ਅੰਮ੍ਰਿਤਸਰ (ਸਮਾਜ ਵੀਕਲੀ): ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਰੱਦ ਕੀਤੀ ਜ਼ਮਾਨਤ ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ ਕਿ ਅਦਾਲਤ ਨੇ ਸਰਕਾਰ ਦੀ ਕਾਰਵਾਈ ਸਹੀ ਹੋਣ ਦੀ ਮੋਹਰ ਲਾ ਦਿੱਤੀ ਹੈ। ਇਸ ਤੋਂ ਇਹ ਵੀ ਸਾਬਤ ਹੋਇਆ ਹੈ ਕਿ ਇਹ ਕੋਈ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਕਾਰਵਾਈ ਨਹੀਂ।
ਅੱਜ ਇੱਥੇ ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਰੰਧਾਵਾ ਨੇ ਇਕ ਸਵਾਲ ਦੇ ਜਵਾਬ ’ਚ ਆਖਿਆ ਕਿ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ’ਤੇ ਪੁਲੀਸ ਵੱਲੋਂ ਜਾਂਚ ਕੀਤੀ ਗਈ ਹੈ ਪਰ ਕਿਉਂਕਿ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ ਅਤੇ ਹੁਣ ਸਰਕਾਰ ਦੀ ਸਮੁੱਚੀ ਕਾਰਵਾਈ ਕਮਿਸ਼ਨ ਦੀ ਨਿਗਰਾਨੀ ਹੇਠ ਹੈ। ਇਸ ਲਈ ਉਨ੍ਹਾਂ ਨੂੰ ਇਸ ਬਾਰੇ ਵਧੇਰੇ ਜਾਣਕਾਰੀ ਨਹੀਂ ਹੈ ਪਰ ਉਨ੍ਹਾਂ ਅਦਾਲਤ ਵੱਲੋਂ ਸ੍ਰੀ ਮਜੀਠੀਆ ਦੀ ਰੱਦ ਕੀਤੀ ਜ਼ਮਾਨਤ ਨੂੰ ਜਾਇਜ਼ ਦੱਸਿਆ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵੱਲੋਂ ਉਸ ਨੂੰ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਵਿਚਾਰ ਕਰਦਿਆਂ ਕੁਝ ਰਾਹਤ ਦਿੱਤੀ ਗਈ ਸੀ ਪਰ ਇਸ ਦੌਰਾਨ ਸ੍ਰੀ ਮਜੀਠੀਆ ਨੇ ਸਿੱਧੇ-ਅਸਿੱਧੇ ਢੰਗ ਨਾਲ ਮੁੱਖ ਮੰਤਰੀ, ਗ੍ਰਹਿ ਮੰਤਰੀ ਅਤੇ ਪੁਲੀਸ ਅਧਿਕਾਰੀਆਂ ਨੂੰ ਧਮਕੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਅਦਾਲਤ ਨੇ ਉਸ ਨੂੰ ਕੁਝ ਸ਼ਰਤਾਂ ’ਤੇ ਇਹ ਰਾਹਤ ਦਿੱਤੀ ਸੀ, ਜਿਸ ਦੀ ਉਲੰਘਣਾ ਹੋਈ ਹੈ। ਉਨ੍ਹਾਂ ਕਿਹਾ ਕਿ ਅਦਾਲਤ ਨੇ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰਕੇ ਸਰਕਾਰ ਦੀ ਕਾਰਵਾਈ ’ਤੇ ਵੀ ਮੋਹਰ ਲਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਵੀ ਜਾਂਚ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ ਹੈ, ਜਿਸ ’ਤੇ ਅਦਾਲਤ ਵੱਲੋਂ ਵੀ ਕਾਰਵਾਈ ਲਈ ਹਾਂ ਪੱਖੀ ਹੁੰਗਾਰਾ ਦਿੱਤਾ ਗਿਆ ਸੀ।
ਇਸ ਮਾਮਲੇ ਵਿੱਚ ਉਨ੍ਹਾਂ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੇ ਗਏ ਦਾਅਵੇ ਕਿ ਇਹ ਕੇਸ ਸਿਆਸਤ ਨਾਲ ਪ੍ਰੇਰਿਤ ਹੈ ਅਤੇ ਇਸ ਵਿਚ ਕੋਈ ਸਬੂਤ ਨਹੀਂ ਹੈ, ਬਾਰੇ ਕਿਹਾ ਕਿ ਸਰਕਾਰ ਨੇ ਜੋ ਵੀ ਕਾਰਵਾਈ ਕੀਤੀ ਹੈ, ਉਹ ਜਾਂਚ ਰਿਪੋਰਟ ਅਤੇ ਅਦਾਲਤ ਦੇ ਦਿਸ਼ਾ ਨਿਰਦੇਸ਼ ’ਤੇ ਕੀਤੀ ਹੈ। ਇਸ ਮੌਕੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਕੀ ਹੁਣ ਜਦੋਂ ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ ਅਤੇ ਸਰਕਾਰ ਦੀ ਕਾਰਵਾਈ ’ਤੇ ਮੋਹਰ ਲਾਈ ਹੈ ਤਾਂ ਕੀ ਸ੍ਰੀ ਕੇਜਰੀਵਾਲ ਆਪਣਾ ਮੁਆਫੀਨਾਮਾ ਵਾਪਸ ਲੈਣਗੇ।
‘ਆਪ’ ਆਗੂ ਅਤੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਜੇਲ੍ਹ ਵਿਚ ਧਮਕੀਆਂ ਮਿਲਣ ਦੇ ਦੋਸ਼ਾਂ ਬਾਰੇ ਉਨ੍ਹਾਂ ਕਿਹਾ ਕਿ ਇਹ ਦੋਸ਼ ਗਲਤ ਹਨ। ਉਨ੍ਹਾਂ ਉਲਟਾ ਸਾਬਕਾ ਆਈਜੀ ’ਤੇ ਦੋਸ਼ ਲਾਇਆ ਕਿ ਉਹ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਸ ਵਿੱਚ ਮਿਲੇ ਹੋਏ ਸਨ। ਇਸੇ ਕਾਰਨ ਬੇਅਦਬੀ ਮਾਮਲੇ ਦੀ ਜਾਂਚ ਦਾ ਦਸਵਾਂ ਚਲਾਨ ਪੇਸ਼ ਨਹੀਂ ਕੀਤਾ ਗਿਆ।
ਈਡੀ ਵਲੋਂ ਮੁੱਖ ਮੰਤਰੀ ਦੇ ਰਿਸ਼ਤੇਦਾਰ ਦੇ ਘਰੋਂ ਬਰਾਮਦ ਹੋਈ ਦਸ ਕਰੋੜ ਰੁਪਏ ਦੀ ਰਕਮ ਨਾਲ ਮੁੱਖ ਮੰਤਰੀ ਦੇ ਸਬੰਧਾਂ ਬਾਰੇ ਕਿਹਾ ਕਿ ਜੇਕਰ ਇਸ ਰਕਮ ਦਾ ਮੁੱਖ ਮੰਤਰੀ ਨਾਲ ਕੋਈ ਸਬੰਧ ਹੈ ਤਾਂ ਫਿਰ ਈਡੀ ਨੇ ਮੁੱਖ ਮੰਤਰੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਭਗਵੰਤਪਾਲ ਸਿੰਘ ਸੱਚਰ ਤੇ ਹੋਰ ਆਗੂ ਹਾਜ਼ਰ ਸਨ।
‘ਮੁੱਖ ਮੰਤਰੀ ਦੀ ਜਗ੍ਹਾ ਗ੍ਰਹਿ ਮੰਤਰੀ ਜਾਂ ਸੂਬਾ ਪ੍ਰਧਾਨ ਬਣਨ ਨੂੰ ਤਰਜੀਹ’
ਕਾਂਗਰਸ ਵੱਲੋਂ ਮੁੱਖ ਮੰਤਰੀ ਦੇ ਉਮੀਦਵਾਰ ਬਾਰੇ ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕੀ ਇਸ ਵੇਲੇ ਦਾ ਮੁੱਖ ਮੰਤਰੀ ਠੀਕ ਨਹੀਂ ਹੈ, ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਮੁੱਖ ਮੰਤਰੀ ਬਣਨ ਬਾਰੇ ਪੁੱਛਿਆ ਜਾਵੇ ਤਾਂ ਉਹ ਮੁੱਖ ਮੰਤਰੀ ਦੀ ਥਾਂ ਗ੍ਰਹਿ ਮੰਤਰੀ ਜਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਨੂੰ ਤਰਜੀਹ ਦੇਣਗੇ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨਾਲ ਉਨ੍ਹਾਂ ਦਾ ਕੋਈ ਕਾਟੋ ਕਲੇਸ਼ ਨਹੀਂ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly