ਲਖਨਊ (ਸਮਾਜ ਵੀਕਲੀ): ਲਖੀਮਪੁਰ ਖੀਰੀ ਘਟਨਾ ਦੇ ਮੁੱਖ ਮੁਲਜ਼ਮਾਂ ’ਚੋਂ ਇਕ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ ਮਿਸ਼ਰਾ ਨੂੰ ਅਲਾਹਾਬਾਦ ਹਾਈ ਕੋਰਟ ਨੇ ਅੱਜ ਜ਼ਮਾਨਤ ਦੇ ਦਿੱਤੀ। ਲਖੀਮਪੁਰ ਖੀਰੀ ’ਚ ਪਿਛਲੇ ਸਾਲ ਚਾਰ ਕਿਸਾਨਾਂ ਸਮੇਤ ਅੱਠ ਵਿਅਕਤੀ ਹਲਾਕ ਹੋ ਗੲੇ ਸਨ। ਹਾਈ ਕੋਰਟ ਦੇ ਲਖਨਊ ਬੈਂਚ ਨੇ ਆਸ਼ੀਸ਼ ਮਿਸ਼ਰਾ ਦੀ ਅਰਜ਼ੀ ’ਤੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਸੁਣਵਾਈ ਮਗਰੋਂ 18 ਜਨਵਰੀ ਨੂੰ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਜਸਟਿਸ ਰਾਜੀਵ ਸਿੰਘ ਨੇ ਅੱਜ ਇਸ ਕੇਸ ’ਚ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ। ਕੇਂਦਰੀ ਮੰਤਰੀ ਦੇ ਪੁੱਤਰ ਵੱਲੋਂ ਪੇਸ਼ ਹੋਏ ਵਕੀਲ ਨੇ ਅਦਾਲਤ ਨੂੰ ਦੱਸਿਆ ਸੀ ਕਿ ਉਸ ਦਾ ਮੁਵੱਕਿਲ ਬੇਕਸੂਰ ਹੈ ਅਤੇ ਉਸ ਖ਼ਿਲਾਫ਼ ਇਸ ਗੱਲ ਦਾ ਕੋਈ ਸਬੂਤ ਨਹੀਂ ਕਿ ਉਸ ਨੇ ਵਾਹਨ ਦੇ ਡਰਾਈਵਰ ਨੂੰ ਕਿਸਾਨਾਂ ਨੂੰ ਦਰੜਨ ਲਈ ਭੜਕਾਇਆ ਸੀ। ਅਰਜ਼ੀ ਦਾ ਵਿਰੋਧ ਕਰਦਿਆਂ ਵਧੀਕ ਐਡਵੋਕੇਟ ਜਨਰਲ ਵੀ ਕੇ ਸ਼ਾਹੀ
ਨੇ ਕਿਹਾ ਸੀ ਕਿ ਘਟਨਾ ਵੇਲੇ ਆਸ਼ੀਸ਼ ਮਿਸ਼ਰਾ ਉਸ ਕਾਰ ’ਚ ਮੌਜੂਦ ਸੀ ਜਿਸ ਨੇ ਕਿਸਾਨਾਂ ਨੂੰ ਪਿੱਛਿਉਂ ਦਰੜਿਆ ਸੀ। ਦਲੀਲਾਂ ਸੁਣਨ ਮਗਰੋਂ ਜਸਟਿਸ ਰਾਜੀਵ ਸਿੰਘ ਦੇ ਬੈਂਚ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ ’ਚ ਅੱਠ ਵਿਅਕਤੀ ਉਦੋਂ ਮਾਰੇ ਗੲੇ ਸਨ ਜਦੋਂ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਇਲਾਕੇ ’ਚ ਦੌਰੇ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly