ਚੰਡੀਗੜ੍ਹ/ਮਾਨਸਾ (ਸਮਾਜ ਵੀਕਲੀ): ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਕਿਸਾਨੀ ਮੰਗਾਂ ਬਾਰੇ ਭਲਕੇ 28 ਦਸੰਬਰ ਨੂੰ ਚੰਡੀਗੜ੍ਹ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਵੇਗੀ। ਇਸ ਮੀਟਿੰਗ ਵਿੱਚ 23 ਦਸੰਬਰ ਨੂੰ ਵਿਚਾਰੀਆਂ ਗਈਆਂ ਮੰਗਾਂ ਅਤੇ ਉਸ ਦਿਨ ਰਹਿ ਗਈਆਂ ਮਸਲਿਆਂ ਬਾਰੇ ਚਰਚਾ ਹੋਣ ਦੀ ਸੰਭਾਵਨਾ ਹੈ। ਪਹਿਲਾਂ ਇਹ ਮੀਟਿੰਗ 30 ਦਸੰਬਰ ਨੂੰ ਹੋਣੀ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾਈ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਮੀਟਿੰਗ ਮੁੱਖ ਮੰਤਰੀ ਰਿਹਾਇਸ਼ ’ਤੇ ਸੱਦੀ ਗਈ ਹੈ।
ਜਥੇਬੰਦੀ ਦੀ ਸੂਬਾਈ ਟੀਮ ਇਸ ਵਿੱਚ ਕਿਸਾਨਾਂ ਦੇ ਰਹਿੰਦੇ ਮਸਲਿਆਂ ਅਤੇ ਪਹਿਲਾਂ ਹੋਈ ਮੀਟਿੰਗ ਵਿੱਚ ਚਰਚਾ ਕੀਤੀਆਂ ਗਈਆਂ ਮੰਗਾਂ ਬਾਰੇ ਵਿਚਾਰ ਵਟਾਂਦਰਾ ਕਰੇਗੀ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਸੂਬੇ ਵਿੱਚ 8 ਦਿਨਾਂ ਤੋਂ 15 ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਤੇ ਐੱਸਡੀਐੱਮ ਦਫ਼ਤਰਾਂ ਅੱਗੇ ਧਰਨੇ ਜਾਰੀ ਹਨ। ਅੱਜ ਦੇ ਧਰਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੀਤੇ ਗਏ। ਕਿਸਾਨਾਂ ਨੇ ਉਨ੍ਹਾਂ ਦੀ ਯਾਦ ਵਿੱਚ ਖੜ੍ਹੇ ਹੋ ਕੇ ਦੋ ਮਿੰਟ ਦਾ ਮੌਨ ਧਾਰਿਆ। ਬੁਲਾਰਿਆਂ ਨੇ ਪੰਜਾਬ ਸਰਕਾਰ ਦੇ ਵਾਅਦੇ ਅਨੁਸਾਰ ਦੋ ਦਿਨਾਂ ਜਾਂ ਹਫ਼ਤੇ ਵਿੱਚ ਲਾਗੂ ਕਰਨ ਵਾਲੀਆਂ ਮੰਗਾਂ ਨੂੰ ਲਾਗੂ ਕਰਨ ਤੋਂ ਟਾਲਮਟੋਲ ਕਰ ਰਹੇ ਅਧਿਕਾਰੀਆਂ ਦੇ ਘਿਰਾਓ ਕਰਨ ਦਾ ਐਲਾਨ ਕੀਤਾ।
ਰੇਲ ਪਟੜੀਆਂ ’ਤੇ ਧਰਨੇ ਜਾਰੀ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਵਿੱਚ ਸੱਤ ਰੇਲ ਮਾਰਗਾਂ ’ਤੇ ਵਿੱਢਿਆ ਗਿਆ ਰੇਲ ਰੋਕੋ ਅੰਦੋਲਨ ਅੱਜ 8ਵੇਂ ਦਿਨ ਵੀ ਜਾਰੀ ਰਿਹਾ। ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੱਜ ਪੰਜਾਬ ਭਰ ਦੇ ਪਿੰਡਾਂ ਵਿੱਚ ਅਤੇ ਸੱਤ ਰੇਲ ਮਾਰਗਾਂ ’ਤੇ ਪੁਤਲੇ ਫੂਕ ਕੇ ਪ੍ਰਦਰਸ਼ਨ ਕੀਤੇ ਗਏ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly