ਅੰਮ੍ਰਿਤਸਰ (ਸਮਾਜ ਵੀਕਲੀ): ਨਾਨਕਸ਼ਾਹੀ ਕੈਲੰਡਰ ਮੁਤਾਬਕ ਅੱਜ ਇੱਥੇ ਨਵਾਂ ਵਰ੍ਹਾ ਮਨਾਇਆ ਗਿਆ। ਨਾਨਕਸ਼ਾਹੀ ਸੰਮਤ 554 ਦੀ ਸ਼ੁਰੂਆਤ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੇਸ਼ ਵਿਦੇਸ਼ ਦੀ ਸਿੱਖ ਸੰਗਤ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੱਤੀ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ। ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਕਥਾਵਾਚਕ ਗਿਆਨੀ ਜਸਵੰਤ ਸਿੰਘ ਨੇ ਸੰਗਤ ਨੂੰ ਹੁਕਮਨਾਮਾ ਸਰਵਣ ਕਰਵਾਇਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਵੀ ਸੰਗਤ ਨੂੰ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ ਦੀ ਅਪੀਲ ਕੀਤੀ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਅੰਮ੍ਰਿਤ ਵੇਲੇ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤ ਪੁੱਜਣੀ ਸ਼ੁਰੂ ਹੋ ਗਈ ਸੀ। ਹਾਲਾਂਕਿ ਬੀਤੇ ਦਿਨ ਐਤਵਾਰ ਹੋਣ ਕਰਕੇ ਵੱਡੀ ਗਿਣਤੀ ਵਿੱਚ ਸੰਗਤ ਇੱਥੇ ਪੁੱਜੀ ਹੋਈ ਸੀ, ਜਿਨ੍ਹਾਂ ਇੱਥੇ ਹੀ ਰਾਤ ਬਿਤਾਈ ਅਤੇ ਨਵੇਂ ਵਰ੍ਹੇ ਨੂੰ ਜੀ ਆਇਆਂ ਕਿਹਾ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨ ਤੋਂ ਵੱਡੀ ਗਿਣਤੀ ’ਚ ਸੰਗਤ ਇੱਥੇ ਪੁੱਜ ਰਹੀ ਹੈ। ਇਸੇ ਤਹਿਤ ਅੱਜ ਵੀ ਨਵੇਂ ਵਰ੍ਹੇ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਗੁਰੂ ਘਰ ਮੱਥਾ ਟੇਕ ਕੇ ਅਤੇ ਇਸ਼ਨਾਨ ਕਰਕੇ ਨਵੇਂ ਵਰ੍ਹੇ ਦੀ ਸ਼ੁਰੂਆਤ ਕੀਤੀ ਹੈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਵਾਂ ਵਰ੍ਹਾ ਸਮੁੱਚੇ ਸਿੱਖ ਭਾਈਚਾਰੇ ਅਤੇ ਕੁਲ ਆਲਮ ਦੀ ਮਨੁੱਖਤਾ ਲਈ ਖੁਸ਼ੀਆਂ ਅਤੇ ਸਮ੍ਰਿਧੀ ਲੈ ਕੇ ਆਵੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly