ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਭਲਕ ਤੋਂ ਲਾਗੂ ਹੋਣਗੇ ਕੇਂਦਰੀ ਸੇਵਾ ਨਿਯਮ

 

  • ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ (ਸਮਾਜ ਵੀਕਲੀ):  ਕੇਂਦਰੀ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਸਿਵਲ ਸੇਵਾਵਾਂ ਨਿਯਮ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਅਨੁਸਾਰ ਇਨ੍ਹਾਂ ਨਿਯਮਾਂ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਕਰਮਚਾਰੀ (ਸੇਵਾ ਸ਼ਰਤਾਂ) ਨਿਯਮ, 2022 ਕਿਹਾ ਸਕਦਾ ਹੈ, ਜੋ ਕਿ ਪਹਿਲੀ ਅਪਰੈਲ 2022 ਤੋਂ ਲਾਗੂ ਹੋਣਗੇ। ਕੇਂਦਰੀ ਸੇਵਾ ਨਿਯਮ ਲਾਗੂ ਹੋਣ ਨਾਲ ਚੰਡੀਗੜ੍ਹ ਦੇ ਮੁਲਾਜ਼ਮਾਂ ਦੀ ਸੇਵਾਮੁਕਤੀ ਦੀ ਉਮਰ 58 ਸਾਲ ਤੋਂ ਵਧ ਕੇ 60 ਸਾਲ ਹੋ ਜਾਵੇਗੀ ਜਦਕਿ ਸਿੱਖਿਆ ਖੇਤਰ ਨਾਲ ਸਬੰਧਤ ਸਮੁੱਚੇ ਅਧਿਆਪਨ ਸਟਾਫ਼ ਦੀ ਸੇਵਾਮੁਕਤੀ ਦੀ ਉਮਰ ਹੱਦ 65 ਸਾਲ ਹੋ ਜਾਵੇਗੀ। ਕੇਂਦਰ ਸਰਕਾਰ ਵੱਲੋਂ ਸਿੱਖਿਆ ਖੇਤਰ ਨਾਲ ਸਬੰਧਤ ਸਟਾਫ਼ ਨੂੰ ਬਾਲ ਸਿੱਖਿਆ ਭੱਤਾ ਵੀ ਦਿੱਤਾ ਜਾਵੇਗਾ।

ਮਹਿਲਾ ਮੁਲਾਜ਼ਮਾਂ ਨੂੰ ਬੱਚੇ ਦੀ ਦੇਖਭਾਲ ਲਈ ਮਿਲਣ ਵਾਲੀ ਇਕ ਸਾਲ ਦੀ ਛੁੱਟੀ ਹੁਣ ਦੋ ਸਾਲਾਂ ਦੀ ਹੋ ਜਾਵੇਗੀ। ਬੀਤੀ 27 ਮਾਰਚ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ ਸੀ ਕਿ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਸੇਵਾ ਨਿਯਮ ਲਾਗੂ ਹੋਣਗੇ। ਇਸ ਐਲਾਨ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਵਿਵਾਦ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰੀ ਦੇ ਐਲਾਨ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੇ ਖੁੱਲ੍ਹ ਕੇ ਵਿਰੋਧ ਕੀਤਾ ਸੀ। ਪੰਜਾਬ ਦੀਆਂ ਸਿਆਸੀ ਪਾਰਟੀਆਂ ਦੇ ਵਿਰੋਧ ਨੂੰ ਨਜ਼ਰਅੰਦਾਜ ਕਰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਪਹਿਲੀ ਅਪਰੈਲ ਤੋਂ ਉਕਤ ਨਿਯਮ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਅਤੇ ਇਨ੍ਹਾਂ ਨਵੇਂ ਨਿਯਮਾਂ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਕਰਮਚਾਰੀ (ਸੇਵਾ ਸ਼ਰਤਾਂ) ਨਿਯਮ, 2022 ਦਾ ਨਾਮ ਦਿੱਤਾ ਗਿਆ ਹੈ।

ਪੰਜਾਬ ਵਿੱਚ ਫੈਸਲੇ ਦਾ ਵਿਰੋਧ ਜਾਰੀ

ਪੰਜਾਬ ਦੀਆਂ ਸਿਆਸੀ ਪਾਰਟੀਆਂ ਵੱਲੋਂ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰ ਦੇ ਫ਼ੈਸਲੇ ਖ਼ਿਲਾਫ਼ ਸੰਘਰਸ਼ ਦਾ ਐਲਾਨ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਨਾਲ-ਨਾਲ ਸੰਸਦ ਵਿੱਚ ਵੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਰਾਹੀਂ ਵਿਰੋਧ ਦਰਜ ਕਰਵਾਇਆ ਗਿਆ ਹੈ। ਦੂਜੇ ਪਾਸੇ ਕਾਂਗਰਸ ਪਾਰਟੀ ਵੀ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਇੱਕਪਾਸੜ ਦੱਸ ਰਹੀ ਹੈ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਬਾਰੇ ਯੂਪੀ ਸਰਕਾਰ ਤੋਂ ਜਵਾਬ ਤਲਬ
Next articleਜੰਮੂ ਕਸ਼ਮੀਰ: ਮੁਕਾਬਲੇ ਵਿੱਚ ਲਸ਼ਕਰ ਦੇ ਦੋ ਅਤਿਵਾਦੀ ਹਲਾਕ