ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਕਿਸਾਨ ਅਵਤਾਰ ਸਿੰਘ ਦੂਲੋਵਾਲ ਨੇ ਬਜ਼ਟ ਦੀ ਨਿੰਦਾ ਕਰਦਿਆਂ ਕਿਹਾ ਕਿ ਖੇਤੀਬਾੜੀ ਨਾਲ ਸਬੰਧਿਤ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਕੇਂਦਰੀ ਬਜਟ ਵਿੱਚ ਕੁੱਝ ਖਾਸ ਨਹੀਂ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਇੱਕ ਪਾਸੇ ਮੋਦੀ ਸਰਕਾਰ ਦੇਸ਼ ਦੇ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦੇ ਵੱਡੇ ਦਾਅਵੇ ਕਰ ਰਹੀ ਸੀ । ਪਰ ਹਕੀਕਤ ਇਹ ਹੈ ਕਿ 15 ਫ਼ੀਸਦੀ ਦੇਸ਼ ਦੇ ਕਿਸਾਨ ਖੇਤੀਬਾੜੀ ਧੰਦੇ ਤੋਂ ਮੂੰਹ ਮੋੜ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਜੇ ਕਿਸਾਨਾਂ ਨੂੰ ਖੁਸ਼ਹਾਲ ਕਰਨਾ ਹੈ ਤਾਂ ਸਹਾਇਕ ਧੰਦਿਆਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕੀਤਾ ਜਾਵੇ, ਅਤੇ ਇਸ ਲਈ ਵੱਧ ਤੋਂ ਵੱਧ ਸਬਸਿਡੀ ਦਿੱਤੀ ਜਾਵੇ।
ਇਸ ਦੇ ਇਲਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਕਿਸਾਨ ਵਿੰਗ ਦੇ ਪ੍ਰਧਾਨ ਕਰਮਜੀਤ ਸਿੰਘ ਕੌੜਾ ਨੇ ਦੱਸਿਆ ਕਿ ਇਸ ਬਜਟ ਵਿੱਚ ਵਿੱਚ ਜੋ ਖੇਤੀਬਾੜੀ ਸੈਕਟਰ ਵਿੱਚ ਸਟਾਰਟਅਪ ਫੰਡ ਕਾਇਮ ਕਰਨ ਦੀ ਗੱਲ ਕਹੀ ਗਈ ਹੈ,ਉਸਦਾ ਫਾਇਦਾ ਸਿਰਫ਼ ਧਨਾਢ ਅਤੇ ਕਾਰਪੋਰੇਟ ਘਰਾਣਿਆਂ ਨੂੰ ਹੀ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਿਛਲੇ 10 ਸਾਲਾਂ ਦੌਰਾਨ ਖੇਤੀਬਾੜੀ ਸੈਕਟਰ ਨੂੰ ਮਜ਼ਬੂਤ ਅਤੇ ਖੁਸ਼ਹਾਲ ਕਰਨ ਦੇ ਵੱਡੇ ਦਾਅਵੇ ਕੀਤੇ ਸਨ। ਪਰ ਕਿਸਾਨ ਇਸ ਸਮੇਂ ਦੌਰਾਨ ਮੰਦਹਾਲੀ ਦਾ ਸ਼ਿਕਾਰ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਇਸ ਬਜ਼ਟ ਵਿੱਚ ਖੇਤੀਬਾੜੀ ਮਸੀਨਰੀ ਅਤੇ ਇਸ ਨਾਲ ਸਬੰਧਿਤ ਦਵਾਈਆਂ ਨੂੰ ਟੈਕਸ ਮੁਕਤ ਕਰਨਾ ਚਾਹੀਦਾ ਸੀ।
ਕੇਂਦਰੀ ਬਜਟ ਨੂੰ ਦੇਸ਼ ਦੇ ਕਿਸਾਨਾਂ ਲਈ ਲਾਲੀਪਾਪ ਕ਼ਰਾਰ ਦਿੰਦਿਆਂ ਪ੍ਰਸਿੱਧ ਸ਼ਬਜੀ ਉਤਪਾਦਕ ਰਣਜੀਤ ਸਿੰਘ ਥਿੰਦ ਨੇ ਕਿਹਾ ਕਿ ਇਸ ਬਜਟ ਵਿੱਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਪੈਸੇ ਦਾ ਪ੍ਰਬੰਧ ਕੀਤਾ ਗਿਆ ਹੈ। ਪਰ ਪੰਜਾਬ ਦੇ ਕਿਸਾਨਾਂ ਨੂੰ ਇਸ ਦਾ ਕੋਈ ਬਹੁਤਾ ਫਾਇਦਾ ਨਹੀਂ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਦੂਜੇ ਸੂਬਿਆਂ ਵਿੱਚ ਬਾਗਬਾਨੀ ਉੱਪਰ 85 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ ਜਦ ਕਿ ਪੰਜਾਬ ਵਿੱਚ ਸਿਰਫ਼ 40 ਫੀਸਦੀ ਹੀ ਹੈ। ਉਨ੍ਹਾਂ ਨੇ ਕਿਹਾ ਕਿ ਬਜ਼ਟ ਵਿੱਚ ਖੇਤੀ ਕਾਨੂੰਨਾਂ ਅਤੇ ਐਮ.ਐਸ.ਪੀ ਬਾਰੇ ਕੋਈ ਜ਼ਿਕਰ ਨਹੀਂ ਕੀਤਾ ਗਿਆ। ਜਿਸ ਕਰਕੇ ਦੇਸ਼ ਦੇ ਕਿਸਾਨ ਨਿਰਾਸ਼ ਹਨ।