ਕੋਟਕਪੂਰਾ (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਫ਼ਰੀਦਕੋਟ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿਚ ਆਪਣੇ ਉਮੀਦਵਾਰਾਂ ਪਰਮਬੰਸ ਸਿੰਘ ਬੰਟੀ ਰੋਮਾਣਾ, ਮਨਤਾਰ ਸਿੰਘ ਬਰਾੜ ਅਤੇ ਸੂਬਾ ਸਿੰਘ ਬਾਦਲ ਦੇ ਹੱਕ ਵਿਚ ਚੋਣ ਰੈਲੀਆਂ ਕੀਤੀਆਂ। ਰੈਲੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ ਤੇ ਇਸ ਸੂਬੇ ਅੰਦਰ ਕਮਜ਼ੋਰ ਮੁੱਖ ਮੰਤਰੀ ਨਹੀਂ ਸਗੋਂ ਮਜ਼ਬੂਤ ਮੁੱਖ ਮੰਤਰੀ ਚਾਹੀਦਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ’ਤੇ ਤਿੱਖੇ ਹਮਲੇ ਜਾਰੀ ਰੱਖੇ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ‘ਆਪ’ ਦਿੱਲੀ ਮਾਡਲ ਵਿਖਾ ਕੇ ਮੂਰਖ ਬਣਾਉਣਾ ਚਾਹੁੰਦੀ ਹੈ ਪਰ ਜਦੋਂ ਦਿੱਲੀ ਮਾਡਲ ਪੰਜਾਬੀਆਂ ਨੇ ਵੇਖਿਆ ਹੀ ਨਹੀਂ ਤਾਂ ਉਸ ’ਤੇ ਭਰੋਸਾ ਕਿਵੇਂ ਕੀਤਾ ਜਾ ਸਕਦਾ ਹੈ। ‘ਆਪ’ ਪਾਰਟੀ ਕੋਲ ਕੋਈ ਪੰਜਾਬੀ ਆਗੂ ਹੀ ਨਹੀਂ, ਇਸ ਕਰ ਕੇ ਉਨ੍ਹਾਂ ਦਿੱਲੀ ਤੋਂ ਆਗੂ ਲਿਆਂਦੇ ਹਨ।
ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ’ਚ ਸਾਰੀਆਂ ਲੋਕ ਭਲਾਈ ਸਕੀਮਾਂ ਉਨ੍ਹਾਂ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਸ਼ੁਰੂ ਹੋਈਆਂ ਸਨ ਜਿਸ ਨੂੰ ਕਾਂਗਰਸ ਸਰਕਾਰ ਨੇ ਆਉਣ ’ਤੇ ਬੰਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਆਉਣ ’ਤੇ ਵਿਦਿਆਰਥੀਆਂ ਲਈ ਬੀਮਾ ਯੋਜਨਾ, ਭਾਈ ਘਨ੍ਹੱਈਆ ਸਕੀਮ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ-ਬਸਪਾ ਗਠਜੋੜ ਗਰੀਬੀ ਰੇਖਾ ਤੋਂ ਹੇਠਾਂ ਰਹਿ ਕੇ ਪਰਿਵਾਰਾਂ ਦੀਆਂ ਔਰਤਾਂ ਨੂੰ 2000 ਰੁਪਏ ਪ੍ਰਤੀ ਮਹੀਨਾ ਦੇਣ ਲਈ ਵਚਨਬੱਧ ਹੈ। ਇਸ ਤੋਂ ਇਲਾਵਾ ਉਨ੍ਹਾਂ ਸਾਰਿਆਂ ਨੂੰ ਪੰਜ ਮਰਲੇ ਦੇ ਪਲਾਟ ਦਿੱਤੇ ਜਾਣਗੇ ਜਿਨ੍ਹਾਂ ਕੋਲ ਆਪਣਾ ਮਕਾਨ ਨਹੀਂ ਹੈ। ਇਸ ਤੋਂ ਇਲਾਵਾ ਪਿੰਡ ਦੀ ਸਾਂਝੀ ਜ਼ਮੀਨ ਗਰੀਬਾਂ ਨੂੰ ਵੰਡਣ ਲਈ ਉਪਲਬਧ ਕਰਵਾਈ ਜਾਵੇਗੀ। ਉਨ੍ਹਾਂ ਨਿੱਜੀ ਖੇਤਰ ਵਿੱਚ ਦਸ ਲੱਖ ਨੌਕਰੀਆਂ ਦੇਣ ਦਾ ਵੀ ਵਾਅਦਾ ਕੀਤਾ। ਇਸ ਮੌਕੇ ਭਾਈ ਹਰਨਿਰਪਾਲ ਸਿੰਘ ਕੁੱਕੂ, ਸੰਦੀਪ ਬਰਾੜ, ਗੁਰਬੀਰ ਸੰਧੂ, ਅਮਰਜੀਤ ਸਿੰਘ ਦੁੱਲਟ ਆਦਿ ਹਾਜ਼ਰ ਸਨ। ਰੈਲੀ ’ਚ ਕਰੋਨਾ ਨਿਯਮਾਂ ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਅਣਗੌਲਿਆ ਕੀਤਾ ਗਿਆ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly