ਨਵੀਂ ਦਿੱਲੀ (ਸਮਾਜ ਵੀਕਲੀ): ਦਿੱਲੀ ਪੁਲੀਸ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਤੋਂ 3 ਅਕਤੂਬਰ ਨੂੰ ਵਾਪਰੀ ਘਟਨਾ (ਲਖੀਮਪੁਰ ਖੀਰੀ ਹਿੰਸਾ) ਨਾਲ ਸਬੰਧਤ ਇੱਕ ਵੀਡੀਓ ਜਾਰੀ ਕਰਨ ਦੀ ਧਮਕੀ ਦੇ ਕੇ ਢਾਈ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਅਜੈ ਮਿਸ਼ਰਾ ਦਾ ਪੁੱਤਰ ਆਸ਼ੀਸ਼ ਮਿਸ਼ਰਾ ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ ਮੁੱਖ ਮੁਲਜ਼ਮ ਹੈ। ਲਖੀਮਪੁਰ ਖੀਰੀ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕ ਮਾਰੇ ਗਏ ਸਨ।
ਪੁਲੀਸ ਮੁਤਾਬਕ ਉਨ੍ਹਾਂ ਨੂੰ ਕੇਂਦਰੀ ਮੰਤਰੀ ਦੇ ਸਟਾਫ਼ ਤੋਂ ਸ਼ਿਕਾਇਤ ਮਿਲੀ ਸੀ ਕਿ ਉਨ੍ਹਾਂ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਘਟਨਾ ਨਾਲ ਸਬੰਧਤ ਵੀਡੀਓ ਜਾਰੀ ਕਰਨ ਜਾਂ ਮਾਮਲੇ ਨੂੰ ਸੁਲਝਾਉਣ ਲਈ 2.5 ਕਰੋੜ ਰੁਪਏ ਦੇਣ ਦੀ ਧਮਕੀ ਦਿੱਤੀ ਗਈ ਸੀ। ਸ਼ਿਕਾਇਤ ਤੋਂ ਬਾਅਦ ਨਵੀਂ ਦਿੱਲੀ ਜ਼ਿਲ੍ਹੇ ਦੇ ਨਾਰਥ ਐਵੇਨਿਊ ਪੁਲੀਸ ਸਟੇਸ਼ਨ ਵਿੱਚ ਐੱਫਆਈਆਰ ਦਰਜ ਕੀਤੀ ਗਈ ਸੀ। ਜਾਂਚ ਦੌਰਾਨ ਪੁਲੀਸ ਨੇ ਪਾਇਆ ਕਿ ਵੁਆਇਸ ਓਵਰ ਇੰਟਰਨੈੱਟ ਪ੍ਰੋਟੋਕੋਲ ਦੁਆਰਾ ਕਾਲਾਂ ਕੀਤੀਆਂ ਗਈਆਂ ਸਨ ਤੇ ਤਕਨੀਕੀ ਨਿਗਰਾਨੀ ਦੀ ਮਦਦ ਨਾਲ ਪੁਲੀਸ ਨੇ ਨੋਇਡਾ ਤੋਂ ਚਾਰ ਤੇ ਬਾਹਰੀ-ਉੱਤਰੀ ਦਿੱਲੀ ਤੋਂ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ।
ਫੜੇ ਗਏ ਵਿਅਕਤੀਆਂ ਦੀ ਪਛਾਣ ਕਬੀਰ ਕੁਮਾਰ, ਅਮਿਤ ਸ਼ਰਮਾ, ਅਮਿਤ ਕੁਮਾਰ, ਨਿਸ਼ਾਂਤ ਕੁਮਾਰ ਤੇ ਅਸ਼ਵਨੀ ਕੁਮਾਰ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਦੋ ਆਪਣੀ ਗ੍ਰੈਜੂਏਸ਼ਨ ਕਰ ਰਹੇ ਹਨ ਤੇ ਬਾਕੀ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly