ਹਾਈ ਕੋਰਟ ਵੱਲੋਂ ਮਜੀਠੀਆ ਦੀ ਅਗਾਊਂ ਜ਼ਮਾਨਤ ਰੱਦ

 

  • ਮਜੀਠੀਆ ਨੇ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਫਸਾਉਣ ਦਾ ਦੋਸ਼ ਲਾਇਆ

ਐਸ.ਏ.ਐਸ. ਨਗਰ (ਮੁਹਾਲੀ) (ਸਮਾਜ ਵੀਕਲੀ): ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਪੰਜਾਬ ਹਰਿਆਣਾ ਹਾਈ ਕੋਰਟ ਨੇ ਅਕਾਲੀ ਆਗੂ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਅਗਾਊਂ ਜ਼ਮਾਨਤ ਰੱਦ ਦਿੱਤੀ ਹੈ। ਵਿਧਾਨ ਸਭਾ ਚੋਣਾਂ ਦੇ ਐਨ ਮੌਕੇ ਹਾਈ ਕੋਰਟ ਦੇ ਇਸ ਫੈਸਲੇ ਨਾਲ ਅਕਾਲੀ ਦਲ ਨੂੰ ਵੱਡਾ ਧੱਕਾ ਲੱਗਾ ਹੈ। ਕਾਨੂੰਨੀ ਤੌਰ ’ਤੇ ਹੁਣ ਪੁਲੀਸ ਮਜੀਠੀਆ ਨੂੰ ਕਿਸੇ ਸਮੇਂ ਵੀ ਗ੍ਰਿਫ਼ਤਾਰ ਕਰ ਸਕਦੀ ਹੈ।

ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਥਾਣੇ ਵਿੱਚ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਪਰਚਾ ਦਰਜ ਹੋਣ ਤੋਂ ਬਾਅਦ ਉਹ ਰੂਪੋਸ਼ ਹੋ ਗਏ ਸਨ। ਪੰਜਾਬ ਸਰਕਾਰ ਅਤੇ ਪੁਲੀਸ ਨੇ ਉਨ੍ਹਾਂ ਦੇ ਵਿਦੇਸ਼ ਭੱਜਣ ਦਾ ਖ਼ਦਸ਼ਾ ਪ੍ਰਗਟ ਕਰਦਿਆਂ ਲੁੱਕ-ਆਊਟ ਨੋਟਿਸ ਵੀ ਜਾਰੀ ਕੀਤਾ ਸੀ ਪਰ ਬੀਤੀ 10 ਜਨਵਰੀ ਨੂੰ ਹਾਈ ਕੋਰਟ ਨੇ ਸਖ਼ਤ ਸ਼ਰਤਾਂ ਦੇ ਆਧਾਰ ’ਤੇ ਮਜੀਠੀਆ ਦੀ ਕੱਚੀ ਜ਼ਮਾਨਤ ਮਨਜ਼ੂਰ ਕਰਦਿਆਂ ਉਸ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਸਿੱਟ ਅੱਗੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਸਨ।

ਅਕਾਲੀ ਆਗੂ ਹੁਣ ਤੱਕ ਤਿੰਨ ਵਾਰ ਸਿੱਟ ਅੱਗੇ ਪੇਸ਼ ਹੋ ਚੁੱਕੇ ਹਨ ਅਤੇ ਜਾਂਚ ਟੀਮ ਉਨ੍ਹਾਂ ਤੋਂ ਕਈ-ਕਈ ਘੰਟੇ ਪੁੱਛ-ਪੜਤਾਲ ਕਰ ਚੁੱਕੀ ਹੈ। ਮਜੀਠੀਆ ਨੇ ਆਪਣੇ ਵਕੀਲ ਦਮਨਬੀਰ ਸਿੰਘ ਸੋਬਤੀ ਅਤੇ ਅਰਸ਼ਦੀਪ ਸਿੰਘ ਚੀਮਾ ਰਾਹੀਂ ਮੁਹਾਲੀ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੰਦਿਆਂ ਅਗਾਊਂ ਜ਼ਮਾਨਤ ਦੀ ਅਰਜ਼ੀ ਦਿੱਤੀ ਸੀ। ਅਕਾਲੀ ਆਗੂ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੈਰਕਾਨੂੰਨੀ ਤਰੀਕੇ ਨਾਲ ਇਹ ਕੇਸ ਦਰਜ ਕੀਤਾ ਗਿਆ ਹੈ ਜਦੋਂਕਿ ਇਸ ਮਾਮਲੇ ਵਿੱਚ ਕੋਈ ਸ਼ਿਕਾਇਤਕਰਤਾ ਨਹੀਂ ਹੈ। ਇਹ ਵੀ ਦਲੀਲ ਦਿੱਤੀ ਗਈ ਕਿ ਉਹ ਸਿਟ ਅੱਗੇ ਤਿੰਨ ਵਾਰ ਪੇਸ਼ ਹੋ ਚੁੱਕੇ ਹਨ ਅਤੇ ਪੁਲੀਸ ਨੇ ਜੋ ਸਵਾਲ ਪੁੱਛੇ ਸਨ, ਉਨ੍ਹਾਂ ਦੇ ਸਹੀ-ਸਹੀ ਜਵਾਬ ਦਿੱਤੇ ਗਏ ਹਨ।

ਉਧਰ, ਸਰਕਾਰੀ ਵਕੀਲ ਦਾ ਕਹਿਣਾ ਸੀ ਕਿ ਮਜੀਠੀਆ ਖ਼ਿਲਾਫ਼ ਤੱਥਾਂ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹਾਈ ਕੋਰਟ ਦੀ ਦੇਖ-ਰੇਖ ਹੇਠ ਨਸ਼ਿਆਂ ਦੀ ਤਸਕਰੀ ਮਾਮਲੇ ਸਬੰਧੀ ਗਠਿਤ ਵਿਸ਼ੇਸ਼ ਜਾਂਚ ਟੀਮ (ਸਿਟ) ਦੀ ਰਿਪੋਰਟ ਅਤੇ ਕਾਨੂੰਨੀ ਰਾਇ ਲੈਣ ਮਗਰੋਂ ਹੀ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਮਾਮਲੇ ਦੀ ਤਹਿ ਤੱਕ ਜਾਣ ਲਈ ਮਜੀਠੀਆ ਨੂੰ ਪੁਲੀਸ ਹਿਰਾਸਤ ਵਿੱਚ ਲੈ ਕੇ ਪੁੱਛ-ਪੜਤਾਲ ਕਰਨੀ ਬਹੁਤ ਜ਼ਰੂਰੀ ਹੈ। ਅਦਾਲਤ ਨੇ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮੁੱਢੋਂ ਰੱਦ ਕਰ ਦਿੱਤੀ। ਪੁਲੀਸ ਨੇ ਅਕਾਲੀ ਆਗੂ ਦੀ ਪੈੜ ਨੱਪਣ ਲਈ ਕਾਰਵਾਈ ਤੇਜ਼ ਕਰ ਦਿੱਤੀ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰੇਤ ਮਾਫ਼ੀਆ ਖਿ਼ਲਾਫ਼ ਰਾਜਪਾਲ ਨੂੰ ਮਿਲਿਆ ‘ਆਪ’ ਦਾ ਵਫ਼ਦ
Next articleਦਿੱਲੀ ਵਾਂਗ ਪੰਜਾਬ ’ਚ ਲੋਕ ਰਾਇ ਨਾਲ ਬਜਟ ਤਿਆਰ ਕਰੇਗੀ ‘ਆਪ’ ਸਰਕਾਰ: ਕੇਜਰੀਵਾਲ