ਸੁਰੱਖਿਆ ’ਚ ਕੁਤਾਹੀ ਲਈ ਚੰਨੀ ਤੇ ਰੰਧਾਵਾ ਅਸਤੀਫ਼ਾ ਦੇਣ: ਅਮਰਿੰਦਰ

ਫ਼ਿਰੋਜ਼ਪੁਰ (ਸਮਾਜ ਵੀਕਲੀ):  ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਜਪਾ ਵੱਲੋਂ ਵਿਉਂਤੀ ਰੈਲੀ ਦੀ ਸਟੇਜ ਤੋਂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਪੰਜਾਬ ਦੇ ਲੋਕਾਂ ਨੂੰ ਸਿਰਫ਼ ਗੁੰਮਰਾਹ ਕਰਨ ਲਈ ਲਗਾਤਾਰ ਬਿਆਨਬਾਜ਼ੀ ਕਰ ਰਹੇ ਹਨ ਜਦੋਂਕਿ ਚੋਣ ਮੈਨੀਫੈਸਟੋ ਵਿਚਲੇ 92 ਫੀਸਦ ਵਾਅਦੇ ਉਨ੍ਹਾਂ ਦੇ ਕਾਰਜਕਾਲ ਵਿੱਚ ਹੀ ਪੂਰੇ ਹੋਏ ਸਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਕੁਤਾਹੀ ਦੇ ਮਾਮਲੇ ’ਤੇ ਮੁੱਖ ਮੰਤਰੀ ਚੰਨੀ ਅਤੇ ਗ੍ਰਹਿ ਮੰਤਰੀ ਰੰਧਾਵਾ ਨੂੰ ਨਿਸ਼ਾਨੇ ’ਤੇ ਲਿਆ ਹੈ।ਉਨ੍ਹਾਂ ਕਿਹਾ ਕਿ ‘ਜੇਕਰ ਤੁਸੀਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਹੀਂ ਕਰ ਸਕਦੇ ਹੋ ਤਾਂ ਤੁਹਾਨੂੰ ਸੱਤਾ ਵਿਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਤੁਹਾਨੂੰ ਸੱਤਾ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ ਕਿਉਂਕਿ ਇਹ ਘਟਨਾ ਕੌਮਾਂਤਰੀ ਸੀਮਾ ਦੇ ਨੇੜੇ ਹੋਈ ਹੈ।’ਮੰਚ ’ਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਲੋਕ ਸਭਾ ਮੈਂਬਰ ਹੰਸ ਰਾਜ ਹੰਸ ਵੀ ਮੌਜੂਦ ਸਨ।

ਕੈਪਟਨ ਅਮਰਿੰਦਰ ਸਿੰਘ ਦੀ ਪੰਦਰਾਂ ਮਿੰਟ ਦੀ ਤਕਰੀਰ ਦੌਰਾਨ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਉਨ੍ਹਾਂ ਦੇ ਨਿਸ਼ਾਨੇ ’ਤੇ ਰਹੇ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਸਰਕਾਰ ਵੱਲੋਂ ਜਾਰੀ ਕੀਤੇ ਗਏ ਮੈਨੀਫ਼ੈਸਟੋ ਵੱਲ ਲੋਕਾਂ ਦਾ ਧਿਆਨ ਖਿੱਚਦਿਆਂ ਅਮਰਿੰਦਰ ਸਿੰਘ ਨੇ ਆਖਿਆ ਕਿ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ 92 ਫ਼ੀਸਦ ਵਾਅਦੇ ਪੂਰੇ ਕੀਤੇ ਅਤੇ ਇੱਕ ਲੱਖ ਕਰੋੜ ਰੁਪਏ ਪੰਜਾਬ ਦੇ ਵਿਕਾਸ ਉੱਤੇ ਖਰਚ ਕੀਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਤੇ ਕਾਂਗਰਸ ਆਗੂ ਲੋਕਾਂ ਨੂੰ ਗੁੰਮਰਾਹ ਕਰਕੇ ਵੋਟਾਂ ਲੈਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਪੂਰੇ ਬਹੁਮਤ ਨਾਲ ਪੰਜਾਬ ਵਿਚ ਆਪਣੀ ਸਰਕਾਰ ਬਣਾਏਗੀ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੱਜ ਦੀ ਰੈਲੀ ਨੂੰ ਅਸਫ਼ਲ ਬਣਾਉਣ ਪਿੱਛੇ ਪੰਜਾਬ ਸਰਕਾਰ ਦਾ ਹੱਥ ਹੈ।

ਪ੍ਰਧਾਨ ਮੰਤਰੀ ਦਾ ਕਾਫ਼ਲਾ ਰਾਹ ਵਿਚ ਰੋਕਣ ਤੋਂ ਨਾਰਾਜ਼ ਸ਼ਰਮਾ ਨੇ ਪੁਲੀਸ ਵਾਲਿਆਂ ਨੂੰ ਚਿਤਾਵਨੀ ਭਰੇ ਲਹਿਜੇ ਵਿਚ ਆਖਿਆ ਕਿ ਸਰਕਾਰਾਂ ਬਦਲਦੀਆਂ ਰਹਿੰਦੀਆਂ ਹਨ ਤੇ ਪੁਲੀਸ ਅਫ਼ਸਰਾਂ ਨੂੰ ਇਹ ਗੱਲ ਯਾਦ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਪ੍ਰਧਾਨ ਮੰਤਰੀ ਅੱਜ ਪੰਜਾਬ ਨੂੰ ਬਹੁਤ ਵੱਡੀ ਸੌਗਾਤ ਦੇਣ ਲਈ ਆ ਰਿਹਾ ਸੀ, ਪਰ ਕੁਝ ਸ਼ਰਾਰਤੀ ਅਨਸਰਾਂ ਨੇ ਪੰਜਾਬ ਸਰਕਾਰ ਦੀ ਸ਼ਹਿ ’ਤੇ ਉਨ੍ਹਾਂ ਨੂੰ ਰੈਲੀ ਵਿਚ ਪਹੁੰਚਣ ਨਹੀਂ ਦਿੱਤਾ। ਭਾਜਪਾ ਪ੍ਰਧਾਨ ਨੇ ਕਿਹਾ ਕਿ ਅੱਜ ਇਸ ਰੈਲੀ ਵਿਚ ਸ਼ਾਮਲ ਹੋਣ ਲਈ ਦੂਰ-ਦੂਰ ਤੋਂ ਲੱਖਾਂ ਲੋਕ ਆ ਰਹੇ ਸਨ, ਪਰ ਪੰਜਾਬ ਸਰਕਾਰ ਨੇ ਘਬਰਾਹਟ ਵਿਚ ਆ ਕੇ ਇਸ ਰੈਲੀ ਨੂੰ ਕਾਮਯਾਬ ਨਹੀਂ ਹੋਣ ਦਿੱਤਾ। ਚੇਤੇ ਰਹੇ ਕਿ ਪਿਛਲੇ ਕਈ ਦਿਨਾਂ ਤੋਂ ਰੈਲੀ ਦੀਆਂ ਤਿਆਰੀਆਂ ਵਿਚ ਰੁੱਝੇ ਭਾਜਪਾ ਆਗੂਆਂ ਵੱਲੋਂ ਇਤਿਹਾਸਕ ਇਕੱਠ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਸੀ, ਪਰ ਉਹ ਪੰਜ ਹਜ਼ਾਰ ਤੋਂ ਵੱਧ ਲੋਕਾਂ ਦਾ ਇਕੱਠ ਵੀ ਨਾ ਕਰ ਸਕੇ।

ਰੈਲੀ ਨੂੰ ਅਸਫ਼ਲ ਬਣਾਉਣ ਪਿੱਛੇ ਪੰਜਾਬ ਸਰਕਾਰ ਦਾ ਹੱਥ

ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਫ਼ਿਰੋਜ਼ਪੁਰ ਰੈਲੀ ਨੂੰ ਅਸਫ਼ਲ ਬਣਾਉਣ ਪਿੱਛੇ ਪੰਜਾਬ ਸਰਕਾਰ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਅੱਜ ਇਸ ਰੈਲੀ ਵਿਚ ਸ਼ਾਮਲ ਹੋਣ ਲਈ ਦੂਰ-ਦੂਰ ਤੋਂ ਲੱਖਾਂ ਲੋਕ ਆ ਰਹੇ ਸਨ, ਪਰ ਪੰਜਾਬ ਸਰਕਾਰ ਨੇ ਘਬਰਾਹਟ ਵਿਚ ਆ ਕੇ ਇਸ ਰੈਲੀ ਨੂੰ ਕਾਮਯਾਬ ਨਹੀਂ ਹੋਣ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਕੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਕਰੇਗੀ। ਭਾਜਪਾ ਪ੍ਰਧਾਨ ਨੇ ਚੰਨੀ ਸਰਕਾਰ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਇਹ ਸਰਕਾਰ ਜਨਤਾ ਨਾਲ ਝੂਠੇ ਵਾਅਦੇ ਕਰਕੇ ਮੁੜ ਤੋਂ ਸੱਤਾ ਹਥਿਆਉਣਾ ਚਾਹੁੰਦੀ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਕੋਈ ਕੁਤਾਹੀ ਨਹੀਂ ਹੋਈ: ਚੰਨੀ
Next articleਜੋ ਕੁਝ ਹੋਇਆ, ਉਹ ਪੰਜਾਬੀਅਤ ਦੇ ਵਿਰੁੱਧ: ਜਾਖੜ