ਚੰਡੀਗੜ੍ਹ (ਸਮਾਜ ਵੀਕਲੀ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖ ਕੇ ਭਰੋਸਾ ਦਿੱਤਾ ਹੈ ਕਿ ਉਹ ਇੱਕ ਸਿਆਸੀ ਪਾਰਟੀ ਦੇ ਪਾਬੰਦੀਸੁਦਾ ਦੇਸ਼ ਵਿਰੋਧੀ ਜਥੇਬੰਦੀ ਨਾਲ ਸਬੰਧਾਂ ਦੀ ਨਿੱਜੀ ਤੌਰ ’ਤੇ ਜਾਂਚ ਕਰਵਾਉਣਗੇ| ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਸੀ ਕਿ ਆਮ ਆਦਮੀ ਪਾਰਟੀ ਦੇ ਸਿੱਖ ਫਾਰ ਜਸਟਿਸ ਜਥੇਬੰਦੀ ਨਾਲ ਕਥਿਤ ਸਬੰਧਾਂ ਦੀ ਪੜਤਾਲ ਕਰਵਾਈ ਜਾਵੇ| ਦੇਖਣ ਵਾਲੀ ਗੱਲ ਇਹ ਹੈ ਕਿ ਕੇਂਦਰ ਸਰਕਾਰ ਨੇ ਚੋਣਾਂ ਦੌਰਾਨ ਮੁੱਖ ਮੰਤਰੀ ਚੰਨੀ ਦੇ ਪੱਤਰ ’ਤੇ ਹੁੰਗਾਰਾ ਬਹੁਤ ਫੁਰਤੀ ਨਾਲ ਭਰਿਆ ਹੈ|
ਇਸ ਸਬੰਧੀ ਮੁੱਖ ਮੰਤਰੀ ਚੰਨੀ ਨੇ ਟਵੀਟ ਵੀ ਕੀਤਾ ਸੀ ਕਿ ਹਾਲ ਹੀ ਵਿੱਚ ਕੁਮਾਰ ਵਿਸ਼ਵਾਸ਼ ਨੇ ਜੋ ਕੁਝ ਕਿਹਾ ਹੈ ਉਸ ਦੀ ਨਿਰਪੱਖ ਜਾਂਚ ਕਰਵਾਈ ਜਾਵੇ| ਉਨ੍ਹਾਂ ਲਿਖਿਆ ਸੀ ਕਿ ਪੰਜਾਬ ਦੇ ਲੋਕਾਂ ਨੇ ਅਤਿਵਾਦ ਖ਼ਿਲਾਫ਼ ਲੜਾਈ ਵਿਚ ਭਾਰੀ ਕੀਮਤ ਲਾਹੀ ਹੈ ਅਤੇ ਪ੍ਰਧਾਨ ਮੰਤਰੀ ਨੂੰ ਹਰ ਪੰਜਾਬੀ ਦੀ ਚਿੰਤਾ ਦੂਰ ਕਰਨ ਦੀ ਲੋੜ ਹੈ| ਕੇਂਦਰੀ ਗ੍ਰਹਿ ਮੰਤਰੀ ਨੇ ਚੰਨੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਇੱਕ ਸਿਆਸੀ ਪਾਰਟੀ ਦਾ ਦੇਸ਼ ਵਿਰੋੋਧੀ ਜਥੇਬੰਦੀ ਨਾਲ ਸੰਪਰਕ ਰੱਖਣਾ ਅਤੇ ਚੋਣਾਂ ਵਿਚ ਉਸ ਕੋਲੋਂ ਸਹਿਯੋਗ ਪ੍ਰਾਪਤ ਕਰਨਾ ਦੇਸ਼ ਦੀ ਏਕਤਾ ਅਤੇ ਅਖੰਡਤਾ ਦੇ ਨਜ਼ਰੀਏ ਨਾਲ ਕਾਫੀ ਗੰਭੀਰ ਮਾਮਲਾ ਹੈ| ਗ੍ਰਹਿ ਮੰਤਰੀ ਨੇ ਭਰੋਸਾ ਦਿੱਤਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ| ਉਨ੍ਹਾਂ ਮਾਮਲੇ ਦੀ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly