ਚੰਡੀਗੜ੍ਹ (ਸਮਾਜ ਵੀਕਲੀ): ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਕਾਰੋਬਾਰ ਨੂੰ ਖਤਮ ਕਰਨ ਦੇ ਨਾਮ ’ਤੇ ਲੋਕਾਂ ਨਾਲ ਸਿਆਸੀ ਖੇਡਾਂ ਖੇਡ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਚੰਨੀ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਵਿਰੁੱਧ ਕਮਜ਼ੋਰ ਐੱਫ਼ਆਈਆਰ ਦਰਜ ਕਰਕੇ ਸਿਰਫ਼ ‘ਸਿਆਸੀ ਡਰਾਮਾ’ ਰਚਿਆ ਹੈ। ‘ਪੰਜਾਬ ਦੀ ਕਾਂਗਰਸ ਸਰਕਾਰ ਨੇ ਚਾਰ ਹਫਤਿਆਂ ਵਿੱਚ ਪੰਜਾਬ ਵਿੱਚੋਂ ਨਸ਼ਿਆਂ ਦਾ ਕਾਰੋਬਾਰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਪੰਜ ਸਾਲਾਂ ਵਿੱਚ ਵੀ ਕੁਝ ਨਹੀਂ ਕੀਤਾ। ਚੋਣਾਂ ਨਜ਼ਦੀਕ ਆਉਂਦਿਆਂ ਹੀ ਮਜੀਠੀਆ ਵਿਰੁੱਧ ‘ਸਟੰਟ’ ਤਹਿਤ ਐੱਫ਼ਆਈਆਰ ਦਰਜ ਕਰਵਾ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਅਸਫ਼ਲ ਕੋਸ਼ਿਸ਼ ਕੀਤੀ ਜਾ ਰਹੀ ਹੈ।’
ਸ੍ਰੀ ਚੱਢਾ ਨੇ ਕਿਹਾ ਕਿ ਮਜੀਠੀਆ ਅਗਾਊਂ ਜ਼ਮਾਨਤ ਰੱਦ ਹੋਣ ਦੇ ਬਾਵਜੂਦ ਖੁੱਲ੍ਹੇਆਮ ਘੁੰਮ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੇਂ ਸਾਲ ਦੇ ਮੌਕੇ ’ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਗਏ ਮਜੀਠੀਆ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਜੀਠੀਆ ਦੀ ਗ੍ਰਿਫ਼ਤਾਰੀ ਨਾ ਹੋਣ ਨਾਲ ਚੰਨੀ ਅਤੇ ਬਾਦਲਾਂ ਵਿਚਕਾਰ ਸਿੱਧੇ ਤੌਰ ਤੇ ‘ਅੰਦਰੂਨੀ ਗੱਠਜੋੜ’ ਦਾ ਸੰਕੇਤ ਮਿਲਦਾ ਹੈ। ‘ਆਪ’ ਦੇ ਕੌਮੀ ਬੁਲਾਰੇ ਨੇ ਦੋਸ਼ ਲਗਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੁਖਬੀਰ ਸਿੰਘ ਬਾਦਲ ਦੀ ਨਸ਼ਿਆਂ ਦੇ ਕਾਰੋਬਾਰ ਵਿੱਚ ਮਿਲੀਭੁਗਤ ਹੈ। ਉਨ੍ਹਾਂ ਕਿਹਾ ਕਿ ਚੰਨੀ ਖ਼ੁਦ ਰੇਤ-ਬਜਰੀ ਅਤੇ ਮਾਈਨਿੰਗ ਮਾਫੀਆ ਨਾਲ ਕਥਿਤ ਤੌਰ ’ਤੇ ਮਿਲਿਆ ਹੋਇਆ ਹੈ। ਸ੍ਰੀ ਚੱਢਾ ਨੇ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਸਭ ਤੋਂ ਪਹਿਲਾਂ ਨਸ਼ੇ ਦੇ ਕਾਰੋਬਾਰ ਨੂੰ ਖ਼ਤਮ ਕੀਤਾ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly