ਚੰਡੀਗੜ੍ਹ (ਸਮਾਜ ਵੀਕਲੀ)- ਅੱਜ ਦੇ ਦਿਨ ਬੀਤੇ ਸਾਲ ਗੁੰਡਾ ਗ੍ਰੋਹ ਵੱਲੋਂ ਤਿਕੋਨੀਆ (ਲਖੀਮਪੁਰ ਖੀਰੀ) ਵਿਖੇ ਗੱਡੀਆਂ ਥੱਲੇ ਕੁਚਲ ਕੇ ਸ਼ਹੀਦ ਕੀਤੇ ਗਏ 5 ਕਿਸਾਨਾਂ ਦੀ ਸਲਾਨਾ ਬਰਸੀ ਮੌਕੇ ਉਨ੍ਹਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦਿਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ 11 ਡੀ ਸੀ ਤੇ 18 ਐੱਸ ਡੀ ਐਮ ਦਫ਼ਤਰਾਂ ਅੱਗੇ ਮੋਦੀ ਸਰਕਾਰ ਵਿਰੁੱਧ ਧਰਨੇ ਮਾਰ ਕੇ ਰੋਹ ਭਰਪੂਰ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ। ਪ੍ਰਧਾਨ ਮੰਤਰੀ ਦੇ ਨਾਂ ਮੌਕੇ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪੇ ਗਏ।
ਇੱਥੇ ਜਾਰੀ ਕੀਤੇ ਗਏ ਸੂਬਾਈ ਪ੍ਰੈੱਸ ਨੋਟ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਹਰ ਥਾਂ ਔਰਤਾਂ ਸਮੇਤ ਸੈਂਕੜਿਆਂ ਦੀ ਤਾਦਾਦ ਵਿੱਚ ਕਿਸਾਨ ਮਜ਼ਦੂਰ ਨੌਜਵਾਨ ਇਨ੍ਹਾਂ ਮੁਜ਼ਾਹਰਿਆਂ ਵਿੱਚ ਸ਼ਾਮਲ ਹੋਏ। ਸੰਬੋਧਨਕਰਤਾ ਮੁੱਖ ਬੁਲਾਰਿਆਂ ਵਿੱਚ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ, ਰੂਪ ਸਿੰਘ ਛੰਨਾਂ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ ਬਰਨਾਲਾ, ਗੁਰਪ੍ਰੀਤ ਕੌਰ ਬਰਾਸ, ਜਸਵੀਰ ਕੌਰ ਉਗਰਾਹਾਂ, ਬਚਿੱਤਰ ਕੌਰ ਮੋਗਾ,ਸਰੋਜ ਰਾਣੀ ਮਾਨਸਾ ਅਤੇ ਜ਼ਿਲ੍ਹਾ/ਬਲਾਕ ਪੱਧਰੇ ਆਗੂ ਸ਼ਾਮਲ ਸਨ। ਬੁਲਾਰਿਆਂ ਨੇ ਅੱਜ ਦੇ ਤਿੱਖੇ ਰੋਸ ਪ੍ਰਦਰਸ਼ਨਾਂ ਦੀ ਵਜ੍ਹਾ ਦੱਸਦੇ ਹੋਏ ਕਿਹਾ ਕਿ ਪਿਛਲੇ ਸਾਲ ਅੱਜ ਦੇ ਦਿਨ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੋਨੀਆ ਕਸਬੇ ਵਿੱਚ ਸ਼ਾਂਤਮਈ ਅੰਦੋਲਨ ਕਰਕੇ ਵਾਪਸ ਪਰਤ ਰਹੇ ਕਿਸਾਨਾਂ ਨੂੰ ਥਾਰ ਜੀਪ ਥੱਲੇ ਕੁਚਲ ਕੇ 4 ਕਿਸਾਨਾਂ ਤੇ 1 ਪੱਤਰਕਾਰ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ ਅਤੇ 13 ਤੋਂ ਵੱਧ ਕਿਸਾਨ ਬੁਰੀ ਤਰ੍ਹਾਂ ਜ਼ਖ਼ਮੀ ਕੀਤੇ ਗਏ ਸਨ।
ਉਨ੍ਹਾਂ ਦੋਸ਼ ਲਾਇਆ ਕਿ ਇਸ ਹਮਲੇ ਪਿੱਛੇ ਬਾਹੂਬਲੀ ਅਜੈ ਮਿਸ਼ਰਾ ਟੈਣੀ ਕੇਂਦਰੀ ਰਾਜ ਮੰਤਰੀ ਵੱਲੋਂ ਆਪਣੇ ਬੇਟੇ ਅਸ਼ੀਸ਼ ਮਿਸ਼ਰਾ ਟੈਣੀ ਨਾਲ ਮਿਲ ਕੇ ਰਚੀ ਗਈ ਸਾਜ਼ਸ਼ ਸੀ। ਉਦੋਂ ਵੀ ਇਸ ਕੁਕਰਮ ਵਿਰੁੱਧ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਹੋਏ ਸਨ।
ਸ਼ਹੀਦ ਕਿਸਾਨਾਂ ਦੀਆਂ ਅੰਤਿਮ ਰਸਮਾਂ ਦੌਰਾਨ ਯੂ ਪੀ ਸਰਕਾਰ ਨੇ ਕਿਸਾਨ ਆਗੂਆਂ ਨਾਲ਼ ਕੁੱਝ ਮੰਗਾਂ ਬਾਰੇ ਸਮਝੌਤਾ ਕੀਤਾ ਸੀ। ਪਰ ਕੇਂਦਰ ਸਰਕਾਰ ਨੇ ਅਤੇ ਸੂਬਾ ਸਰਕਾਰ ਨੇ ਉਨ੍ਹਾਂ ਵਿੱਚੋਂ ਬਹੁਤੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ। 75ਵੇਂ ਆਜ਼ਾਦੀ ਦਿਵਸ ਮੌਕੇ ਲਖੀਮਪੁਰ ਖੀਰੀ ਵਿਖੇ ਕੀਤੀ ਗਈ ਕਿਸਾਨ ਮਹਾਂਪੰਚਾਇਤ ਵਿੱਚ ਵੀ ਇਹ ਮੰਗਾਂ ਜ਼ੋਰ ਨਾਲ ਦੁਹਰਾਈਆਂ ਗਈਆਂ, ਪਰ ਫ਼ਿਰ ਵੀ ਸਰਕਾਰ ਟੱਸ ਤੋਂ ਮੱਸ ਨਹੀਂ ਹੋਈ। ਇਸ ਕਿਸਾਨ ਵਿਰੋਧੀ ਵਤੀਰੇ ਤੋਂ ਦੁਖੀ ਦੇਸ਼ ਭਰ ਦੇ ਕਿਸਾਨਾਂ ਤੇ ਹੋਰ ਸਾਰੇ ਵਰਗਾਂ ਦੇ ਲੋਕਾਂ ਨੇ ਸ਼ਹੀਦਾਂ ਨੂੰ ਪਹਿਲੀ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕਰਦੇ ਹੋਏ ਅੱਜ ਕੇਂਦਰ ਸਰਕਾਰ ਦੇ ਪੁਤਲੇ ਫੂਕ ਕੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ।
ਬੁਲਾਰਿਆਂ ਵੱਲੋਂ ਇਨ੍ਹਾਂ ਸ਼ਹੀਦਾਂ ਲਈ ਇਨਸਾਫ ਖ਼ਾਤਰ ਜ਼ੋਰਦਾਰ ਮੰਗ ਕੀਤੀ ਗਈ ਕਿ ਲਖੀਮਪੁਰ ਖੀਰੀ ਕਤਲੇਆਮ ਦੇ ਮੁੱਖ ਸਾਜਿਸ਼ਕਰਤਾ ਅਜੈ ਮਿਸ਼ਰਾ ਟੈਣੀ ਨੂੰ ਕੇਂਦਰੀ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰਕੇ ਤੁਰੰਤ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜਿਆ ਜਾਵੇ। ਐਸ ਆਈ ਟੀ ਜਾਂਚ ਵਿੱਚ ਵੀ ਕਤਲ ਦੀ ਸਾਜ਼ਸ਼ ਵਾਲੀ ਧਾਰਾ 120 ਬੀ ਨੂੰ ਸਵੀਕਾਰ ਕੀਤਾ ਗਿਆ ਹੈ। ਮੰਤਰੀ ਸਮੇਤ ਕਤਲਕਾਂਡ ਦੇ ਸਾਰੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਜੇਲ੍ਹੀਂ ਡੱਕੇ ਬੇਗੁਨਾਹ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ ਅਤੇ ਉਨ੍ਹਾਂ ਵਿਰੁੱਧ ਝੂਠੇ ਕੇਸ ਵਾਪਸ ਲਏ ਜਾਣ। ਸ਼ਹੀਦ ਕਿਸਾਨਾਂ ਦੇ ਪਰਵਾਰਾਂ ਨੂੰ ਤਾਂ ਸੂਬਾ ਸਰਕਾਰ ਵੱਲੋਂ ਮੰਨਿਆ ਮੁਆਵਜ਼ਾ 45-45 ਲੱਖ ਰੁਪਏ ਬੇਸ਼ੱਕ ਦੇ ਦਿੱਤਾ ਗਿਆ ਹੈ ਪ੍ਰੰਤੂ ਨੌਕਰੀ ਨਹੀਂ ਦਿੱਤੀ ਗਈ। ਜ਼ਖ਼ਮੀ ਕਿਸਾਨਾਂ ਨੂੰ ਤਾਂ ਪ੍ਰਵਾਨਿਤ 10-10 ਲੱਖ ਰੁਪਏ ਦਾ ਮੁਆਵਜ਼ਾ ਵੀ ਅਜੇ ਤੱਕ ਨਹੀਂ ਦਿੱਤਾ ਗਿਆ। ਇਹ ਦੋਨੋਂ ਲਟਕਦੇ ਮਸਲੇ ਤੁਰੰਤ ਹੱਲ ਕੀਤੇ ਜਾਣ। ਕਤਲੇਆਮ ਦੇ ਮੌਕੇ ਦੇ ਗਵਾਹਾਂ ਉੱਤੇ ਜਾਨਲੇਵਾ ਹਮਲੇ ਕਰ ਕੇ ਧਮਕਾਉਣ ਦੇ ਸਾਰੇ ਦੋਸ਼ੀਆਂ ਖਿਲਾਫ ਮੁਕੱਦਮੇ ਦਰਜ ਕਰ ਕੇ ਜੇਲ੍ਹੀਂ ਡੱਕੇ ਜਾਣ ਅਤੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।
ਬੁਲਾਰਿਆਂ ਵੱਲੋਂ ਪੰਜਾਬ ਅੰਦਰ ਮਨਸੂਰਵਾਲ (ਜ਼ੀਰਾ) ਵਿਖੇ ਵਿਆਪਕ ਪ੍ਰਦੂਸ਼ਣ ਫੈਲਾ ਰਹੀ ਸ਼ਰਾਬ ਫੈਕਟਰੀ ਵਿਰੁੱਧ 70 ਦਿਨਾਂ ਤੋਂ ਪੱਕਾ ਮੋਰਚਾ ਲਾਈ ਬੈਠੇ ਸੈਂਕੜੇ ਲੋਕਾਂ ਦੀ ਇਸ ਰੋਗ-ਵਾਹਕ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੀ ਮੰਗ ਤੁਰੰਤ ਮੰਨੇ ਜਾਣ ਉੱਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਇਹ ਮੰਗਾਂ ਪੂਰੀਆਂ ਨਾ ਕਰਨ ਦੀ ਸੂਰਤ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੰਘਰਸ਼ ਹੋਰ ਵਿਸ਼ਾਲ ਅਤੇ ਤੇਜ਼ ਕੀਤਾ ਜਾਵੇਗਾ।
ਜਾਰੀ ਕਰਤਾ: ਸੁਖਦੇਵ ਸਿੰਘ ਕੋਕਰੀ ਕਲਾਂ
9417466038