- ਅਜੇ ਹਸਪਤਾਲਾਂ ’ਚ ਸਿਰਫ਼ 5 ਤੋਂ 10 ਫ਼ੀਸਦੀ ਪੀੜਤ ਹੀ ਹੋ ਰਹੇ ਨੇ ਦਾਖ਼ਲ
ਨਵੀਂ ਦਿੱਲੀ (ਸਮਾਜ ਵੀਕਲੀ): ਦੇਸ਼ ’ਚ ਬੀਤੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਦੇ ਰਿਕਾਰਡ 1,79,723 ਕੇਸ ਸਾਹਮਣੇ ਆਏ ਹਨ ਜਿਸ ਨਾਲ ਪੀੜਤਾਂ ਦੀ ਕੁੱਲ ਗਿਣਤੀ ਵਧ ਕੇ 3,57,07,727 ਹੋ ਗਈ ਹੈ। ਇਸ ’ਚ ਓਮੀਕਰੋਨ ਦੇ 4,033 ਕੇਸ ਵੀ ਸ਼ਾਮਲ ਹਨ ਜਿਸ ’ਚੋਂ 1,552 ਜਣੇ ਠੀਕ ਹੋ ਗਏ ਹਨ ਜਾਂ ਵਿਦੇਸ਼ ਪਰਤ ਗਏ ਹਨ। ਸਰਗਰਮ ਕੇਸਾਂ ਦੀ ਗਿਣਤੀ 7,23,619 ’ਤੇ ਪਹੁੰਚ ਗਈ ਹੈ ਜੋ ਕਰੀਬ 204 ਦਿਨਾਂ ’ਚ ਸਭ ਤੋਂ ਜ਼ਿਆਦਾ ਹੈ। ਲਾਗ ਕਾਰਨ ਬੀਤੇ ਇਕ ਦਿਨ ’ਚ 146 ਵਿਅਕਤੀਆਂ ਦੀ ਮੌਤ ਹੋਈ ਹੈ ਜਿਸ ਨਾਲ ਕੁੱਲ ਮ੍ਰਿਤਕਾਂ ਦਾ ਅੰਕੜਾ 4,83,936 ’ਤੇ ਪਹੁੰਚ ਗਿਆ ਹੈ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਦੇਸ਼ ’ਚ ਹੁਣ ਤੱਕ ਕੋਵਿਡ ਵੈਕਸੀਨ ਦੀਆਂ 151.94 ਕਰੋੜ ਤੋਂ ਜ਼ਿਆਦਾ ਖੁਰਾਕਾਂ ਲੱਗ ਚੁੱਕੀਆਂ ਹਨ।
ਇਸ ਦੌਰਾਨ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਨ ਨੇ ਸੂਬਿਆਂ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਉਹ ਕਰੋਨਾ ਦੇ ਵਧ ਰਹੇ ਕੇਸਾਂ ’ਤੇ ਨਜ਼ਰ ਰੱਖਣ। ਉਨ੍ਹਾਂ ਕਿਹਾ ਕਿ ਇਸ ਸਮੇਂ ਸਿਰਫ਼ 5 ਤੋਂ 10 ਫ਼ੀਸਦੀ ਸਰਗਰਮ ਕੇਸਾਂ ਨੂੰ ਹਸਪਤਾਲ ਜਾਣ ਦੀ ਲੋੜ ਪਈ ਹੈ ਪਰ ਹਾਲਾਤ ਅਜੇ ਖ਼ਤਰਨਾਕ ਹਨ ਅਤੇ ਇਸ ’ਚ ਤੇਜ਼ੀ ਨਾਲ ਬਦਲਾਅ ਆ ਸਕਦਾ ਹੈ। ਉਨ੍ਹਾਂ ਕਿਹਾ ਕਿ ਕੋਵਿਡ ਦੀ ਦੂਜੀ ਲਹਿਰ ਦੌਰਾਨ ਸਰਗਰਮ ਕੇਸਾਂ ’ਚੋਂ 20-23 ਫ਼ੀਸਦੀ ਲੋਕਾਂ ਨੂੰ ਹੀ ਹਸਪਤਾਲ ’ਚ ਦਾਖ਼ਲ ਕਰਨ ਦੀ ਲੋੜ ਪਈ ਸੀ। ਸ੍ਰੀ ਭੂਸ਼ਨ ਨੇ ਕਿਹਾ ਕਿ ਸਿਹਤ ਸਹੂਲਤਾਂ ’ਤੇ ਧਿਆਨ ਰੱਖਣ ਦੀ ਲੋੜ ਹੈ। ਉਨ੍ਹਾਂ ਸਾਰੇ ਜ਼ਿਲ੍ਹਾ ਹਸਪਤਾਲਾਂ ਅਤੇ ਮੈਡੀਕਲ ਕਾਲਜ ਹਸਪਤਾਲਾਂ ਨੂੰ ਈ-ਸੰਜੀਵਨੀ ਟੈਲੀ ਕੰਸਲਟੇਸ਼ਨ ਕੇਂਦਰਾਂ ਦੀ ਵਰਤੋਂ ਕਰਨ ਲਈ ਕਿਹਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly