ਮਜੀਠੀਆ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ

ਐਸ.ਏ.ਐਸ. ਨਗਰ (ਮੁਹਾਲੀ)  (ਸਮਾਜ ਵੀਕਲੀ):  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਇਕ ਦਿਨ ਪਹਿਲਾਂ ਨਸ਼ਾ ਤਸਕਰੀ ਦੇ ਮਾਮਲੇ ’ਚ ਐੱਫਆਈਆਰ ਦਰਜ ਕੀਤੇ ਜਾਣ ਮਗਰੋਂ ਪੰਜਾਬ ਪੁਲੀਸ ਨੇ ਉਸ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਕੇਸ ਦਰਜ ਹੋਣ ਬਾਅਦ ਅਕਾਲੀ ਆਗੂ ਰੂਪੋਸ਼ ਹੋ ਗਿਆ ਹੈ ਅਤੇ ਉਸ ਦਾ ਮੋਬਾਈਲ ਫੋਨ ਵੀ ਬੰਦ ਹੈ। ਸੂਬਾ ਸਰਕਾਰ ਅਤੇ ਪੁਲੀਸ ਨੂੰ ਮਜੀਠੀਆ ਦੇ ਵਿਦੇਸ਼ ਭੱਜਣ ਦਾ ਖ਼ਦਸ਼ਾ ਹੈ। ਪੰਜਾਬ ਸਮੇਤ ਦੇਸ਼ ਦੇ ਸਾਰੇ ਹਵਾਈ ਅੱਡਿਆਂ, ਬੰਦਰਗਾਹਾਂ, ਰੇਲਵੇ ਸਟੇਸ਼ਨਾਂ ਅਤੇ ਹੋਰ ਪ੍ਰਮੁੱਖ ਥਾਵਾਂ ’ਤੇ ਮਜੀਠੀਆ ਦੀ ਫੋਟੋ ਨਾਲ ਅਲਰਟ ਜਾਰੀ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਬਿਕਰਮ ਮਜੀਠੀਆ ਪਰਚਾ ਦਰਜ ਹੋਣ ਤੋਂ ਤੁਰੰਤ ਬਾਅਦ ਹੀ ਪੰਜਾਬ ’ਚੋਂ ਬਾਹਰ ਕਿਸੇ ਸੁਰੱਖਿਅਤ ਥਾਂ ’ਤੇ ਪਹੁੰਚ ਗਏ ਹਨ। ਪੁਲੀਸ ਅਤੇ ਖ਼ੁਫ਼ੀਆ ਏਜੰਸੀਆਂ ਨੇ ਮਜੀਠੀਆ ਦੀ ਪੈੜ ਨੱਪਣ ਲਈ ਯਤਨ ਤੇਜ਼ ਕਰ ਦਿੱਤੇ ਹਨ।

ਪੁਲੀਸ ਵੱਲੋਂ ਅਕਾਲੀ ਦਲ ਦੇ ਸੀਨੀਅਰ ਆਗੂਆਂ, ਮਜੀਠੀਆ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦਾਅਵਾ ਕੀਤਾ ਹੈ ਕਿ ਅਕਾਲੀ ਆਗੂ ਮਜੀਠੀਆ ਬਹੁਤ ਜਲਦੀ ਹਵਾਲਾਤ ਵਿੱਚ ਬੰਦ ਨਜ਼ਰ ਆਉਣਗੇ। ਪੰਜਾਬ ਸਰਕਾਰ ਵੱਲੋਂ ਏਆਈਜੀ ਬਲਰਾਜ ਸਿੰਘ, ਡੀਐੱਸਪੀ ਰਾਜੇਸ਼ ਕੁਮਾਰ ਅਤੇ ਕੁਲਵੰਤ ਸਿੰਘ ’ਤੇ ਆਧਾਰਿਤ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾਈ ਗਈ ਹੈ। ਸਿਟ ਦੀਆਂ ਵੱਖ-ਵੱਖ ਟੀਮਾਂ ਵੱਲੋਂ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਮੰਗਲਵਾਰ ਦੇਰ ਰਾਤ ਤੋਂ ਹੀ 16 ਤੋਂ ਵਧ ਥਾਵਾਂ ’ਤੇ ਛਾਪੇ ਮਾਰੇ ਗਏ ਹਨ। ਹਾਲੇ ਤੱਕ ਮਜੀਠੀਆ ਪੁਲੀਸ ਦੇ ਹੱਥ ਨਹੀਂ ਲੱਗਿਆ ਹੈ। ਮਜੀਠੀਆ ਦੀ ਪੈੜ ਨੱਪਣ ਲਈ ਹੁਣ ਉਸ ਦੇ ਕਰੀਬੀਆਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨਸ਼ਿਆਂ ਦੀ ਤਸਕਰੀ ਮਾਮਲੇ ਵਿੱਚ ਐੱਸਟੀਐਫ਼ ਦੀ ਰਿਪੋਰਟ ਵਿੱਚ ਦਰਜ ਹੋਰ ਰਾਜਸੀ ਆਗੂਆਂ ਤੋਂ ਵੀ ਸਿਟ ਪੁੱਛ-ਗਿੱਛ ਕਰਨ ਬਾਰੇ ਵਿਚਾਰ ਕਰ ਰਹੀ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਰੋਨਾ: ਪੰਜਾਬ ’ਚ ਵੈਕਸੀਨ ਨਹੀਂ ਤਾਂ ਤਨਖਾਹ ਨਹੀਂ
Next articleਦੇਸ਼ ’ਚ ਓਮੀਕਰੋਨ ਕੇਸਾਂ ਦੀ ਗਿਣਤੀ 213 ਹੋਈ