ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਸਰਕਾਰ ਨੇ ਅੱਜ ਕਿਤਾਬਾਂ ਅਤੇ ਸਕੂਲਾਂ ਦੀ ਵਰਦੀ ਨੂੰ ਲੈ ਕੇ ਮਾਪਿਆਂ ਦੀ ਹੁੰਦੀ ਲੁੱਟ ਨੂੰ ਰੋਕਣ ਲਈ ਪ੍ਰਾਈਵੇਟ ਸਕੂਲਾਂ ਨੂੰ ਅਲਟੀਮੇਟਮ ਦੇ ਦਿੱਤਾ ਹੈ। ਸਿੱਖਿਆ ਵਿਭਾਗ ਨੇ ਅੱਜ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਜੇ ਕਿਸੇ ਪ੍ਰਾਈਵੇਟ ਸਕੂਲ ਨੇ ਮਾਪਿਆਂ ਨੂੰ ਕਿਸੇ ਖ਼ਾਸ ਦੁਕਾਨ ਤੋਂ ਕਿਤਾਬਾਂ ਅਤੇ ਵਰਦੀ ਖ਼ਰੀਦਣ ਲਈ ਮਜਬੂਰ ਕੀਤਾ ਤਾਂ ਉਨ੍ਹਾਂ ਦੀ ਖ਼ੈਰ ਨਹੀਂ।
ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ ਮੀਟਿੰਗ ਵਿੱਚ ਇਸ ਬਾਰੇ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਹਰੇਕ ਪ੍ਰਾਈਵੇਟ ਸਕੂਲ ਲਈ ਹੁਣ ਇਹ ਲਾਜ਼ਮੀ ਹੋਵੇਗਾ ਕਿ ਉਹ ਸ਼ਹਿਰਾਂ ਵਿੱਚ ਘੱਟੋ-ਘੱਟ 20 ਅਤੇ ਕਸਬਿਆਂ ਵਿੱਚ ਘੱਟੋ-ਘੱਟ ਤਿੰਨ ਕਿਤਾਬਾਂ/ਵਰਦੀ ਵਾਲੀਆਂ ਦੁਕਾਨਾਂ ਦੀ ਸੂਚੀ ਤੁਰੰਤ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਹਵਾਲੇ ਕਰੇਗਾ। ਸਿੱਖਿਆ ਮੰਤਰੀ ਨੇ ਕਿਹਾ ਕਿ ਕੁਝ ਪ੍ਰਾਈਵੇਟ ਸਕੂਲ ਹਦਾਇਤਾਂ ਦੀ ਪਾਲਣਾ ਨਹੀਂ ਕਰ ਰਹੇ ਹਨ, ਜਿਨ੍ਹਾਂ ਨੂੰ ਹੁਕਮਾਂ ਦੀ ਪਾਲਣਾ ਦਾ ਆਖ਼ਰੀ ਮੌਕਾ ਦਿੱਤਾ ਜਾ ਰਿਹਾ ਹੈ। ਜੇਕਰ ਫਿਰ ਵੀ ਸ਼ਿਕਾਇਤ ਮਿਲੀ ਤਾਂ ਅਜਿਹੇ ਸਕੂਲਾਂ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇਗਾ।
ਸ੍ਰੀ ਮੀਤ ਹੇਅਰ ਨੇ ਕਿਹਾ ਕਿ ‘ਆਪ’ ਸਰਕਾਰ ਯਕੀਨੀ ਬਣਾਏਗੀ ਕਿ ਮਾਪੇ ਆਪਣੀ ਮਰਜ਼ੀ ਤੇ ਸੁਵਿਧਾ ਮੁਤਾਬਕ ਕਿਸੇ ਵੀ ਨਿਰਧਾਰਤ ਦੁਕਾਨ ਤੋਂ ਕਿਤਾਬਾਂ ਤੇ ਵਰਦੀ ਖ਼ਰੀਦ ਸਕਣ। ਜਿਹੜਾ ਸਕੂਲ ਕਿਸੇ ਖ਼ਾਸ ਦੁਕਾਨ ਤੋਂ ਕਿਤਾਬਾਂ ਤੇ ਵਰਦੀ ਖ਼ਰੀਦਣ ਲਈ ਦਬਾਅ ਪਾਏਗਾ, ਉਸ ਖ਼ਿਲਾਫ਼ ਫ਼ੌਰੀ ਕਾਰਵਾਈ ਕੀਤੀ ਜਾਵੇਗੀ। ਸਿੱਖਿਆ ਮੰਤਰੀ ਨੇ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸਰਕਾਰੀ ਹੁਕਮਾਂ ਨੂੰ ਅਮਲੀ ਰੂਪ ਦੇਣ ਲਈ ਨਿਰੀਖਣ ਟੀਮਾਂ ਦਾ ਗਠਨ ਕੀਤਾ ਜਾਵੇ। ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਦੀਆਂ ਟੀਮਾਂ ਵੱਲੋਂ ਕਿਸੇ ਵੀ ਦੁਕਾਨ ਦਾ ਨਿਰੀਖਣ ਕੀਤਾ ਜਾ ਸਕਦਾ ਹੈ। ਇਹੋ ਟੀਮਾਂ ਦੁਕਾਨਾਂ ਦੀ ਸੂਚੀ ਨੂੰ ਵੀ ਤਸਦੀਕ ਕਰਨਗੀਆਂ। ਕੋਈ ਵੀ ਕੁਤਾਹੀ ਪਾਈ ਗਈ ਤਾਂ ਬਖ਼ਸ਼ਿਆ ਨਹੀਂ ਜਾਵੇਗਾ।
ਇਸੇ ਦੌਰਾਨ ਸਿੱਖਿਆ ਮੰਤਰੀ ਮੀਤ ਹੇਅਰ ਨੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ’ਚ ਗਠਿਤ ਜ਼ਿਲ੍ਹਾ ਰੈਗੂਲੇਟਰੀ ਸੰਸਥਾਵਾਂ ਨੂੰ ਵੀ ਪ੍ਰਾਈਵੇਟ ਸਕੂਲਾਂ ਵਿਰੁੱਧ ਸ਼ਿਕਾਇਤਾਂ ’ਤੇ ਫ਼ੌਰੀ ਕਾਰਵਾਈ ਕਰਨ ਦੇ ਹੁਕਮ ਦਿੱਤੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly