ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਚੋਣਾਂ ਵਿੱਚ ਟਿਕਟਾਂ ਦੀ ਵੰਡ ਤੋਂ ਕਾਂਗਰਸ ਪਾਰਟੀ ’ਚ ਉੱਠੀ ਬਗ਼ਾਵਤ ਕਾਂਗਰਸੀ ਉਮੀਦਵਾਰ ’ਤੇ ਭਾਰੀ ਪੈ ਸਕਦੀ ਹੈ। ਕਈ ਕਾਂਗਰਸੀ ਆਗੂਆਂ ਨੇ ਪਾਰਟੀ ਵੱਲੋਂ ਟਿਕਟ ਨਾ ਮਿਲਣ ਕਰਕੇ ਹੁਣ ਆਜ਼ਾਦ ਉਮੀਦਵਾਰਾਂ ਵਜੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਨੇ ਅੱਜ ਹਲਕਾ ਬੱਸੀ ਪਠਾਣਾ ਤੋਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ। ਹਾਲਾਂਕਿ ਮੁੱਖ ਮੰਤਰੀ ਚੰਨੀ ਆਖ ਚੁੱਕੇ ਹਨ ਕਿ ਉਹ ਆਪਣੇ ਭਰਾ ਨੂੰ ਮਨਾ ਲੈਣਗੇ। ਡਾ. ਮਨੋਹਰ ਸਿੰਘ ਨੇ ਟਿਕਟ ਨਾ ਮਿਲਣ ਮਗਰੋਂ ਹੀ ਆਜ਼ਾਦ ਤੌਰ ’ਤੇ ਲੜਨ ਦਾ ਐਲਾਨ ਕੀਤਾ ਸੀ।
ਤਲਵੰਡੀ ਸਾਬੋ ਤੋਂ ਸਾਬਕਾ ਕਾਂਗਰਸੀ ਮੰਤਰੀ ਅਤੇ ਤਿੰਨ ਦਫ਼ਾ ਵਿਧਾਇਕ ਰਹੇ ਹਰਮਿੰਦਰ ਸਿੰਘ ਜੱਸੀ ਨੇ ਵੀ ਆਜ਼ਾਦ ਤੌਰ ’ਤੇ ਚੋਣ ਲੜਨ ਦਾ ਬਿਗਲ ਵਜਾ ਦਿੱਤਾ ਹੈ। ਕਾਂਗਰਸ ਨੇ ਐਤਕੀਂ ਉਨ੍ਹਾਂ ਦੀ ਜਗ੍ਹਾ ਮੁੜ ਤਲਵੰਡੀ ਸਾਬੋ ਤੋਂ ਖੁਸ਼ਬਾਜ਼ ਸਿੰਘ ਜਟਾਣਾ ਨੂੰ ਉਮੀਦਵਾਰ ਬਣਾਇਆ ਹੈ। ਸਾਬਕਾ ਮੰਤਰੀ ਜੱਸੀ ਦਾ ਕਹਿਣਾ ਸੀ ਕਿ ਉਹ ਸੋਮਵਾਰ ਨੂੰ ਤਲਵੰਡੀ ਸਾਬੋ ਹਲਕੇ ਤੋਂ ਆਜ਼ਾਦ ਉਮੀਦਵਾਰ ਦੇ ਤੌਰ ’ਤੇ ਕਾਗ਼ਜ਼ ਦਾਖਲ ਕਰਨਗੇ। ਹਰਮਿੰਦਰ ਸਿੰਘ ਜੱਸੀ ਜੋ ਡੇਰਾ ਸਿਰਸਾ ਦੇ ਮੁਖੀ ਦੇ ਕੁੜਮ ਵੀ ਹਨ, ਦਾ ਕਹਿਣਾ ਸੀ ਕਿ ਤਲਵੰਡੀ ਸਾਬੋ ਉਨ੍ਹਾਂ ਦਾ ਪੁਰਾਣਾ ਹਲਕਾ ਹੈ, ਜਿੱਥੋਂ ਉਹ 1992 ਤੇ 1997 ਵਿੱਚ ਦੋ ਵਾਰ ਜਿੱਤੇ ਹਨ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਭ੍ਰਿਸ਼ਟਾਚਾਰ ਤੇ ਗੁੰਡਾਗਰਦੀ ਬਹੁਤ ਵਧ ਗਈ ਹੈ, ਜਿਸ ਦੇ ਖ਼ਾਤਮੇ ਲਈ ਉਹ ਸਿਆਸੀ ਮੈਦਾਨ ਵਿਚ ਡਟੇ ਹਨ।
ਇਸ ਤੋਂ ਇਲਾਵਾ ਹਲਕਾ ਸਮਰਾਲਾ ਤੋਂ ਚਾਰ ਦਫ਼ਾ ਵਿਧਾਇਕ ਰਹੇ ਅਮਰੀਕ ਸਿੰਘ ਢਿੱਲੋਂ ਨੇ ਪਹਿਲਾਂ ਹੀ ਹਲਕਾ ਸਮਰਾਲਾ ਤੋਂ ਆਜ਼ਾਦ ਉਮੀਦਵਾਰ ਵਜੋਂ ਕਾਗ਼ਜ਼ ਦਾਖਲ ਕਰ ਦਿੱਤੇ ਹਨ। ਹਲਕਾ ਖਰੜ ਤੋਂ ਟਿਕਟ ਨਾ ਮਿਲਣ ਮਗਰੋਂ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵੀ ਪਾਰਟੀ ਖ਼ਿਲਾਫ਼ ਬਿਗਲ ਵਜਾ ਚੁੱਕੇ ਹਨ। ਸਾਬਕਾ ਮੰਤਰੀ ਕੰਗ ਨੇ ਅੱਜ ਹਲਕਾ ਖਰੜ ਦੇ ਪਿੰਡ ਮਾਜਰੀ ਵਿੱਚ ਕਿਹਾ ਕਿ ਉਨ੍ਹਾਂ ਦਾ ਲੜਕਾ ਹਲਕਾ ਖਰੜ ਤੋਂ ਆਜ਼ਾਦ ਤੌਰ ’ਤੇ ਚੋਣ ਲੜੇਗਾ। ਪਤਾ ਲੱਗਾ ਹੈ ਕਿ ਟਿਕਟ ਨਾ ਮਿਲਣ ਕਰਕੇ ਕਈ ਹੋਰ ਕਾਂਗਰਸੀ ਆਗੂ ਵੀ ਆਜ਼ਾਦ ਤੌਰ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ। ਕਾਂਗਰਸ ਪਾਰਟੀ ਨੂੰ ਇਹ ਬਗ਼ਾਵਤ ਸਿਆਸੀ ਤੌਰ ’ਤੇ ਨੁਕਸਾਨ ਪਹੁੰਚਾ ਸਕਦੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly