- ਸੰਸਦ ਮੈਂਬਰ ਦੇ ਰਿਕਾਰਡ ਵੋਟਾਂ ਨਾਲ ਚੋਣ ਜਿੱਤਣ ਦਾ ਦਾਅਵਾ
ਐੱਸਏਐੱਸ ਨਗਰ (ਮੁਹਾਲੀ) (ਸਮਾਜ ਵੀਕਲੀ): ਆਮ ਆਦਮੀ ਪਾਰਟੀ (ਆਪ) ਵੱਲੋਂ ਮੁੱਖ ਮੰਤਰੀ ਦੇ ਉਮੀਦਵਾਰ ਐਲਾਨੇ ਭਗਵੰਤ ਮਾਨ ਧੂਰੀ ਤੋਂ ਪੰਜਾਬ ਵਿਧਾਨ ਸਭਾ ਦੀ ਚੋਣ ਲੜਨਗੇ। ਇਥੇ ਪਾਰਟੀ ਦੇ ਚੋਣ ਦਫ਼ਤਰ ਵਿੱਚ ਇਹ ਐਲਾਨ ਕਰਦਿਆਂ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਸੂਬੇ ਦੇ ਲੋਕ ਭਗਵੰਤ ਮਾਨ ਨੂੰ ਪੰਜਾਬ ਵਿੱਚ ਸੱਤਾ ਪਰਿਵਰਤਨ ਲਈ ਸ਼ਾਹ ਅਸਵਾਰ ਮੰਨਦੇ ਹਨ। ਉਨ੍ਹਾਂ ਕਿਹਾ ਕਿ ਮਾਨ ਲੋਕਾਂ ਦੇ ਦੁੱਖਾਂ ਤੇ ਖ਼ੁਸ਼ੀਆਂ ਦੇ ਭਾਈਵਾਲ ਹਨ। ਉਨ੍ਹਾਂ ਦੇ ਦਿਲ ਵਿੱਚ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਉਜਾੜੇ ਦਾ ਦਰਦ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਭਗਵੰਤ ਮਾਨ ਧੂਰੀ ਤੋਂ ਰਿਕਾਰਡ ਵੋਟਾਂ ਨਾਲ ਜਿੱਤ ਕੇ ਪੰਜਾਬ ਦੇ ਅਗਲੇ ਮੁੱਖ ਮੰਤਰੀ ਹੋਣਗੇ। ਉਨ੍ਹਾਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਪੰਜਾਬ ਲਈ ‘ਇੱਕ ਤੇ ਇੱਕ ਗਿਆਰਾਂ’ ਭਾਵ ਜੇਤੂ ਸਿੱਧ ਹੋਵੇਗੀ, ਕਿਉਂਕਿ ਪੰਜਾਬ ਦੇ ਲੋਕ ਭਗਵੰਤ ਮਾਨ ਅਤੇ ਕੇਜਰੀਵਾਲ ਨੂੰ ਦਿਲੋਂ ਪਿਆਰ ਕਰਦੇ ਹਨ। ਰਾਘਵ ਚੱਢਾ ਨੇ ਕਿਹਾ ਕਿ ਭਗਵੰਤ ਮਾਨ ‘ਆਪ’ ਦੇ ਇਕਲੌਤੇ ਸੰਸਦ ਮੈਂਬਰ ਹਨ, ਜੋ ਸੰਸਦ ਵਿੱਚ ਲੋਕਾਂ ਦੇ ਮੁੱਦੇ ਚੁੱਕਦੇ ਹਨ ਅਤੇ ਉਨ੍ਹਾਂ ਨੇ ਪੰਜਾਬ ਵਿੱਚ ਪਾਰਟੀ ਨੂੰ ਪਿੰਡ ਪੱਧਰ ’ਤੇ ਮਜ਼ਬੂਤ ਕੀਤਾ ਹੈ। ਸੰਗਰੂਰ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਦੋ ਵਾਰ 2014 ਅਤੇ 2019 ਵਿੱਚ ਸੰਸਦ ਮੈਂਬਰ ਚੁਣਿਆ ਅਤੇ ਲੋਕਾਂ ਦੀ ਇੱਛਾ ਸੀ ਕਿ ਮਾਨ ਇਸੇ ਇਲਾਕੇ ’ਚੋਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਰੂਪ ਵਿੱਚ ਚੋਣ ਲੜਨ।
ਇਸ ਲਈ ਪਾਰਟੀ ਨੇ ਮਾਨ ਨੂੰ ਧੂਰੀ ਤੋਂ ਚੋਣ ਲੜਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਸਿਰਫ਼ ‘ਆਪ’ ਹੀ ਮੁੱਖ ਮੰਤਰੀ ਦੇ ਚਿਹਰੇ ਨਾਲ ਚੋਣ ਮੈਦਾਨ ਵਿੱਚ ਉਤਰ ਰਹੀ ਹੈ ਜਦੋਂਕਿ ਬਾਕੀ ਪਾਰਟੀਆਂ ਹਾਲੇ ਤੱਕ ਮੁੱਖ ਮੰਤਰੀ ਦਾ ਚਿਹਰਾ ਨਹੀਂ ਐਲਾਨ ਸਕੀਆਂ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਸੋਨੀ ਦੀ ਚਿੜੀ ਕਹੇ ਜਾਣ ਵਾਲੇ ਪੰਜਾਬ ਨੂੰ ਸੱਤਾਧਾਰੀ ਪਾਰਟੀਆਂ ਨੇ ਬੌਧਿਕ, ਆਰਥਿਕ, ਭਾਈਚਾਰਕ ਸਾਂਝ ਅਤੇ ਨੈਤਿਕ ਪੱਖੋਂ ਬਰਬਾਦ ਕੀਤਾ ਹੈ। ਭ੍ਰਿਸ਼ਟਾਚਾਰ, ਮਾਫ਼ੀਆ ਰਾਜ, ਡਰੱਗ ਦਾ ਜਾਲ ਪੰਜਾਬ ਦੀ ਜਵਾਨੀ ਨੂੰ ਖੋਖਲਾ ਕਰ ਰਿਹਾ ਹੈ, ਜਿਸ ਲਈ ਅਕਾਲੀ ਦਲ, ਭਾਜਪਾ, ਕਾਂਗਰਸ, ਕੈਪਟਨ ਅਮਰਿੰਦਰ ਸਿੰਘ ਅਤੇ ਮੁੱਖ ਮੰਤਰੀ ਚਰਨਜੀਤ ਚੰਨੀ ਬਰਾਬਰ ਦੇ ਜ਼ਿੰਮੇਵਾਰ ਹਨ। ਇਸ ਮੌਕੇ ਵਪਾਰ ਵਿੰਗ ਦੇ ਸੂਬਾ ਪ੍ਰਧਾਨ ਵਿਨੀਤ ਵਰਮਾ, ਜਗਤਾਰ ਸਿੰਘ ਸੰਘੇੜਾ ਵੀ ਮੌਜੂਦ ਸਨ।
‘ਰੱਬ ਦਾ ਸ਼ੁਕਰ ਚੰਨੀ ਨੂੰ 111 ਦਿਨ ਹੀ ਮਿਲੇ’
ਈਡੀ ਦੀ ਛਾਪੇਮਾਰੀ ਬਾਰੇ ਪੁੱਛੇ ਜਾਣ ’ਤੇ ਰਾਘਵ ਚੱਢਾ ਨੇ ਕਿਹਾ ਕਿ ਭਾਜਪਾ ਚੋਣਾਂ ਮੌਕੇ ਅਕਸਰ ਆਪਣੇ ਵਿਰੋਧੀਆਂ ਖਿਲਾਫ਼ ਅਜਿਹੀਆਂ ਕਾਰਵਾਈਆਂ ਨੂੰ ਅੰਜਾਮ ਦਿੰਦੀ ਹੈ, ਪਰ ਛਾਪਿਆਂ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਘਰੋਂ 10 ਕਰੋੜ ਰੁਪਏ ਦੀ ਬਰਾਮਦਗੀ ਤੋਂ ਸਪੱਸ਼ਟ ਹੁੰਦਾ ਹੈ ਕਿ ਜੇਕਰ ਮੁੱਖ ਮੰਤਰੀ ਦੇ ਹੋਰਨਾਂ ਰਿਸ਼ਤੇਦਾਰਾਂ ਦੇ ਘਰਾਂ ’ਤੇ ਛਾਪੇ ਮਾਰੇ ਜਾਣ ਤਾਂ ਪਤਾ ਨਹੀਂ ਕਿੰਨੀ ਕੁ ਮਾਇਆ ਮਿਲੇਗੀ। ਉਨ੍ਹਾਂ ਕਿਹਾ ਕਿ ਰੱਬ ਦਾ ਸ਼ੁਕਰ ਹੈ ਕਿ ਚੰਨੀ ਨੂੰ ਸਿਰਫ਼ 111 ਦਿਨ ਹੀ ਮਿਲੇ ਹਨ, ਜੇਕਰ ਪੂਰੇ ਪੰਜ ਸਾਲ ਮਿਲ ਜਾਂਦੇ ਤਾਂ ਪੰਜਾਬ ਨੂੰ ਲੁੱਟ ਕੇ ਖਾ ਜਾਣਾ ਸੀ। ਚੰਨੀ ਨੇ ਪੰਜਾਬ ਨੂੰ ਲੁੱਟਣ ਦੇ ਮਾਮਲੇ ਵਿੱਚ ਬਾਦਲਾਂ ਅਤੇ ਕੈਪਟਨ ਨੂੰ ਵੀ ਪਿੱਛੇ ਛੱਡ ਦਿੱਤਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly