ਨਵੀਂ ਦਿੱਲੀ (ਸਮਾਜ ਵੀਕਲੀ):ਸੁਪਰੀਮ ਕੋਰਟ ਨੇ ਹਿੰਡਨਬਰਗ ਰਿਸਰਚ ਰਿਪੋਰਟ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਕਮੇਟੀ ਬਣਾਉਣ ਲਈ ਕੇਂਦਰ ਨੂੰ ਨਿਰਦੇਸ਼ ਦੇਣ ਦੀ ਮੰਗ ਵਾਲੀ ਅਰਜ਼ੀ ’ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰਨ ਦੀ ਸਹਿਮਤੀ ਦੇ ਦਿੱਤੀ ਹੈ। ਹਿੰਡਨਬਰਗ ਦੀ ਰਿਪੋਰਟ ’ਚ ਕਾਰੋਬਾਰੀ ਗੌਤਮ ਅਡਾਨੀ ਦੀਆਂ ਕੰਪਨੀਆਂ ਖ਼ਿਲਾਫ਼ ਧੋਖਾਧੜੀ ਦੇ ਦੋਸ਼ ਲਾਏ ਗਏ ਹਨ। ਅਰਜ਼ੀਕਾਰ ਵਕੀਲ ਵਿਸ਼ਾਲ ਤਿਵਾੜੀ ਨੇ ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਹੇਠਲੇ ਬੈਂਚ ਅੱਗੇ ਇਸ ਮਾਮਲੇ ਨੂੰ ਫੌਰੀ ਸੂਚੀਬੱਧ ਕਰਨ ਦੀ ਮੰਗ ਕੀਤੀ।
ਤਿਵਾੜੀ ਨੇ ਬੈਂਚ ਨੂੰ ਦੱਸਿਆ ਕਿ ਇਸੇ ਮਾਮਲੇ ’ਚ ਇਕ ਵੱਖਰੀ ਅਰਜ਼ੀ ’ਤੇ ਵੀ 10 ਫਰਵਰੀ ਨੂੰ ਸੁਣਵਾਈ ਹੋਣੀ ਤੈਅ ਹੈ। ਵਕੀਲ ਨੇ ਕਿਹਾ ਕਿ ਇਸੇ ਅਰਜ਼ੀ ਦੇ ਨਾਲ ਹੀ ਉਸ ਦੀ ਅਰਜ਼ੀ ਨੂੰ ਵੀ ਸੁਣਿਆ ਜਾਵੇ। ਇਸ ’ਤੇ ਚੀਫ਼ ਜਸਟਿਸ ਨੇ ਦੋਵੇਂ ਅਰਜ਼ੀਆਂ ਨੂੰ ਜੋੜਨ ਦੇ ਨਿਰਦੇਸ਼ ਦਿੱਤੇ। ਜਨਹਿੱਤ ਪਟੀਸ਼ਨ ’ਚ ਤਿਵਾੜੀ ਨੇ ਦੋਸ਼ ਲਾਇਆ ਹੈ ਕਿ ਹਿੰਡਨਬਰਗ ਦੀ ਰਿਪੋਰਟ ਮਗਰੋਂ ਦੇਸ਼ ਦੇ ਅਕਸ ਨੂੰ ਢਾਹ ਲੱਗੀ ਹੈ। ਉਸ ਨੇ ਵੱਡੇ ਕਾਰਪੋਰੇਟਾਂ ਨੂੰ 500 ਕਰੋੜ ਰੁਪਏ ਤੋਂ ਜ਼ਿਆਦਾ ਦੇ ਕਰਜ਼ੇ ਦੇਣ ਦੀ ਨੀਤੀ ਦੀ ਘੋਖ ਲਈ ਵੀ ਵਿਸ਼ੇਸ਼ ਕਮੇਟੀ ਬਣਾਉਣ ਦੀ ਮੰਗ ਕੀਤੀ ਹੈ। ਪਿਛਲੇ ਹਫ਼ਤੇ ਵਕੀਲ ਐੱਮ ਐੱਲ ਸ਼ਰਮਾ ਨੇ ਅਿੰਡਨਬਰਗ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਕੇਸ ਚਲਾਉਣ ਦੀ ਮੰਗ ਕੀਤੀ ਸੀ।