ਲੰਬੀ (ਸਮਾਜ ਵੀਕਲੀ): ਲੰਬੀ ਤੋਂ ਅਕਾਲੀ-ਬਸਪਾ ਉਮੀਦਵਾਰ ਪ੍ਰਕਾਸ਼ ਸਿੰਘ ਬਾਦਲ ਦੇ ਮੈਡੀਕਲ ਜਾਂਚ ਲਈ ਚੰਡੀਗੜ੍ਹ ਜਾਣ ’ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੋਂ ਪਿੰਡ ਧੌਲਾ ਤੇ ਥਰਾਜਵਾਲਾ ’ਚ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਬਾਦਲ ਨੂੰ ਛੇਵੀਂ ਵਾਰ ਵੱਡੇ ਫ਼ਰਕ ਨਾਲ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਬਾਦਲ ਨੇ ਆਪਣੀ ਸਾਰੀ ਉਮਰ ਲੋਕ ਸੇਵਾ ’ਚ ਲਗਾ ਦਿੱਤੀ। ਉਨ੍ਹਾਂ ਕਿਹਾ ਕਿ ਅਕਾਲੀ-ਬਸਪਾ ਗੱਠਜੋੜ ਸਰਕਾਰ ਉਹ ਸਾਰੀਆਂ ਸਮਾਜ ਭਲਾਈ ਸਕੀਮਾਂ ਬਹਾਲ ਕਰੇਗੀ, ਜੋ ਕਾਂਗਰਸ ਸਰਕਾਰ ਵੱਲੋਂ ਬੰਦ ਕੀਤੀਆਂ ਗਈਆਂ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕਾਂ ਨੂੰ ਕਰੋਨਾ ਕਾਲ ’ਚ ਨਾ ਤਾਂ ਪੀਣ ਵਾਲਾ ਸਾਫ ਪਾਣੀ ਮਿਲਿਆ ਤੇ ਨਾ ਹੀ ਬੁਨਿਆਦੀ ਸਹੂਲਤਾਂ ਮਿਲੀਆਂ। ਅਕਾਲੀ ਆਗੂ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਖੁਦ ਅਮੀਰ ਹੋਣ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ। ਉਨ੍ਹਾਂ ਚੰਨੀ ਦੇ ਰਿਸ਼ਤੇਦਾਰ ਕੋਲੋਂ ਬਰਾਮਦ ਹੋਏ 11 ਕਰੋੜ ਰੁਪਏ ਦੇ ਮਾਮਲੇ ’ਚ ਚੰਨੀ ਖ਼ਿਲਾਫ਼ ਵੀ ਕਾਨੂੰਨ ਮੁਤਾਬਕ ਕਾਰਵਾਈ ਕਰਨ ਦੀ ਮੰਗ ਕੀਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly