ਅੰਮ੍ਰਿਤਸਰ (ਸਮਾਜ ਵੀਕਲੀ): ਪੰਜਾਬ ਵਿਧਾਨ ਸਭਾ ਚੋਣਾਂ ਤੋਂ ਇਕ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਪਤਨੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਜਿੱਤ ਲਈ ਅਰਦਾਸ ਕੀਤੀ ਹੈ। ਉਨ੍ਹਾਂ ਆਖਿਆ ਕਿ ਇਸ ਵਾਰ ਪੰਜਾਬ ਵਿੱਚ ਪੰਜਾਬੀਆਂ ਤੇ ਬਾਹਰਲਿਆਂ ਵਿਚਾਲੇ ਮੁਕਾਬਲਾ ਹੈ।
ਇੱਥੇ ਮੀਡੀਆ ਨਾਲ ਗੱਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਝੂਠੇ ਵਾਅਦਿਆਂ ’ਤੇ ਕਾਂਗਰਸ ਸਰਕਾਰ ਹੁਣ ਮੁੜ ਸੱਤਾ ਵਿੱਚ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣੀ ਤਾਂ ਸੂਬੇ ਵਿਚ ਕਾਨੂੰਨ ਦਾ ਰਾਜ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਪਾਬੰਦੀਸ਼ੁਦਾ ਖਾਲਿਸਤਾਨੀ ਜਥੇਬੰਦੀ ਸਿੱਖਸ ਫਾਰ ਜਸਟਿਸ ਨਾਲ ਸਬੰਧ ਹਨ ਅਤੇ ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੇ ਸੰਸਥਾਪਕ ਮੈਂਬਰ ਕੁਮਾਰ ਵਿਸ਼ਵਾਸ ਨੇ ਖੁਲਾਸਾ ਕੀਤਾ ਕਿ ਕੇਜਰੀਵਾਲ ਨੇ ਖਾਲਿਸਤਾਨੀ ਕੋਲੋਂ ਮਦਦ ਮੰਗੀ ਸੀ। ਉਨ੍ਹਾਂ ਦੋਸ਼ ਲਾਇਆ ਕਿ 2017 ਵਿੱਚ ਕੇਜਰੀਵਾਲ ਮੋਗਾ ’ਚ ਇਕ ਖਾੜਕੂ ਦੇ ਘਰ ਵੀ ਰਹੇ ਸਨ। ‘ਆਪ’ ਵੱਲੋਂ ਐਲਾਨੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੂੰ ਉਨ੍ਹਾਂ ਡੰਮੀ ਕਰਾਰ ਦਿੱਤਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly