ਪੰਜਾਬ ’ਚ ਕਾਇਮ ਹੋਵੇਗੀ ਗੈਂਗਸਟਰ ਵਿਰੋਧੀ ਟਾਸਕ ਫੋਰਸ

 

  • ਏਡੀਜੀਪੀ ਰੈਂਕ ਦਾ ਅਧਿਕਾਰੀ ਕਰੇਗਾ ਏਜੀਟੀਐੱਫ ਦੀ ਅਗਵਾਈ

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਗੈਂਗਸਟਰਾਂ ਦੇ ਨੈੱਟਵਰਕ ਦਾ ਸਫਾਇਆ ਕਰਕੇ ਨਾਗਰਿਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਪੁਲੀਸ ਮੁਖੀ ਵੀ.ਕੇ. ਭਾਵੜਾ ਨੂੰ ਏਡੀਜੀਪੀ ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਹਨ।

ਪੰਜਾਬ ਪੁਲੀਸ ਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੰਗਠਿਤ ਅਪਰਾਧ ਦੇ ਖਾਤਮੇ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਪੁਲੀਸ ਤੰਤਰ ਵਿੱਚ ਲੋਕਾਂ ਦਾ ਭਰੋਸਾ ਬਹਾਲ ਕਰਨ ਲਈ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਯਕੀਨੀ ਬਣਾਉਣਾ ਹੀ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਨਸ਼ਿਆਂ ਦੇ ਵਪਾਰ ਅਤੇ ਕਬੱਡੀ ਜਗਤ ਵਿੱਚ ਪਹਿਲਾਂ ਹੀ ਆਪਣੇ ਪੈਰ ਪਾਸਾਰ ਚੁੱਕੇ ਇਸ ਗੱਠਜੋੜ ਨੂੰ ਤੋੜਨ ਲਈ ਪੁਲੀਸ ਫੋਰਸ ਨੂੰ ਫੰਡਾਂ ਤੋਂ ਇਲਾਵਾ ਲੋੜੀਂਦਾ ਸਟਾਫ਼, ਨਵੀਨਤਮ ਸਾਜ਼ੋ-ਸਾਮਾਨ ਅਤੇ ਸੂਚਨਾ ਤਕਨਾਲੋਜੀ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਏ.ਜੀ.ਟੀ.ਐੱਫ. ਦੇਸ਼ ਵਿੱਚ ਅਜਿਹੀਆਂ ਵਿਸ਼ੇਸ਼ ਯੂਨਿਟਾਂ ਦੀ ਤਰਜ਼ ’ਤੇ ਖੁਫੀਆ ਜਾਣਕਾਰੀ ਹਾਸਲ ਕਰਨਾ, ਕਾਰਵਾਈਆਂ ਕਰਨ, ਐੱਫਆਈਆਰ ਦਰਜ ਕਰਨ ਅਤੇ ਜਾਂਚ ਤੇ ਮੁਕੱਦਮਾ ਚਲਾਉਣ ਦਾ ਕੰਮ ਕਰੇਗੀ। ਜ਼ਿਲ੍ਹਿਆਂ ਦੇ ਪੁਲੀਸ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨੂੰ ਸੰਗਠਿਤ ਅਪਰਾਧਾਂ ਵਿਰੁੱਧ ਆਪਸੀ ਤਾਲਮੇਲ ਨਾਲ ਯਤਨ ਕਰਨ ਦੇ ਨਿਰਦੇਸ਼ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਵਿੱਚ ਸੰਗਠਿਤ ਅਪਰਾਧਾਂ ਵਿਰੁੱਧ ਕਾਰਵਾਈ ਕਰਨ ਲਈ ਸੂਬਾ ਪੱਧਰੀ ਅਧਿਕਾਰ ਖੇਤਰ ਵਾਲੇ ਨਵੇਂ ਥਾਣਿਆਂ ਨੂੰ ਜਲਦ ਹੀ ਨੋਟੀਫਾਈ ਕੀਤਾ ਜਾਵੇਗਾ, ਤਾਂ ਜੋ ਆਮ ਲੋਕਾਂ ਦੇ ਮਨਾਂ ਵਿੱਚ ਗੈਂਗਸਟਰਾਂ ਵੱਲੋਂ ਫੈਲਾਈ ਦਹਿਸ਼ਤ ਨੂੰ ਦੂਰ ਕੀਤਾ ਜਾ ਸਕੇ।

ਮਾਨ ਨੇ ਕਿਹਾ ਕਿ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਗੈਂਗਸਟਰਾਂ ਦੀਆਂ ਸਰਗਰਮੀਆਂ ’ਤੇ ਸਖ਼ਤ ਨਜ਼ਰ ਰੱਖਣ ਲਈ ਜੇਲ੍ਹ ਵਿਭਾਗ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਗੲੇ ਹਨ ਅਤੇ ਇਸ ਸਬੰਧ ਵਿਚ ਕਿਸੇ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਪੰਜਾਬ ਪੁਲੀਸ ਦੇ ਮੁਖੀ ਨੂੰ ਕਿਹਾ ਕਿ ਡੀਜੀਪੀ ਹਾਈਵੇ ਪੈਟਰੋਲਿੰਗ ਪੁਲੀਸ ਦਾ ਵੱਖਰਾ ਵਿੰਗ ਬਣਾਉਣ ਲਈ ਵਿਆਪਕ ਤਜਵੀਜ਼ ਲੈ ਕੇ ਆਉਣ ਤਾਂ ਕਿ ਟਰੈਫਿਕ ਜਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕੰਟਰੋਲ ਕਰਨ ਦੇ ਨਾਲ-ਨਾਲ ਹਾਦਸਾ ਪੀੜਤਾਂ ਨੂੰ ਸਮੇਂ ਸਿਰ ਡਾਕਟਰੀ ਸਹਾਇਤਾ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਉੱਘੀ ਟੀਵੀ ਹਸਤੀ ਜਸਪਾਲ ਭੱਟੀ ਦੀ ਸੜਕ ਹਾਦਸੇ ਵਿੱਚ ਮੌਤ ਤੋਂ ਬਾਅਦ 136 ਬਲੈਕ ਸਪਾਟਸ (ਦੁਰਘਟਨਾਗ੍ਰਸਤ ਥਾਵਾਂ) ਦੀ ਪਛਾਣ ਕੀਤੀ ਗਈ ਸੀ, ਪਰ ਬਦਕਿਸਮਤੀ ਨਾਲ ਜ਼ਮੀਨੀ ਪੱਧਰ ’ਤੇ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਮੁੱਖ ਮੰਤਰੀ ਨੇ ਹਰੇਕ ਪੁਲੀਸ ਵਾਹਨ ਵਿੱਚ ਫਸਟ ਏਡ ਕਿੱਟ ਰੱਖਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੌਰਵ ਯਾਦਵ ਤੋਂ ਇਲਾਵਾ ਸਾਰੇ ਡੀਜੀਪੀ, ਵਿਸ਼ੇਸ਼ ਡੀਜੀਪੀ, ਏਡੀਜੀਪੀ, ਆਈਜੀ, ਡੀਆਈਜੀ, ਪੁਲੀਸ ਕਮਿਸ਼ਨਰ, ਏਆਈਜੀ ਅਤੇ ਐੱਸਐੱਸਪੀ ਸ਼ਾਮਲ ਸਨ।

ਸਮੇਂ ਦੇ ਪਾਬੰਦ ਰਹਿਣ ਦੀ ਹਦਾਇਤ

ਭਗਵੰਤ ਮਾਨ ਨੇ ਫੀਲਡ ਅਤੇ ਹੈੱਡਕੁਆਰਟਰ ਵਿੱਚ ਤਾਇਨਾਤ ਸਾਰੇ ਪੁਲੀਸ ਅਧਿਕਾਰੀਆਂ ਨੂੰ ਸਮੇਂ ਦੇ ਪਾਬੰਦ ਰਹਿਣ ਅਤੇ ਅਨੁਸ਼ਾਸਨ ਬਣਾਈ ਰੱਖਣ ਲਈ ਕਿਹਾ ਤਾਂ ਜੋ ਲੋਕਾਂ ਦਾ ਵਿਸ਼ਵਾਸ ਜਿੱਤਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਨਾਲ ਪੁਲੀਸ ਬਲ ਨੂੰ ਆਪਣਾ ਅਕਸ ਸੁਧਾਰਨ ਵਿੱਚ ਮਦਦ ਮਿਲੇਗੀ। ਡੀਜੀਪੀ ਭਾਵੜਾ ਨੇ ਕਿਹਾ ਕਿ ਸਮੁੱਚਾ ਪੁਲੀਸ ਬਲ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਪੂਰੀ ਲਗਨ, ਇਮਾਨਦਾਰੀ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਡਿਊਟੀ ਨਿਭਾਏਗਾ। ਵਿਸ਼ੇਸ਼ ਡੀ.ਜੀ.ਪੀ. ਇੰਟੈਲੀਜੈਂਸ ਪ੍ਰਬੋਧ ਕੁਮਾਰ ਨੇ ਸਾਈਬਰ ਅਪਰਾਧਾਂ ਕਾਰਨ ਕਾਨੂੰਨ ਵਿਵਸਥਾ ਸਬੰਧੀ ਭਵਿੱਖ ਦੀਆਂ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਪੁਲੀਸ ਵਿਭਾਗ ਦੀਆਂ ਵੱਖ-ਵੱਖ ਮੰਗਾਂ ਰੱਖੀਆਂ ਗਈਆਂ।

ਕੀ ਹੈ ‘ਓਕੂ’!

ਪੰਜਾਬ ਪੁਲੀਸ ਦੇ ਅਧਿਕਾਰੀਆਂ ਮੁਤਾਬਕ ਪੰਜਾਬ ਵਿੱਚ ਸਾਲ 2015 ਦੌਰਾਨ ਗੈਂਗਸਟਰਾਂ ਨਾਲ ਸਿੱਝਣ ਲਈ ਤਤਕਾਲੀ ਸਰਕਾਰ ਵੱਲੋਂ ਐੱਸਟੀਐੱਫ ਦਾ ਗਠਨ ਕੀਤਾ ਗਿਆ ਸੀ, ਜਿਸ ਦੇ ਮੁਖੀ ਆਰ.ਐੱਨ. ਢੋਕੇ ਸਨ। ਮਗਰੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਜਦੋਂ ਚਾਰ ਹਫਤਿਆਂ ਵਿੱਚ ਨਸ਼ਿਆਂ ਦਾ ਲੱਕ ਤੋੜਨ ਲਈ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਐਸਟੀਐਫ ਦਾ ਗਠਨ ਕੀਤਾ ਗਿਆ ਤਾਂ ਗੈਂਗਸਟਰਾਂ ਨੂੰ ਨੱਥ ਪਾਉਣ ਵਾਲੀ ਐਸਟੀਐਫ ਦਾ ਨਾਂ ਬਦਲ ਕੇ ਆਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ (ਓਕੂ) ਰੱਖ ਦਿੱਤਾ ਗਿਆ। ਓਕੂ ਅਧੀਨ ਇਸ ਸਮੇਂ 300 ਤੋਂ ਵੱਧ ਪੁਲੀਸ ਅਫ਼ਸਰ ਤੇ ਮੁਲਾਜ਼ਮ ਕੰਮ ਕਰ ਰਹੇ ਹਨ। ਇਹ ਯੂਨਿਟ ਮੁੱਖ ਤੌਰ ’ਤੇ ਇੰਟੈਲੀਜੈਂਸ ਵਿੰਗ ਦੇ ਅਧੀਨ ਹੈ। ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਤੋਂ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਵੀ ਆਈਜੀ ਦੇ ਅਹੁਦੇ ’ਤੇ ਇਸ ਯੂਨਿਟ ’ਚ ਕੰਮ ਕਰ ਚੁੱਕੇ ਹਨ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleUkraine’s National Guard retakes control of Chernobyl nuclear power plant
Next articleਸਰਕਾਰੀ ਸਮਾਰਟ ਸਕੂਲ ਸ਼ਾਹਜਹਾਨਪੁਰ ਵਿਖੇ ਸਾਲਾਨਾ ਨਤੀਜੇ ਮੌਕੇ ਸਮਾਗਮ ਆਯੋਜਿਤ