ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਵਿਧਾਨ ਸਭਾ ਦੇ 117 ਹਲਕਿਆਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅਮਲ ਅੱਜ ਕੋਵਿਡ- 19 ਪ੍ਰੋਟੋਕੋਲ ਦੇ ਮੱਦੇਨਜ਼ਰ ਪਹਿਲੀ ਵਾਰ ਬਿਨਾਂ ਕਿਸੇ ਸਿਆਸੀ ਧੂਮ-ਧੜੱਕੇ ਤੋਂ ਸ਼ੁਰੂ ਹੋ ਗਿਆ। ਅੱਜ ਪਹਿਲੇ ਦਿਨ 12 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ 8 ਉਮੀਦਵਾਰਾਂ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਇੱਕ-ਇੱਕ ਉਮੀਦਵਾਰ ਨੇ ਕਾਗ਼ਜ਼ ਦਾਖ਼ਲ ਕੀਤੇ ਹਨ| ਰਸਮੀ ਤੌਰ ’ਤੇ ਪੰਜਾਬ ਚੋਣਾਂ ਲਈ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ| ਮੁੱਖ ਚੋਣ ਅਧਿਕਾਰੀ ਡਾ. ਕਰੁਣਾ ਰਾਜੂ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਲਈ ਨੋਟੀਫ਼ਿਕੇਸ਼ਨ ਜਾਰੀ ਹੋਣ ਮਗਰੋਂ ਹੀ ਅੱਜ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ ਹੈ| ਉਨ੍ਹਾਂ ਦੱਸਿਆ ਕਿ ਅੱਜ ਪਹਿਲੇ ਦਿਨ 12 ਉਮੀਦਵਾਰਾਂ ਨੇ ਸ਼ਾਮ ਛੇ ਵਜੇ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ|
ਸ਼੍ਰੋਮਣੀ ਅਕਾਲੀ ਦਲ ਦੇ ਮੁਕਤਸਰ ਤੋਂ ਉਮੀਦਵਾਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਕਵਰਿੰਗ ਉਮੀਦਵਾਰ ਵਜੋਂ ਖੁਸ਼ਪ੍ਰੀਤ ਕੌਰ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ|ਹਲਕਾ ਮੌੜ ਤੋਂ ਅਕਾਲੀ ਉਮੀਦਵਾਰ ਜਗਮੀਤ ਸਿੰਘ ਬਰਾੜ ਅਤੇ ਹਲਕਾ ਗਿੱਲ ਤੋਂ ਅਕਾਲੀ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ, ਕਵਰਿੰਗ ਉਮੀਦਵਾਰ ਵਜੋਂ ਪਰਮਜੀਤ ਕੌਰ ਸ਼ਿਵਾਲਿਕ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ ਜਦਕਿ ਹਲਕਾ ਦਾਖਾ ਤੋਂ ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਅਤੇ ਕਵਰਿੰਗ ਉਮੀਦਵਾਰ ਵਜੋਂ ਹਰਕਿੰਦਰ ਸਿੰਘ ਨੇ ਕਾਗ਼ਜ਼ ਭਰੇ ਹਨ| ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਵੀ ਅੱਜ ਕਾਗ਼ਜ਼ ਦਾਖਲ ਕੀਤੇ ਹਨ|
ਹਲਕਾ ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਕੁਸ਼ਲਦੀਪ ਸਿੰਘ ਢਿੱਲੋਂ ਅਤੇ ਕਵਰਿੰਗ ਉਮੀਦਵਾਰ ਵਜੋਂ ਅਮਨਜੋਤ ਕੌਰ ਢਿੱਲੋਂ ਨੇ ਕਾਗ਼ਜ਼ ਭਰੇ ਹਨ| ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ‘ਆਪ’ ਉਮੀਦਵਾਰ ਹਰਜੋਤ ਸਿੰਘ ਬੈਂਸ ਅਤੇ ਦਾਖਾ ਤੋਂ ਆਮ ਲੋਕ ਪਾਰਟੀ ਯੂਨਾਈਟਿਡ ਦੇ ਉਮੀਦਵਾਰ ਦੇਵਿੰਦਰ ਸਿੰਘ ਨੇ ਵੀ ਨਾਮਜ਼ਦਗੀ ਪੱਤਰ ਭਰੇ ਹਨ| ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣਗੀਆਂ| ਕਾਂਗਰਸ ਪਾਰਟੀ ਤਰਫ਼ੋਂ ਹਾਲੇ ਤੱਕ ਸਾਰੇ ਉਮੀਦਵਾਰਾਂ ਦਾ ਐਲਾਨ ਕੀਤਾ ਜਾਣਾ ਬਾਕੀ ਹੈ ਜਦੋਂ ਕਿ ਆਮ ਆਦਮੀ ਪਾਰਟੀ ਨੇ ਸਾਰੇ ਹਲਕਿਆਂ ਤੋਂ ਉਮੀਦਵਾਰ ਐਲਾਨ ਦਿੱਤੇ ਹਨ|
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly