੇ ਮੀਡੀਆ ਸਮੇਤ ਹੋਰ ਧਿਰਾਂ ਨਾਲ ਮਿਲ ਕੇ ਮਨੁੱਖੀ ਹੱਕਾਂ ਨੂੰ ਮਜ਼ਬੂਤ ਬਣਾਉਣ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਮਨੁੱਖੀ ਅਧਿਕਾਰ ਦਿਵਸ ਦਾ ਵਿਸ਼ਾ ‘ਬਰਾਬਰੀ’ ਹੈ ਅਤੇ ਸਾਰਿਆਂ ਨੂੰ ਮੱਤਭੇਦ ਭੁਲਾ ਕੇ ਰਲ ਕੇ ਇਸ ਵਿਸ਼ੇ ’ਤੇ ਕੰਮ ਕਰਨਾ ਚਾਹੀਦਾ ਹੈ। ਕੁਦਰਤ ਨਾਲ ਹੋ ਰਹੀ ਛੇੜਛਾੜ ’ਤੇ ਚਿੰਤਾ ਜ਼ਾਹਿਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਦਾ ਮਾੜਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਸੂਰਜੀ ਊਰਜਾ ’ਤੇ ਜ਼ੋਰ ਦੇਣ ਲਈ ਵੀ ਕਿਹਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly