ਮੋਗਾ (ਸਮਾਜ ਵੀਕਲੀ): ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਖਿਆ ਹੈ ਕਿ ਸੂਬਾ ਆਕਸੀਜ਼ਨ ਉੱਤੇ ਪਿਆ ਹੈ। ਪੰਜਾਬ ਖੋਖਲਾ ਹੁੰਦਾ ਜਾ ਰਿਹਾ ਹੈ ਅਤੇ ਜਵਾਨੀ ਬਰਬਾਦ ਹੁੰਦੀ ਜਾ ਰਹੀ ਹੈ। ਉਹ ਇਥੇ ਨਵੀਂ ਅਨਾਜ ਮੰਡੀ ਵਿਖੇ ਪੱਲੇਦਾਰ ਮਜ਼ਦੂਰ ਯੂਨੀਅਨ ਦੀ ਸੂਬਾ ਪੱਧਰੀ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਮਜ਼ਦੂਰਾਂ ਨੂੰ ਸੂਬੇ ’ਚ ਠੇਕੇਦਾਰੀ ਸਿਸਟਮ ਬੰਦ ਕਰਨ ਤੇ ਸਿੱਧੀ ਅਦਾਇਗੀ ਦਾ ਭਰੋਸਾ ਵੀ ਦਿੱਤਾ। ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸੂਬੇ ਨੂੰ ਬਚਾਉਣ ਲਈ ਹਰ ਪੰਜਾਬੀ ਨੂੰ ਸਿਆਸਤ ਦਾ ਹਿੱਸਾ ਬਣਨਾ ਪਵੇਗਾ।
ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਵਿਅੰਗ ਕਰਦਿਆਂ ਆਖਿਆ ਕਿ ਪੰਜਾਬ ਖੋਖਲਾ ਹੁੰਦਾ ਜਾ ਰਿਹਾ ਹੈ ਅਤੇ ਜਵਾਨੀ ਬਰਬਾਦ ਹੁੰਦੀ ਜਾ ਰਹੀ ਹੈ। ਮੇਰੀ ਅਤੇ ਮੁੱਖ ਮੰਤਰੀ ਚੰਨੀ ਦੀ ਜੋੜੀ ਦੋ ਬਲਦਾਂ ਦੀ ਜੋੜੀ ਹੈ। ਵੀਰ ਚੰਨੀ ਨਾਲ ਮਿਲ ਕੇ ਕਿਸਾਨਾਂ ਮਜ਼ਦੂਰਾਂ ਦੀ ਪਛਾਣ ਖੜ੍ਹੀ ਕਰਾਂਗਾ। ਉਨ੍ਹਾਂ ਕਿਹਾ ਕਿ ਸਾਨੂੰ ਪੰਜਾਬ ਵਿੱਚ ਹੋ ਰਹੀਆਂ ਚੋਰੀਆਂ ਨੂੰ ਰੋਕ ਕੇ ਪੰਜਾਬ ਦਾ ਖਜ਼ਾਨਾ ਵੀ ਭਰਨਾ ਪੈਣਾ ਹੈ ਅਤੇ ਸੂਬੇ ਦੀ ਕਿਸਾਨੀ ਅਤੇ ਜਵਾਨੀ ਨੂੰ ਵੀ ਖੜ੍ਹਾ ਕਰਨਾ ਪੈਣਾ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਮਾਡਲ ਦੀ ਝਲਕ ਦਿਖਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮੈਂ ਲੋਕਾਂ ਨਾਲ ਝੂਠੇ ਵਾਅਦੇ ਨਹੀਂ ਕਰਦਾ। ਮੈਂ ਲੋਕਾਂ ਨੂੰ ਜ਼ੁਬਾਨ ਦਿੰਦਾ ਹਾਂ ਕਿ ਸੂਬੇ ’ਚੋਂ ਠੇਕੇਦਾਰੀ ਸਿਸਟਮ ਖ਼ਤਮ ਕਰਕੇ ਮਜ਼ਦੂਰਾਂ ਨੂੰ ਬੈਂਕ ਖਾਤੇ ਰਾਹੀਂ ਸਿੱਧੀ ਅਦਾਇਗੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਹਰ ਮਜ਼ਦੂਰ ਦੀ ਰਜਿਸਟਰੇਸ਼ਨ ਲਾਜ਼ਮੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly